ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ :- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਬਟਾਲੇ ਵਾਲਿਆਂ ਦੇ ਜਥਿਆਂ ਵੱਲੋਂ  ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਚੱਲ ਕੇ ਚੌਂਕ ਕਰੋੜੀ ਤੇ ਚੌਂਕ ਬਾਬਾ ਸਾਹਿਬ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਿੱਚ ਸ਼ਾਮਲ ਸ਼ਬਦ ਕੀਰਤਨੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਕੀਤੇ ਗਏ। ਗਤਕਾ ਪਾਰਟੀਆਂ ਵੱਲੋਂ ਥਾਂ-ਥਾਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਸਕੂਲੀ ਬੈਂਡ ਅਤੇ ਬੈਂਡ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਜਗ੍ਹਾ-ਜਗ੍ਹਾ ਲੰਗਰ ਲਗਾ ਕੇ ਸੇਵਾ ਕੀਤੀ ਗਈ।

ਇਸ ਸ਼ੁਭ ਅਵਸਰ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦੇਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਤੇ ਸੰਗਤਾਂ ਆਪਣੇ ਪ੍ਰੀਵਾਰਾਂ ਸਮੇਤ ਖੰਡੇ ਬਾਟੇ ਦੀ ਪਾਹੁਲ ਛਕ ਬਾਣੀ ਤੇ ਬਾਣੇ ਨਾਲ ਜੁੜਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅੱਜ ਜੋ ਪਾਵਨ ਪੁਰਬ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਪਾਵਨ ਅਸਥਾਨ ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ਼ ੧੬੦੪ ਈ: ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਗਰ ਕੀਰਤਨ ਦੇ ਰੂਪ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਇਸ ਪਾਵਨ ਦਿਹਾੜੇ ਦੀ ਯਾਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਮੈਂ ਇਸ ਅਵਸਰ ਤੇ ਸਰਬੱਤ ਸਾਧ ਸੰਗਤ ਨੂੰ ਵਧਾਈ ਦੇਂਦਾ ਹਾਂ।

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਸਵੇਰੇ 8:30 ਤੋਂ 12:00 ਵਜੇ ਤੀਕ ਸੁੰਦਰ ਜਲੌ ਸਜਾਏ ਗਏ। ਰਾਤ ਨੂੰ ਦੀਪ ਮਾਲਾ ਕੀਤੀ ਗਈ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਗਈ।

 

This entry was posted in ਪੰਜਾਬ.

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>