ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ : ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ

ਤਲਵੰਡੀ ਸਾਬ੍ਹੋ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ ਗਿਆ।ਇਤਿਹਾਸਕ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜਗਤਾਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਅਰਦਾਸ ਕੀਤੀ ਤੇ ਭਾਈ ਗੁਰਕੀਰਤ ਸਿੰਘ ਨੇ ਹੁਕਮਨਾਮਾ ਲਿਆ।

ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਦੂਜੇ ਗੁਰਮਤਿ ਸਮਾਗਮ ਦੀ ਆਰੰਭਤਾ ਸਮੇਂ ਭਾਈ ਰਾਏ ਸਿੰਘ ਦੇਹਰਾਦੂਨ ਤੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਗੁਰਦਿਤ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ (ਬਠਿੰਡਾ) ਨੇ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ।ਭਾਈ ਬਲਦੇਵ ਸਿੰਘ ਤੇ ਸ. ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਤੇ ਕਲਗੀਧਰ ਦਸਮੇਸ਼ ਪਿਤਾ ਵੱਲੋਂ ਖਾਲਸਾ ਪੰਥ ਦੀ ਸਿਰਜਣਾ ਸਬੰਧੀ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ।ਉਪਰੰਤ ਭਾਈ ਪੂਰਨ ਸਿੰਘ ਅਰਸ਼ੀ, ਭਾਈ ਸਵਿੰਦਰ ਸਿੰਘ ਭੰਗੂ, ਭਾਈ ਗੁਰਿੰਦਰਪਾਲ ਸਿੰਘ ਬੈਂਕਾ ਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।

ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸਾਹਿਬੇ ਕਮਾਲ, ਸਰਬੰਸਦਾਨੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਸਾਹਿਬ ਦੀ ਜੰਗ ਫਤਹਿ ਕਰਨ ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਅਸਥਾਨ ਵਿਖੇ ਜੰਗੀ ਕਮਰਕੱਸਾ ਖੋਲ ਕੇ ਦਮ ਲਿਆ ਜਿਸ ਕਰਕੇ ਇਸ ਅਸਥਾਨ ਦਾ ਨਾਮ ਦਮਦਮਾ ਸਾਹਿਬ ਪ੍ਰਸਿੱਧ ਹੋਇਆ।ਉਨ੍ਹਾਂ ਕਿਹਾ ਕਿ ਇਥੇ ਦਸਵੇਂ ਪਾਤਸ਼ਾਹ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕਰਕੇ ਭਾਈ ਮਨੀ ਸਿੰਘ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾ ਕੇ ਸੰਪੂਰਨ ਕਰਵਾਈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਲਿਖਾਈ ਦੇ ਕਾਰਜ ਦੀ ਸੰਪੂਰਨਤਾ ਉਪਰੰਤ ਘਸੀਆਂ ਕਲਮਾਂ ਤੇ ਬਚੀ ਹੋਈ ਸਿਆਹੀ ਤੇ ਕਾਗਜ ਨੂੰ ਲਿਖਣਸਰ ਸਰੋਵਰ ਵਿੱਚ ਜਲ ਪ੍ਰਵਾਹ ਕਰਦਿਆਂ ਦਸਮੇਸ਼ ਪਿਤਾ ਨੇ ਇਸ ਅਸਥਾਨ ਨੂੰ ‘ਗੁਰੂ ਕੀ ਕਾਂਸ਼ੀ’ ਦਾ ਵਰਦਾਨ ਬਖਸ਼ਿਸ਼ ਕੀਤਾ ਤੇ ਫੁਰਮਾਇਆ ਕਿ ਇਹ ਗਿਆਨ ਦਾ ਮਹਾਨ ਕੇਂਦਰ ਹੋਵੇਗਾ ਜਿਥੇ ਗੁਰਮਤਿ ਵਿੱਚ ਪ੍ਰਬੁੱਧ ਵਿਦਵਾਨ, ਲਿਖਾਰੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ ਹੈ।ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਸਿੱਖੀ ਜੀਵਨ ਜੀਉਣ ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਸਮੇਂ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਅਤੇ ਪੰਥਕ ਸ਼ਖਸ਼ੀਅਤਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤੀਜਾ ਗੁਰਮਤਿ ਸਮਾਗਮ ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ, ਮੋਗਾ (ਜਿਥੇ ਬੈਠ ਕੇ ਦਸਮ ਪਿਤਾ ਨੇ ਔਰਗਜ਼ੇਬ ਨੂੰ ਜ਼ਫਰਨਾਮਾ ਲਿਖਿਆ ਸੀ) ਵਿਖੇ 16 ਸਤੰਬਰ 2016 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਤੀਕ ਕਰਵਾਇਆ ਜਾਵੇਗਾ।

ਇਸ ਮੌਕੇ ਸ. ਮੋਹਨ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸੁਰਜੀਤ ਸਿੰਘ ਰਾਏਪੁਰ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਗੁਰਤੇਜ ਸਿੰਘ ਢੱਡੇ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜੋਗਿੰਦਰ ਕੌਰ ਤੇ ਬੀਬੀ ਜਸਪਾਲ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਦਵਿੰਦਰ ਕੌਰ ਬਠਿੰਡਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਹਰਭਜਨ ਸਿੰਘ, ਬਾਬਾ ਛੋਟਾ ਸਿੰਘ ਗੁਰਦੁਆਰਾ ਬੁੰਗਾ ਮਸਤੂਆਣਾ, ਸ. ਜਗਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਸੁਮੇਰ ਸਿੰਘ ਮੈਨੇਜਰ ਗੁਰਦੁਆਰਾ ਹਾਜੀਰਤਨ ਬਠਿੰਡਾ, ਸ. ਗੁਰਮੀਤ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਭੀਖੀ, ਸ. ਦਲਬਾਰਾ ਸਿੰਘ ਮੈਨੇਜਰ ਗੁਰੁਦਆਰਾ ਸਾਹਿਬ ਮਹਿਰਾਜ, ਸ. ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ, ਸ. ਕ੍ਰਿਪਾਲ ਸਿੰਘ ਚੌਹਾਨ ਤੇ ਸ. ਸੁਖਦੇਵ ਸਿੰਘ ਇੰਚਾਰਜ ਤੇ ਸ. ਗੁਰਵੀਰ ਸਿੰਘ ਪ੍ਰਿੰਸੀਪਲ ਗੁਰਮਤਿ ਵਿਦਿਆਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਆਦਿ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>