ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਗੁੰਬਦ ਦੀ ਸੋਨੇ ਦੀ ਸੇਵਾ ਦਾ ਅਰੰਭ ਜੈਕਾਰਿਆਂ ਦੀ ਗੂੰਜ ਨਾਲ ਹੋਇਆ। ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਤਿਗੁਰੂ ਦੇ ਘਰ ਦੀ ਸੇਵਾ ਕਿਸੇ ਕਰਮਾ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ ਤੇ ਨਿਮਰਤਾ ਤੇ ਸਹਿਜ ਭਾਵ ਨਾਲ ਕੀਤੀ ਸੇਵਾ ਥਾਂਇ ਪੈਂਦੀ ਹੈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਭਾਈ ਲਹਿਣਾ ਜੀ ਨੇ ਨਿਮਾਣਾ ਸੇਵਕ ਬਣ ਕੇ ਸੇਵਾ ਕੀਤੀ ਤੇ ਲਹਿਣੇ ਤੋਂ ਗੁਰੂ ਅੰਗਦ ਦੇਵ ਬਣੇ। ਇਸੇ ਤਰ੍ਹਾਂ ਸ੍ਰੀ ਗੁਰੂ ਅਮਰਦਾਸ ਜੀ ਨੇ ੧੨ ਸਾਲ ਨਿਰੰਤਰ ਨਿਮਰਤਾ, ਹਲੀਮੀ ਤੇ ਸਿਦਕ ਸੰਤੋਖ ਨਾਲ ਸਤਿਗੁਰੂ ਦੇ ਚਰਨਾ ਵਿੱਚ ਧਿਆਨ ਧਰ ਕੇ ਸੇਵਾ ਕੀਤੀ ਤੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਥਾਵਿਆਂ ਦੇ ਥਾਂਵ, ਨਿਓਟਿਆਂ ਦੀ ਓਟ ਤੇ ਨਿਆਸਰਿਆਂ ਦੇ ਆਸਰੇ ਬਣੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਜਿਸ ਕਿਸੇ ਨੇ ਵੀ ਤਨ, ਮਨ ਅਤੇ ਧਨ ਨਾਲ ਹੰਕਾਰ ਤੋਂ ਰਹਿਤ ਹੋ ਕੇ ਕੀਤੀ ਉਸ ਨੇ ਸਭ ਕੁਝ ਪਾ ਲਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਖਾਲਸਾ ਕਾਲਜ ਪਟਿਆਲਾ ਜਿਸ ਦਾ ਸੁਪਰੀਮ ਕੋਰਟ ਵਿੱਚ ਕੇਸ ਚੱਲ ਰਿਹਾ ਸੀ ਉਸ ਲਈ ੭੩ ਕਰੋੜ ਰੁਪਏ ਦੀ ਜ਼ਮੀਨ ਖਰੀਦੀ ਗਈ ਹੈ। ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸਮੁੱਚੀ ਦਮਦਮੀ ਟਕਸਾਲ ਅਤੇ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ। ਜਥੇਦਾਰ ਅਵਤਾਰ ਸਿੰਘ ਦੇ ਇਲਾਵਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੂ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰ: ਮਨਜੀਤ ਸਿੰਘ ਜੀ ਕੇ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸ੍ਰ: ਮਨਜੀਤ ਸਿੰਘ ਜੀ ਕੇ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਦੇ ਮੁੱਖ ਦੁਆਰ ਦੀ ਸੇਵਾ ਲਿਖਤੀ ਰੂਪ ਵਿੱਚ ਦਿੱਤੀ ਗਈ। ਸ੍ਰ: ਰਜਿੰਦਰ ਸਿੰਘ ਮਹਿਤਾ ਮੈਂਬਰ ਅੰਤ੍ਰਿੰਗ ਕਮੇਟੀ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਗੂਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਜੋ ਪੁਰਾਤਨ ਇਤਿਹਾਸਕ ਬੇਰੀ ਹੈ ਉਹ ਉਸੇ ਤਰ੍ਹਾਂ ਹੀ ਕਾਇਮ ਰੱਖੀ ਗਈ ਹੈ। ਕੁਝ ਲੋਕ ਵਟਸ ਐਪ ਤੇ ਸੰਗਤਾਂ ਨੂੰ ਗੁੰਮਰਾਹ ਕਰ ਰਹੇ ਹਨ ਸੰਗਤਾਂ ਉਨ੍ਹਾਂ ਤੋਂ ਸੁਚੇਤ ਰਹਿਣ।
ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਵਿਸ਼ੇਸ਼ ਤੌਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦੇ ਇਲਾਵਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਦਿਆਲ ਸਿੰਘ ਕੋਲਿਆਂ ਵਾਲੀ ਤੇ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਭਾਈ ਰਾਜਦੀਪ ਸਿੰਘ ਅਰਦਾਸੀਆ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ, ਸ੍ਰ: ਮਨਜੀਤ ਸਿੰਘ ਜੀ ਕੇ ਪ੍ਰਧਾਨ, ਸ੍ਰ: ਜਤਿੰਦਰਪਾਲ ਸਿੰਘ ਗੋਲਡੀ ਅੰਤ੍ਰਿੰਗ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ: ਅਰਜਿੰਦਰ ਸਿੰਘ ਚੱਢਾ, ਬੀਬੀ ਪ੍ਰਕਾਸ਼ ਕੌਰ, ਸ੍ਰ: ਜਗਜੀਤ ਸਿੰਘ ਦਰਦੀ ਆਦਿ ਨੂੰ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰ: ਸੁਖਰਾਜ ਸਿੰਘ ਐਡੀ: ਮੈਨੇਜਰ, ਬਾਬਾ ਜੋਗਿੰਦਰ ਸਿੰਘ ਕਾਰਸੇਵਾ ਵਾਲੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ: ਰੇਸ਼ਮ ਸਿੰਘ ਯੂ . ਕੇ, ਸ੍ਰ: ਅਮਰੀਕ ਸਿੰਘ ਡਰਬੀ, ਸ੍ਰ: ਜਸਪਾਲ ਸਿੰਘ ਚੇਅਰਮੈਨ, ਸ੍ਰ: ਕੁਲਦੀਪ ਸਿੰਘ ਦਿੱਲੀ ਸ੍ਰ: ਰਜਿੰਦਰ ਸਿੰਘ ਮਰਵਾਹ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।