ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਨਾਏ ਗਏ 478 ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ‘ਚ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।

ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 9 ਤੋਂ 12 ਵਜੇ ਤੀਕ ਸੁੰਦਰ ਜਲੌ ਸਜਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕੀਤਾ ਗਿਆ ਜਿਥੇ ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੇ। ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ, ਗੁਰਦੁਆਰਾ ਪਿੱਪਲੀ ਸਾਹਿਬ ਪੁਤਲੀਘਰ ਅਤੇ ਭਾਈ ਵੀਰ ਸਿੰਘ ਹਾਲ ਲਾਰੰਸ ਰੋਡ ਤੋਂ ਵੱਡੀ ਗਿਣਤੀ ਵਿੱਚ ਸ਼ਬਦੀ ਜਥਿਆਂ ਦੇ ਰੂਪ ‘ਚ ਸੰਗਤਾਂ ਮੁੱਖ ਪ੍ਰਵੇਸ਼ ਦੁਆਰ ਘੰਟਾ ਘਰ ਪੁੱਜੀਆਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਪ੍ਰਮੁੱਖ ਸਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ। ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਵੀ ਚਲਾਈ ਗਈ। ਪੀ.ਟੀ.ਸੀ. ਚੈਨਲ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਹੀ ਬਾਣੀ ਦਾ ਕੀਰਤਨ ਅੰਮ੍ਰਿਤ ਵੇਲੇ ਤੋਂ ਲੈ ਕੇ ਸਮਾਪਤੀ ਤੀਕ ਸਿੱਧਾ ਪ੍ਰਸਾਰਨ ਕੀਤਾ ਗਿਆ। ਇਸ ਪਾਵਨ ਦਿਹਾੜੇ ਸਮਰਪਿਤ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਥਾਂ-ਥਾਂ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂੰਹ ‘ਚ ਸੰਗਤਾਂ ਦੀ ਸੇਹਤ ਸਹੂਲਤ ਲਈ ਮੈਡੀਕਲ ਕੈਂਪ ਵੀ ਲਗਾਏ ਗਏ।

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਥੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਪੰਦਰਵਾੜੇ ਦੌਰਾਨ ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਆਯੋਜਿਤ ਕਵਿਤਾ, ਭਾਸ਼ਨ ਤੇ ਕੀਰਤਨ ਗਾਇਨ ਕਰਨ ਦੇ ਮੁਕਾਬਲਿਆਂ ‘ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਸ.ਮਨਜੀਤ ਸਿੰਘ ਨਿੱਜੀ ਸਕੱਤਰ (ਪ੍ਰਧਾਨ ਸਾਹਿਬ ਜੀ) ਨੇ ਯਾਦਗਾਰੀ ਚਿੰਨ੍ਹ, ਪ੍ਰਮਾਣ ਪੱਤਰ ਤੇ ਸਿਰੋਪਾਓ ਨਾਲ ਸਨਮਾਨਤ ਕੀਤਾ। ਇਸ ਮੌਕੇ ਸ.ਬਲਵਿੰਦਰ ਸਿੰਘ ਜੌੜਾ ਮੀਤ ਸਕੱਤਰ, ਐਡੀ:ਮੈਨੇਜਰ ਸ.ਜਸਪਾਲ ਸਿੰਘ, ਸ. ਸੁਖਰਾਜ ਸਿੰਘ ਮੀਤ ਮੈਨੇਜਰ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>