ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕੀਤਾ ਉਦਘਾਟਨ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਰ ਸਾਲ ਮਾਰਚ ਮਹੀਨੇ ਵਿੱਚ ਲਗਾਇਆ ਜਾਂਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਧੂਮ ਧੜੱਕੇ ਨਾਲ ਆਰੰਭ ਹੋਇਆ। ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਅਤੇ ਐਨ ਆਰ ਆਈ ਅਫੇਅਰਜ਼ ਪੰਜਾਬ ਜਥੇਦਾਰ ਤੋਤਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਪੰਜਾਬ ਰਾਜ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਡਾ: ਗੁਰਚਰਨ ਸਿੰਘ ਕਾਲਕਟ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਸ਼੍ਰੀ ਸੁਰੇਸ਼ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਕਮਿਸ਼ਨਰ ਐਗਰੀਕਲਚਰ ਪੰਜਾਬ ਡਾ: ਬਲਵਿੰਦਰ ਸਿੰਘ ਸਿੱਧੂ ਅਤੇ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ: ਹਰਦੇਵ ਸਿੰਘ ਰਿਆੜ ਅਤੇ ਬੀਬੀ ਕਰਮਜੀਤ ਕੌਰ ਦਾਨੇਵਾਲੀਆ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਅਮਰਜੀਤ ਸਿੰਘ ਨੰਦਾ ਵੀ ਹਾਜ਼ਰ ਸਨ।

ਇਸ ਮੌਕੇ ਸ: ਤੋਤਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਦੇ ਖੇਤਰ ਵਿੱਚ ਜੋ ਪੰਜਾਬ ਨੇ ਟੀਚਿਆਂ ਤੋਂ ਪਾਰ ਉਤਪਾਦਨ ਤਿਆਰ ਕੀਤਾ ਹੈ ਉਸ ਲਈ ਸਮੁੱਚੀ ਕਿਰਸਾਨੀ ਅਤੇ ਯੂਨੀਵਰਸਿਟੀ ਦੇ ਵਿਗਿਆਨੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਭੁੱਖਮਰੀ ਨੂੰ ਦੂਰ ਕਰਨ ਲਈ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ ਦਾ ਚੌਖਾ ਯੋਗਦਾਨ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਮਾਣਮੱਤੇ ਇਤਿਹਾਸ ਨੂੰ ਅੱਗੇ ਵਧਾਉਣਾ ਚਾਹੀਦਾ ਹੈ ਅਤੇ ਹੱਥੀਂ ਕੰਮ ਕਰਨ ਦੀ ਰੁਚੀ ਤੋਂ ਦੂਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੋਈ ਵੀ ਕਸਰ ਨਹੀਂ ਛੱਡੀ ਜਾਂਦੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਲੋੜ ਤੋਂ ਵੱਧ ਪੰਜਾਬ ਵਿੱਚ ਟਰੈਕਟਰਾਂ ਦੀ ਗਿਣਤੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਹਿਕਾਰੀ ਪੱਧਰ ਤੇ ਮਸ਼ੀਨਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਆਪਰੇਟਿਵ ਸੁਸਾਇਟੀਆਂ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਨੂੰ ਸਮਾਜ ਲਈ ਇਕ ਕ¦ਕ ਦੱਸਿਆ । ਇਸ ਲਈ ਉਨ੍ਹਾਂ ਨੌਜਵਾਨਾਂ ਨੂੰ ਪੱਕੇ ਇਰਾਦੇ ਨਾਲ ਅੱਗੇ ਆਉਣ ਲਈ ਕਿਹਾ ਅਤੇ ਹਾਜ਼ਰ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਸਾਨੂੰ ਸਭ ਤੋਂ ਪਹਿਲਾਂ ਆਪਣੇ ਆਪ ਨੂੰ ਇਸ ਕੋਹੜ ਤੋਂ ਦੂਰ ਰਹਿਣ ਦਾ ਅਹਿਦ ਲੈਣਾ ਚਾਹੀਦਾ ਹੈ।

ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਐਡੀ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਇਹ ਹਜ਼ੂਮ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਟੈਕਨਾਲੋਜੀਆਂ ਵਿੱਚ ਕਿਸਾਨਾਂ ਦਾ ਅਟੱਲ ਵਿਸ਼ਵਾਸ ਹੋਣ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਕਿਹਾ । ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਭਵਿੱਖ ਵਿੱਚ ਮੱਕੀ ਕੀ ਕਾਸ਼ਤ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਥਾਨਕ ਮੰਡੀ ਤੋਂ ਇਲਾਵਾ ਅੰਤਰਰਾਸ਼ਟਰੀ ਮੰਡੀ ਨੂੰ ਫ਼ਸਲਾਂ ਅਤੇ ਕਿਸਮਾਂ ਦੀ ਚੋਣ ਕਰਨ। ਇਸ ਮੌਕੇ ਡਾ: ਕਾਲਕਟ ਨੇ ਦੱਸਿਆ ਕਿ ਦੁੱਧ ਦੀ ਪੈਦਾਵਾਰ ਵਿੱਚ ਬੀਤੇ ਸਾਲਾਂ ਵਿੱਚ ਪੰਜਾਬ ਨੇ ਅਨੇਕਾਂ ਮੱਲ੍ਹਾਂ ਮਾਰੀਆਂ ਹਨ। ਦੇਸ਼ ਦੀ ਭੋਜਨ ਸੁਰੱਖਿਆ ਤੋਂ ਇਲਾਵਾ ਖੁਰਾਕ ਸੁਰੱਖਿਆ ਵਿੱਚ ਵੀ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਡਿੱਗ ਰਹੇ ਪਾਣੀ ਦੇ ਪੱਧਰ ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਸੇਸ਼ ਤੌਰ ਤੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਵਾਤਾਵਰਣ ਵਿੱਚ ਪਰਾਲੀ ਦੇ ਨਾੜ ਨੂੰ ਸਾੜਨ ਨਾਲ ਆ ਰਹੇ ਵਿਗਾੜ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਹਿਕਾਰੀ ਪੱਧਰ ਤੇ ਹੈਪੀ ਸੀਡਰ ਮਸ਼ੀਨ ਬੀਤੇ ਵਰ੍ਹੇ ਇਸ ਜ਼ਿਲ੍ਹੇ ਵਿੱਚ ਖੂਬ ਵਰਤੀ ਗਈ ਜਿਸ ਨਾਲ ਇਸ ਸਮੱਸਿਆ ਤੋਂ ਕਾਫੀ ਹੱਦ ਤੱਕ ਨਿਜ਼ਾਤ ਪਾਈ ਜਾ ਸਕੀ। ਡਾ: ਕਾਲਕਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹੀ ਕੌਮਾਂ ਵਿਕਾਸ ਦੇ ਰਾਹ ਤੁਰਦੀਆਂ ਹਨ ਜਿਨ੍ਹਾਂ ਨੇ ਵਿੱਦਿਆ ਦਾ ਲੜ ਫੜਿਆ ਹੈ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਕਿਸਾਨ ਮੇਲੇ ਦਾ ਉਦੇਸ਼ ‘‘ਫ਼ਸਲੀ ਵਿਭਿੰਨਤਾ ਅਪਣਾਓ-ਕੁਦਰਤੀ ਸੋਮੇ ਬਚਾਓ’’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੁਦਰਤੀ ਸੋਮਿਆਂ ਦੇ ਰੱਖ ਰਖਾਵ ਲਈ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲ ਵਿੱਚ ਵਿਭਿੰਨਤਾ ਹੀ ਨਹੀਂ ਸਗੋਂ ਵੱਖ ਵੱਖ ਕਿਸਮਾਂ ਵਿੱਚ ਵੀ ਵਿਭਿੰਨਤਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮੁੱਢਲੀਆਂ ਲਾਗਤਾਂ ਨੂੰ ਘੱਟ ਕਰਨ ਲਈ ਲੋੜ ਅਨੁਸਾਰ ਖਾਦਾਂ ਅਤੇ ਰਸਾਇਣਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਆਪਣੇ ਆਪ ਵਿੱਚ ਇੱਕ ਸਾਇੰਸਦਾਨ ਹੁੰਦਾ ਹੈ ਜੋ ਅਚੇਤ ਮਨ ਰਾਹੀਂ ਖੋਜਾਂ ਕਰਦਾ ਹੈ ਅਤੇ ਉਸ ਵੱਲੋਂ ਪ੍ਰਦਾਨ ਕੀਤੀ ਪਰਤੀ ਸੂਚਨਾ ਸਾਇੰਸਦਾਨਾਂ ਲਈ ਅਤਿਅੰਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਯੂਨੀਵਰਸਿਟੀ ਦੀਆਂ ਤਕਨੀਕਾਂ ਅਤੇ  ਤਕਨਾਲੋਜੀਆਂ ਦੀ ਅਸਲ ਪਰਖ਼ ਕਿਸਾਨ ਦੇ ਖੇਤ ਵਿੱਚ ਹੁੰਦੀ ਹੈ।

ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਬਲਵਿੰਦਰ ਸਿੰਘ ਨੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ 100 ਤੋਂ ਵੱਧ ਫ਼ਸਲਾਂ ਤੇ ਖੋਜ ਕਾਰਜ ਨੇਪਰੇ ਚਾੜੇ ਜਾ ਰਹੇ ਅਤੇ ਯੂਨੀਵਰਸਿਟੀ ਨੂੰ 750 ਤੋਂ ਵੱਧ ਵੱਖ ਵੱਖ ਕਿਸਮਾਂ ਜਾਰੀ ਕਰਨ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਬੀਤੇ ਦਿਨੀਂ ਜਾਰੀ ਕੀਤੀਆਂ ਨਵੀਆਂ ਕਿਸਮਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕਰਵਾਇਆ। ਇਸ ਤੋਂ ਪਹਿਲਾਂ ਜੀ ਆਇਆਂ ਦੇ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ: ਰਾਜਿੰਦਰ ਸਿੰਘ ਸਿੱਧੂ ਨੇ ਕਹੇ।  ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਸਹਾਇਕ ਕਿੱਤਿਆਂ ਵੱਲ ਤੁਰਨਾ ਪਵੇਗਾ ਜਿਸ ਲਈ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਸਥਾਪਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਤੋਂ ਸਿਖਲਾਈਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਪ੍ਰਭਾਵਸ਼ਾਲੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨਾਂ ਦੇ ਸੁਆਲਾਂ ਦੇ ਜਵਾਬ ਵੱਖ ਵਿਸ਼ਾ ਵਸਤੂ ਮਾਹਿਰਾਂ ਵੱਲੋਂ ਮੌਕੇ ਤੇ ਹੀ ਦਿੱਤੇ ਗਏ। ਇਸ ਮੌਕੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਕਿਸਾਨਾਂ ਵੱਲੋਂ ਯੂਨੀਵਰਸਿਟੀ ਦਾ ਬੀਜ ਪ੍ਰਾਪਤ ਕਰਨ ਲਈ ਭਾਰੀ ਉਤਸ਼ਾਹ ਵੇਖਿਆ ਗਿਆ। ਕਿਸਾਨਾਂ ਦਾ ਮਨੋਰੰਜਨ ਉੱਘੇ ਲੋਕ ਗਾਇਕ ਸੁਖਵਿੰਦਰ ਸੁੱਖੀ ਅਤੇ ਦੁਰਗਾ ਰੰਗੀਲਾ ਨੇ ਕੀਤਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>