ਚੰਡੀਗੜ੍ਹ – ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸਖਤ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਪੰਜਾਬ ਦੇ ਲਈ ਹਿੱਤਕਾਰੀ ਨਹੀਂ ਹੈ।ਇਸ ਬੱਜਟ ਵਿੱਚ ਪੰਜਾਬ ਨੂੰ ਕੋਈ ਵੀ ਤਵਜੋਂ ਨਹੀਂ ਦਿੱਤੀ ਗਈ ਅਤੇ ਨਾ ਹੀ ਰਾਜ ਦੇ ਹਿੱਤਾਂ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤ ਮੰਤਰੀ ਜੇਟਲੀ ਨੇ ਪੰਜਾਬ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਾਲ ਨਜ਼ਰਅੰਦਾਜ਼ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਕਰਜ਼ਾ ਮੁਆਫ਼ ਕਰਨ ਦੇ ਮੁੱਦੇ ਤੇ ਵੀ ਕੇਂਦਰ ਸਰਕਾਰ ਨੇ ਬੱਜਟ ਵਿੱਚ ਕੋਈ ਸਥਾਨ ਨਹੀਂ ਦਿੱਤਾ। ਸਵਾਮੀਨਾਥਨ ਕਮੇਟੀ ਦੀ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਵੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਸਬੰਧੀ ਬੱਜਟ ਵਿੱਚ ਜਗ੍ਹਾ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ।
ਕੈਪਟਨ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਕਿਸਾਨਾਂ ਦੀ ਕਰਜ਼ ਮਾਫ਼ੀ ਤੇ ਕੀਤੇ ਗਏ ਐਲਾਨ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਵੀ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਾਜ ਦੀ ਇਸ ਗੱਲ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਪੰਜਾਬ ਨੂੰ ਕੇਂਦਰ ਦੀ ਤਰਫੋਂ ਕੀਤੇ ਜਾਣ ਵਾਲੇ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਦੇ ਫੰਡ 90 ਅਤੇ 10 ਫੀਸਦੀ ਦੇ ਅਨੁਪਾਤ ਨਾਲ ਜਾਰੀ ਕੀਤੇ ਜਾਣ ਨਾ ਕਿ 60 ਅਤੇ 40 ਦੇ ਅਨੁਪਾਤ ਵਿੱਚ।
ਸੀਐਮ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਇਸੇ ਸਾਲ ਜਲ੍ਹਿਆਂਵਾਲੇ ਬਾਗ ਦੀ ਸ਼ਤਾਬਦੀ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਵੀ ਬੱਜਟ ਵਿੱਚ ਕੋਈ ਧੰਨਰਾਸ਼ੀ ਨਾ ਰੱਖ ਕੇ ਪੰਜਾਬ ਦੇ ਨਾਲ ਭੇਦਭਾਵ ਕੀਤਾ ਹੈ।