ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ, ਹਰਿਦੁਆਰ ਦੀ ਮੁੜ ਸਥਾਪਨਾ ਲਈ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਬਣਾਈ ਗਈ 15 ਮੈਂਬਰੀ ਕਮੇਟੀ ਜਿਸ ਵਿਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ।
ਇਸ ਸਮੇਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਦੁਆਰ ਸਾਹਿਬ ਜਿਥੇ 1505 ਈ: ਵਿਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਆਏ ਉਥੇ ਉਨ੍ਹਾਂ ਬਹੁਤ ਵਡਮੁੱਲੇ ਗਿਆਨ ਦੇ ਪ੍ਰਚਾਰ ਦਾ ਭੰਡਾਰ ਖੋਲ੍ਹਿਆ। ਪਹਿਲੇ ਪਾਤਸ਼ਾਹ ਦੀ ਯਾਦ ਵਿਚ ਇਹ ਗੁਰਦੁਆਰਾ ਸਾਹਿਬ ਸੁਸ਼ੋਭਿਤ ਸੀ ਜੋ ਬਾਅਦ ਵਿਚ 1979 ਈ: ਵਿਚ ਸੁੰਦਰੀਕਰਨ ਦੇ ਨਾਮ ਹੇਠ ਢਾਹ ਦਿੱਤਾ ਗਿਆ। ਉਦੋਂ ਤੋਂ ਹੀ ਸਾਰੀ ਸੰਗਤ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਆਪਣਾ ਰਹਿਬਰ ਮੰਨਦੀ ਹੈ, ਉਹ ਇਸ ਗੁਰਦੁਆਰਾ ਸਾਹਿਬ ਦੀ ਸਥਾਪਨਾ ਲਈ ਯਤਨਸ਼ੀਲ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੇ ਪਿਛਲੇ ਦਿਨੀਂ ਹਰਿਦੁਆਰ ਵਿਖੇ ਆਪਣਾ ਇਕ ਵਫਦ ਭੇਜਿਆ ਸੀ ਜਿਸਨੇ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਇਹ ਫੈਸਲਾ ਕੀਤਾ ਸੀ ਕਿ ਸਰਕਾਰ ਤਕ ਪਹੁੰਚ ਕਰਕੇ ਇਸ ਲਈ ਯਤਨ ਕੀਤੇ ਜਾਣ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਉਤਰਾਖੰਡ ਦੇ ਮੁੱਖ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿੱਠੀ ਪੱਤਰ ਲਿਖ ਕੇ ਰਾਬਤਾ ਕਾਇਮ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਵੱਲੋਂ ਦੇਸ਼ ਦੇ ਰਾਸ਼ਟਰਪਤੀ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਮਿਲ ਕੇ ਸਿੱਖ ਮਸਲਿਆਂ ਤੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਲਿਖਤੀ ਮੰਗ ਵੀ ਕੀਤੀ ਗਈ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਅਤੇ ਘਰਾਂ ਵਿਚ ਸਮੂਹਿਕ ਰੂਪ ਵਿਚ ਜਪਜੀ ਸਾਹਿਬ ਦੇ ਪਾਠ ਕਰ ਕੇ ਸੰਗਤੀ ਰੂਪ ਵਿਚ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਪੂਰੀ ਸੰਜੀਦਗੀ ਨਾਲ ਯਤਨ ਕਰ ਰਹੀ ਹੈ।
ਇਸ ਮੌਕੇ ਮੀਟਿੰਗ ਵਿਚ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਸ. ਚਰਨਜੀਤ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨਿਹੰਗ ਸਿੰਘ ਜਥੇਬੰਦੀਆਂ, ਬਾਬਾ ਗਿਆਨ ਦੇਵ ਮੁਖੀ ਨਿਰਮਲੇ ਸੰਪ੍ਰਦਾਇ ਹਰਿਦੁਆਰ, ਬਾਬਾ ਜਗਜੀਤ ਸਿੰਘ ਲੋਪੋ ਮੁਖੀ ਉਦਾਸੀ ਸੰਪਰਦਾਇ, ਮਹੰਤ ਕਰਮਜੀਤ ਸਿੰਘ ਪ੍ਰਧਾਨ ਸੇਵਾ ਪੰਥੀ ਸੰਪ੍ਰਦਾਇ ਜਮਨਾਨਗਰ, ਬਾਬਾ ਹਰਭਜਨ ਸਿੰਘ ਨਾਨਕਸਰ ਸੰਪ੍ਰਦਾਇ, ਬਾਬਾ ਤਰਸੇਮ ਸਿੰਘ ਨਾਨਕਮਤਾ ਕਾਰ ਸੇਵਾ ਸੰਪ੍ਰਦਾਇ, ਪ੍ਰਿੰਸੀਪਲ ਸੁਰਿੰਦਰ ਸਿੰਘ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੇ ਮੀਟਿੰਗ ਦੌਰਾਨ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਕਰਨ ਲਈ ਸਰਕਾਰੀ, ਗ਼ੈਰ ਸਰਕਾਰੀ ਅਤੇ ਸਿਆਸੀ ਸ਼ਖਸੀਅਤਾਂ ਨਾਲ ਰਾਬਤਾ ਕਰਕੇ ਇਸ ਮਸਲੇ ਦੇ ਹੱਲ ਲਈ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੌਰਾਨ ਵੱਖ-ਵੱਖ ਕਮੇਟੀ ਮੈਂਬਰਾਂ ਵੱਲੋਂ ਮਿਲੇ ਵਿਚਾਰਾਂ ਉਪਰ ਗੌਰ ਕਰਦਿਆਂ ਸਰਵਸੰਮਤੀ ਨਾਲ 9 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ, ਜੋ ਹਰਿਦੁਆਰ ਵਿਖੇ ਪਹੁੰਚ ਕੇ ਸੂਬੇ ਦੀ ਸਰਕਾਰ ਅਤੇ ਉਥੋਂ ਦੇ ਲੋਕਲ ਮਹਾਂਪੁਰਸ਼ਾਂ, ਅਖਾੜਾ ਮੁਖੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਨਾਲ ਲੈ ਕੇ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਲਈ ਪਹੁੰਚ ਕਰੇਗੀ।
ਅੱਜ ਦੀ ਮੀਟਿੰਗ ਵਿਚ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਸ. ਪ੍ਰੇਮ ਸਿੰਘ ਚੰਦੂਮਾਜਰਾ, ਉਤਰਾਖੰਡ ਤੋਂ ਸਿੱਖ ਵਿਧਾਇਕ ਸ. ਹਰਭਜਨ ਸਿੰਘ ਚੀਮਾ, ਸ. ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਮਹੰਤ ਬਲਵੰਤ ਸਿੰਘ ਸੈਕਟਰੀ ਨਿਰਮਲੇ ਸੰਪ੍ਰਦਾਇ, ਮਹੰਤ ਰਘੂਮੁਨੀ ਉਦਾਸੀਨ ਵੱਡਾ ਅਖਾੜਾ, ਉਦਾਸੀਨ ਨਵਾਂ ਅਖਾੜਾ ਹਰਿਦੁਆਰ ਸਮੇਤ 9 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਕਮੇਟੀ ਦਾ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਬਿਜੈ ਸਿੰਘ ਨੂੰ ਲਗਾਇਆ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਆਦਿ ਹਾਜ਼ਰ ਸਨ।