
ਸੰਤ ਹਰਨਾਮ ਸਿੰਘ ਖ਼ਾਲਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ: ਗੋਬਿੰਦ ਸਿੰਘ ਲੌਂਗੋਵਾਲ ਨੂੰ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਉਹਨਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਕਰਮੂਵਾਲਾ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲਿਆਂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾ ਕੇ ਸੰਤ ਸਮਾਜ ਦੀ ਨੁਮਾਇੰਦਗੀ ਦਾ ਵਿਸ਼ੇਸ਼ ਖਿਆਲ ਰੱਖਣ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਸੰਤ ਹਰਨਾਮ ਸਿੰਘ ਖ਼ਾਲਸਾ ਨੇ ਆਸ ਪ੍ਰਗਟ ਕੀਤੀ ਕਿ ਸ: ਲੌਂਗੋਵਾਲ ਅਤੇ ਜਥੇ: ਕਰਮੂਵਾਲਾ ਦੀ ਟੀਮ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਨੂੰ ਹੋਰ ਬੁਲੰਦੀਆਂ ਵਿੱਚ ਲੈ ਜਾਣ ਅਤੇ ਧਰਮ ਪ੍ਰਚਾਰ ਲਹਿਰ ’ਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿੱਚ ਸਫਲ ਹੋਣਗੇ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਅਤੇ ਸੰਤ ਸਮਾਜ ਧਰਮ ਪ੍ਰਚਾਰ ਅਤੇ ਪੰਥ ਦੀ ਚੜ੍ਹਦੀਕਲਾ ਲਈ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੂੰ ਹਰ ਤਰਾਂ ਸਹਿਯੋਗ ਦੇਣ ਲਈ ਵਚਨਬੱਧ ਰਹੇਗਾ। ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ ।