ਸ੍ਰੀ ਗੁਰੂ ਰਾਮਦਾਸ ਜੀ ਦੇ 478ਵੇਂ ਪ੍ਰਕਾਸ਼-ਪੁਰਬ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ:-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 478ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਟਾਫ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਸ਼ਬਦੀ ਜਥੇ, ਗਤਕਾ ਪਾਰਟੀਆਂ ਤੇ ਗੁਰੂ-ਜਸ ਗਾਇਨ ਕਰਦੀਆਂ ਪੈਦਲ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਤੇ ਹਵਾਈ ਜ਼ਹਾਜ ਰਾਹੀਂ ਫੁੱਲ-ਪੱਤੀਆਂ ਦੀ ਵਰਖਾ ਕੀਤੀ ਗਈ।

ਸੁੰਦਰ ਫੁੱਲਾਂ ਨਾਲ ਸਜੀ ਹੋਈ ਸੁਨਹਿਰੀ ਪਾਲਕੀ ‘ਚ ਸ਼ਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼-ਪੁਰਬ ਮਨਾ ਰਹੇ ਸਮੁੱਚੇ ਸਿੱਖ ਜਗਤ ਨੂੰ ਮੁਬਾਰਕਬਾਦ ਦੇਂਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ‘ਚ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਨਤਮਸਤਕ ਹੋਣ ਤੇ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਦੇ ਲੜ ਲੱਗਣ ਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਨਗਰ ਕੀਰਤਨ ਦੁਪਹਿਰ 12:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਜੋ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਜ਼ਾਰ, ਕਟੜਾ ਆਹਲੂਵਾਲੀਆ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਚੌਂਕ ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੌੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੇ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਅਕਤੂਬਰ ਨੂੰ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ, ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਅਤੇ ਭਾਈ ਵੀਰ ਸਿੰਘ ਹਾਲ ਲਾਰੰਸ ਰੋਡ ਤੋਂ ਸਵੇਰੇ 6 ਵਜੇ ਪ੍ਰਭਾਤ ਫੇਰੀਆਂ ਆਰੰਭ ਹੋਣਗੀਆਂ ਜੋ ਵੱਖ-ਵੱਖ ਬਜ਼ਾਰਾਂ ‘ਚੋਂ ਹੁੰਦੀਆਂ ਹੋਈਆਂ 9 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਪੁੱਜਣਗੀਆਂ। ਇਸੇ ਦਿਨ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ-ਸੰਚਾਰ ਹੋਵੇਗਾ, ਅੰਮ੍ਰਿਤ-ਅਭਿਲਾਖੀ ਤਿਆਰ ਬਰ ਤਿਆਰ ਹੋ ਕੇ ਸਮੇਂ ਸਿਰ ਪੁੱਜਣ ਦੀ ਖੇਚਲ ਕਰਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾਘਰ ਵਿਖੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਸਿੱਖ ਧਰਮ, ਗੁਰਮਤਿ ਤੇ ਇਤਿਹਾਸ ਨਾਲ ਸਬੰਧਤ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 9.00 ਵਜੇ ਤੋਂ 12.00 ਵਜੇ ਤੀਕ ਸੁੰਦਰ ਜਲੌਅ ਸਜਾਏ ਜਾਣਗੇ। ਇਸੇ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਦੀਵਾਨ ਸਜਣਗੇ ਜਿਥੇ ਨਾਮਵਰ ਰਾਗੀ, ਢਾਡੀ, ਕਵੀਸ਼ਰ, ਕੀਰਤਨੀ ਜਥੇ ਤੇ ਵਿਦਵਾਨ ਬੀਰ-ਰਸੀ ਵਾਰਾਂ, ਇਲਾਹੀ ਬਾਣੀ ਦੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਰਾਤ 8 ਵਜੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਪੰਥਕ ਕਵੀ ਰਚਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਹੋਵੇਗੀ ਅਤੇ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਉਨ੍ਹਾਂ ਸਮੂੰਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਓ! ਸਜੇ ਹੋਏ ਦੀਵਾਨਾਂ ‘ਚ ਹਾਜ਼ਰੀਆਂ ਭਰਕੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣੀਏ। ਇਸੇ ਦਿਨ ਸਵੇਰੇ ਅੰਮ੍ਰਿਤ ਵੇਲੇ ਤੋਂ ਲੈ ਕੇ ਸਮਾਪਤੀ ਤੀਕ ਸ੍ਰੀ ਹਰਿਮੰਦਰ ਸਾਹਿਬ ਤੋਂ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>