ਪਰਾਲੀ ਦੀ ਸੁਚੱਜੀ ਵਰਤੋਂ ਕਰੋ – ਡਾ. ਢਿਲੋਂ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਦਰ, ਬਠਿੰਡਾ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਤੋ ਇਲਾਵਾ ਗੁਆਂਢੀ ਸੂਬਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੇਲੇ ਦਾ ਮੁੱਖ ਉਦੇਸ਼ ‘‘ਪੀ.ਏ.ਯੂ. ਖੇਤੀ ਸਿਫਾਰਸਾਂ, ਫਸਲਾਂ ਲਈ ਵਰਦਾਨ, ਵਿਗਿਆਨਿਕ ਖੇਤੀ ਨਾਲ ਹੀ, ਸਫਲ ਹੋਣ ਕਿਰਸਾਨ’’ ਰੱਖਿਆ ਗਿਆ ਸੀ। ਇਸ ਮੌਕੇ ਬਠਿੰਡਾ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਛੱਤਰ ਸਿੰਘ ਔਲਖ ਵੀ ਹਾਜ਼ਿਰ ਸਨ।

ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਿਤ ਕਰਦਿਆਂ ਡਾ. ਢਿਲੋਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੇ ਜਾਂਦੇ ਖੋਜ ਕਾਰਜਾਂ ਦੀ ਅਸਲ ਪਰਖ ਕਿਸਾਨ ਦੇ ਖੇਤ ਵਿੱਚ ਹੁੰਦੀ ਹੈ ਕਿਉਕਿ ਕਿਸਾਨ ਵੀ ਇੱਕ ਵਿਗਿਆਨੀ ਹੈ ਜੋ ਕਿ ਸੁਚੇਤ ਅਤੇ ਅਚੇਤ ਮਨ ਨਾਲ ਤਜਰਬੇ ਆਪਣੇ ਖੇਤ ਵਿੱਚ ਕਰਦਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕਿਸਾਨਾਂ ਤਕ ਸੂਚਨਾ ਪਹੁੰਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਵਿੱਢੇ ਜਾਂਦੇ ਹਨ। ਇਹਨਾਂ ਉਪਰਾਲਿਆਂ ਵਿਚੋਂ ਯੂਨੀਵਰਸਿਟੀ ਵੱਲੋਂ ਆਯੋਜਿਤ ਕਿਸਾਨ ਮੇਲੇ ਆਪਣੀ ਵਿਲੱਖਣ ਪਹਿਚਾਣ ਰੱਖਦੇ ਹਨ। ਕਿਸਾਨਾਂ ਅਤੇ ਸਾਇੰਸਦਾਨਾਂ ਲਈ ਸੂਚਨਾ ਅਤੇ ਗਿਆਨ ਦਾ ਅਦਾਨ ਪ੍ਰਦਾਨ ਇਹਨਾਂ ਮੇਲਿਆਂ ਰਾਹੀ ਸੰਭਵ ਹੈ। ਉਹਨਾਂ ਕਿਹਾ ਕਿ ਕੁਦਰਤੀ ਸੋਮਿਆਂ ਵਿੱਚ ਆ ਰਿਹਾ ਨਿਘਾਰ ਅਤੇ ਮੁੱਢਲੀਆਂ ਲਾਗਤਾਂ ਵਿੱਚ ਵੱਧ ਹੋਣ ਵਾਲਾ ਖਰਚਾ, ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਈ ਸਾਨੂੰ ਮਸ਼ੀਨੀਕਰਨ ਅਤੇ ਮੰਡੀਕਰਨ ਦੇ ਲਈ ਇੱਕ ਮੁੱਠ ਹੋਣਾ ਪਵੇਗਾ। ਇਸ ਨਾਲ ਅਸੀਂ ਹੋਣ ਵਾਲੇ ਮੁੱਢਲੇ ਖਰਚੇ ਤੇ ਠੱਲ੍ਹ ਪਾ ਸਕਦੇ ਹਾਂ। ਉਹਨਾਂ ਕਿਸਾਨ ਵੀਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਾਨੂੰ ਖੇਤੀ ਦੇ ਵਿੱਚ ਹਿਸਾਬ–ਕਿਤਾਬ ਜਰੂਰ ਰੱਖਣਾ ਚਾਹੀਦਾ ਹੈ ਅਤੇ ਜਰੂਰਤ ਅਨੁਸਾਰ ਹੀ ਕੀਟ ਨਾਸ਼ਕਾਂ ਦੀ ਵਰਤੋ ਕਰਨੀ ਚਾਹੀਦੀ ਹੈ। ਖੇਤੀ ਵਿਭਿੰਨਤਾ ਬਾਰੇ ਬੋਲਦਿਆਂ ਡਾ. ਢਿਲੋਂ ਨੇ ਕਿਹਾ ਕਿ ਸਾਨੂੰ ਆਪਣੇ ਖਾਣ ਲਈ ਇੱਕ ਕਨਾਲ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਨਾਲ ਪੰਜਾਬ ਦਾ ਕਾਫੀ ਖੇਤਰ ਸਬਜ਼ੀਆਂ ਦੀ ਕਾਸ਼ਤ ਹੇਠ ਆਵੇਗਾ ਅਤੇ ਅਸੀਂ ਨਰੋਈ ਖੁਰਾਕ ਵੀ ਪ੍ਰਾਪਤ ਕਰ ਸਕਾਂਗੇ। ਡਾ. ਢਿੱਲੋਂ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਦੌਰਾਨ ਪਰਾਲੀ ਨੂੰ ਨਾ ਸਾੜਿਆ ਜਾਵੇ ਅਤੇ ਉਸ ਦੀ ਸੁਚੱਜੀ ਵਰਤੋ ਕੀਤੀ ਜਾਵੇ। ਉਹਨਾਂ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਜੈਵਿਕ ਖਾਦਾਂ ਵਰਤਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਕ ਕਿੱਤਿਆਂ  ਨਾਲ ਜੁੜਨਾ ਚਾਹੀਦਾ ਹੈ ਤਾਂ ਕਿ ਅਸੀ ਆਪਣੀ ਖੇਤੀ ਨੂੰ ਆਰਥਿਕ ਪੱਖੋ ਮਜਬੂਤ ਕਰ ਸਕੀਏ।

ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਆਰ.ਕੇ. ਗੁੰਬਰ ਨੇ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਹਨਾਂ ਸੰਬੋਧਨ ਕਰਦਿਆ ਕਿਹਾ ਕਿ ਯੂਨੀਵਰਸਿਟੀ ਵੱਲੋਂ ਕਣਕ ਦੀਆਂ ਦੋ ਨਵੀਆਂ ਕਿਸਮਾਂ  ਪੀ.ਬੀ.ਡਬਲਯੂ 725 ਅਤੇ ਪੀ.ਬੀ.ਡਬਲਯੂ 677 ਦੀ ਸਿਫਾਰਿਸ਼ ਕੀਤੀ ਗਈ ਹੈ ਅਤੇ ਇਹ ਦੋਵੇਂ ਕਿਸਮਾਂ ਪੀਲੀ ਕੁੰਗੀ ਦਾ ਟਾਕਰਾ ਕਰ ਸਕਦੀਆਂ ਹਨ। ਉਹਨਾਂ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਿਸ਼ਾਂ, ਤਕਨੀਕਾਂ ਅਤੇ ਮਸ਼ੀਨਾਂ ਬਾਰੇ ਵੀ ਚਾਨਣਾ ਪਾਇਆ। ਉਹਨਾਂ ਕਿਸਾਨਾਂ ਨੂੰ ਬੀਜ ਸੋਧ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਜੀ ਆਇਆਂ ਦੇ ਸ਼ਬਦ ਬੋਲਦਿਆਂ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਾਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਆਪਣੀ ਖੇਤੀ ਨੂੰ ਵਿਗਿਆਨਿਕ ਲੀਹਾਂ ਤੇ ਤੋਰਨ ਦੇ ਲਈ ਯੂਨੀਵਰਸਿਟੀ ਦੇ ਵੱਖ–ਵੱਖ ਜ਼ਿਲ੍ਹਿਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਦਰਾਂ, ਫਾਰਮ ਸਲਾਹਕਾਰ ਕੇਦਰਾਂ ਦੇ ਨਾਲ ਰਾਬਤਾ ਬਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤਕਨੀਕੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਡਾ. ਔਲਖ ਨੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਵੱਖ–ਵੱਖ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।

ਇਸ ਮੌਕੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੱਖ–ਵੱਖ ਵਿਸ਼ੇ ਦੇ ਮਾਹਿਰਾਂ ਵੱਲੋਂ ਮੌਕੇ ਤੇ ਹੀ ਦਿੱਤੇ ਗਏ। ਮੇਲੇ ਦੌਰਾਨ ਵੱਖ–ਵੱਖ ਵਿਭਾਗਾਂ ਵੱਲੋਂ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਸਟਾਲ ਅਤੇ ਪ੍ਰਦਰਸ਼ਨੀ ਪਲਾਟ ਲਗਾਏ ਗਏ। ਇਸ ਮੌਕੇ ਵਿਸ਼ੇਸ ਤੌਰ ਤੇ ਡਾ. ਗੁੰਬਰ ਨੂੰ ਖੇਤੀ ਵਿਕਾਸ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੇ ਲਈ ਸਨਮਾਨਤ ਕੀਤਾ ਗਿਆ। ਮੇਲੇ ਦੌਰਾਨ ਬੀਜ ਅਤੇ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਪ੍ਰਾਪਤ ਕਰਨ ਲਈ ਭਾਰੀ ਉਤਸ਼ਾਹ ਦੇਖਿਆ ਗਿਆ।
ਅੰਤ ਵਿੱਚ ਧੰਨਵਾਦ ਦੇ ਸ਼ਬਦ ਕੇਦਰ ਦੇ ਨਿਰਦੇਸ਼ਕ ਡਾ. ਪਰਮਜੀਤ ਸਿੰਘ ਨੇ ਕਹੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>