ਭਾਰਤ ਦੇ ਉਪ ਰਾਸ਼ਟਰਪਤੀ ਜਨਾਬ ਐਮ ਹਾਮਿਦ ਅਨਸਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ – ਭਾਰਤ ਦੇ ਉਪ-ਰਾਸ਼ਟਰਪਤੀ ਜਨਾਬ ਐਮ ਹਾਮਿਦ ਅਨਸਾਰੀ ਆਪਣੀ ਧਰਮ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਉਪ-ਰਾਸ਼ਟਰਪਤੀ ਜਨਾਬ ਹਾਮਿਦ ਅਨਸਾਰੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕੀਤੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਅਧਿਕਾਰੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਧਰਮ ਸਬੰਧੀ ਦਿੱਤੀ ਜਾਣਕਾਰੀ ’ਚ ਉਨ੍ਹਾਂ ਵਿਸ਼ੇਸ਼ ਦਿਲਚਸਪੀ ਦਿਖਾਈ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਰਾਜ ਸਭਾ ਦੇ ਮੈਂਬਰ ਸ. ਤਰਲੋਚਨ ਸਿੰਘ ਤੇ ਸ. ਰਾਜਮਹਿੰਦਰ ਸਿੰਘ ਮਜੀਠਾ, ਮੈਂਬਰ ਪਾਰਲੀਮੈਂਟ ਡਾ: ਰਤਨ ਸਿੰਘ ਅਜਨਾਲਾ ਅਤੇ ਸ. ਨਵਜੋਤ ਸਿੰਘ (ਸਿੱਧੂ) ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਨਾਬ ਐਮ ਹਾਮਿਦ ਅਨਸਾਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਬਖਸ਼ਿਸ਼ ਕੀਤਾ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਉਪ-ਰਾਸ਼ਟਰਪਤੀ ਜਨਾਬ ਐਮ ਹਾਮਿਦ ਅਨਸਾਰੀ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਲਮਾ ਅਨਸਾਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਅਤੇ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ, ‘ਸਿੱਖ ਰੈਫਰੈਂਸ ਲਾਇਬ੍ਰੇਰੀ ’ਚੋਂ ਸਿੱਖ ਧਰਮ ਨਾਲ ਸਬੰਧਤ ਹੱਥ ਲਿਖਤ ਧਾਰਮਿਕ ਗ੍ਰੰਥਾਂ ਦੇ ਖਰੜੇ ਤੇ ਹੋਰ ਦੁਰਲੱਭ ਪੁਸਤਕਾਂ ਜੋ ਜੂਨ 1984 ਦੇ ਘੱਲੂਘਾਰੇ ਦੌਰਾਨ ਭਾਰਤੀ ਫੌਜ ਚੁੱਕ ਕੇ ਲੈ ਗਈ ਸੀ ਵਾਪਸ ਕਰਨ, ਫਰਾਂਸ ਵਿਚ ਸਿੱਖ ਬੱਚਿਆਂ ਨੂੰ ਸਕੂਲ ’ਚ ਦਸਤਾਰ ਸਜਾਉਣ ’ਤੇ ਲਗਾਈ ਪਾਬੰਦੀ ਹਟਾਉਣ ਲਈ ਯੋਗ ਕਾਰਵਾਈ ਕਰਨ, ਵੱਖ-ਵੱਖ ਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਪ੍ਰਤੀਨਿਧਾਂ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ 10 ਮੈਂਬਰ ਨਾਮਜ਼ਦ ਕੀਤੇ ਜਾਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਔਹੁਦੇਦਾਰਾਂ ਦੀ ਮਿਆਦ ਢਾਈ ਸਾਲ ਕੀਤੇ ਜਾਣ’ ਸਬੰਧੀ ਇਕ ਮੰਗ ਪੱਤਰ ਵੀ ਪੇਸ਼ ਕੀਤਾ।

ਉਪ-ਰਾਸ਼ਟਰਪਤੀ ਜਨਾਬ ਐਮ ਹਾਮਿਦ ਅਨਸਾਰੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਿਜ਼ਟਰ ਬੁੱਕ ’ਚ ਇਹ ਸ਼ਬਦ, ‘It is my good fortune to have this opportunity to visit this holiest of holy shrines of great religion’  ਦਰਜ਼ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਕੱਦਸ ਅਸਥਾਨ ਦੇ ਦਰਸ਼ਨ ਕਰਕੇ ਮੇਰੇ ਮਨ ਨੂੰ ਸੰਤੁਸ਼ਟੀ ਮਿਲੀ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਰਾਜ ਸਭਾ ਦੇ ਮੈਂਬਰ ਸ. ਤਰਲੋਚਨ ਸਿੰਘ ਤੇ ਸ. ਰਾਜਮਹਿੰਦਰ ਸਿੰਘ ਮਜੀਠਾ, ਮੈਂਬਰ ਪਾਰਲੀਮੈਂਟ ਸ. ਨਵਜੋਤ ਸਿੰਘ (ਸਿੱਧੂ) ਅਤੇ ਡਾ: ਰਤਨ ਸਿੰਘ ਅਜਨਾਲਾ, ਸ. ਅਮਰਪਾਲ ਸਿੰਘ ਬੋਨੀ, ਡਾ: ਦਲਬੀਰ ਸਿੰਘ ਵੇਰਕਾ, ਸ. ਮਲਕੀਤ ਸਿੰਘ ਏ.ਆਰ. ਤੇ ਸ. ਇੰਦਰਬੀਰ ਸਿੰਘ ਬੁਲਾਰੀਆ (ਚਾਰੇ ਵਿਧਾਇਕ), ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਕਸ਼ਮੀਰ ਸਿੰਘ ਬਰਿਆਰ ਤੇ ਬੀਬੀ ਕਿਰਨਜੋਤ ਕੌਰ, ਸਕੱਤਰ ਸ. ਦਲਮੇਘ ਸਿੰਘ ਖਟੜਾ ਤੇ ਸ. ਜੋਗਿੰਦਰ ਸਿੰਘ ਅਦਲੀਵਾਲ, ਐਡੀ: ਸਕੱਤਰ ਸ. ਸਤਬੀਰ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ, ਮੈਨੇਜਰ (ਸਰਾਵਾਂ) ਸ. ਕੁਲਦੀਪ ਸਿੰਘ ਬਾਵਾ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਤੇ ਸ. ਦਲਬੀਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ. ਰਨਵੀਰ ਸਿੰਘ ਆਹਲੂਵਾਲੀਆ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸ. ਗੁਰਿੰਦਰਪਾਲ ਸਿੰਘ ਰਣੀਕੇ, ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੇਅਰ ਸ੍ਰੀ ਸ਼ਵੇਤ ਮਲਿਕ, ਸ. ਪ੍ਰਦੀਪ ਸਿੰਘ (ਵਾਲੀਆ) ਆਦਿ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>