ਦਮਦਮੀ ਟਕਸਾਲ ਵੱਲੋਂ 34ਵਾਂ ਸ਼ਹੀਦੀ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ

ਮਹਿਤਾ ਚੌਕ, ( ਸਰਚਾਂਦ ਸਿੰਘ – ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ 34ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾ ਨਾਲ ਆਪ ਮੁਹਾਰੇ ਲੱਖਾਂ ਦੀ ਗਿਣਤੀ ‘ਚ ਉਮੜਿਆ ਸੰਗਤ ਦਾ ਸੈਲਾਬ ਨਜ਼ਰੀਂ ਆਇਆ। ਜਿਸ ਨੇ ਕਿ ਸ਼ਹੀਦੀ ਸਮਾਗਮ ਲਈ ਕੀਤੇ ਗਏ ਸਾਰੇ ਵਿਸ਼ੇਸ਼ ਪ੍ਰਬੰਧ ਫਿੱਕੇ ਪਾ ਦਿਤੇ ਹਨ।

ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਨੇ ਕਿਹਾ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਉਚ ਅਵਸਥਾ, ਧਾਰਮਿਕ ਪ੍ਰਾਪਤੀਆਂ ਅਤੇ ਕੁਰਬਾਨੀਆਂ ਵਾਲੇ ਜੀਵਨ ਸੰਘਰਸ਼ ‘ਤੇ ਰੌਸ਼ਨੀ ਪਾਈ ਅਤੇ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਨੇ ਆਪਣੀ ਕੁਰਬਾਨੀ ਦੇ ਕੇ ਸੁੱਤੀ ਕੌਮ ਨੂੰ ਜਗਾਇਆ।ਉਨ੍ਹਾਂ ਕਿਹਾ ਕਿ ਇਸ ਕਲਗ਼ੀਧਰ ਦੇ ਸਪੁੱਤਰ ਨੇ ਦੁਨੀਆ ਨੂੰ ਇਹ ਵੀ ਦੱਸ ਦਿੱਤਾ ਕਿ ਸਿੱਖ ਨਾ ਕੇਵਲ ਅਠਾਰ੍ਹਵੀਂ ਅਤੇ ਉਨੀਵੀ ਸਦੀ ‘ਚ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਂਦੇ ਰਹੇ ਸਗੋਂ ਉਹ ਵੀਹਵੀਂ ਸਦੀ ਵਿਚ ਵੀ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਦਸਿਆ ਕਿ ਸੰਤ ਜੀ ਅਤੇ ਸਾਥੀਆਂ ਨੇ 6 ਦਿਨ 6 ਰਾਤਾਂ ਭੁੱਖਣ ਭਾਣੇ ਰਹਿ ਕੇ ਵੀ ਹਮਲਾਵਰ ਫ਼ੌਜ ਦੇ 72 ਘੰਟੇ ਤਕ ਪੈਰ ਨਹੀਂ ਲੱਗਣ ਦਿਤੇ। ਉਨ੍ਹਾਂ ਅਜਿਹਾ ਲਾਸਾਨੀ ਇਤਿਹਾਸ ਸਿਰਜਿਆ ਜਿਸ ‘ਤੇ ਆਉਣ ਵਾਲੀਆਂ ਪੀੜੀਆਂ ਸਦਾ ਮਾਣ ਕਰਨਗੀਆਂ। ਉਨ੍ਹਾਂ ਕਿਹਾ ਕਿ ਸੰਤਾਂ ਦੀ ਕੁਰਬਾਨੀ ਤੇ ਹੋਰ ਮਹਾਨ ਸਿੰਘ ਦੀਆਂ ਸ਼ਹੀਦੀਆਂ ਦੀ ਬਦੌਲਤ ਦੇਸ਼ ਵਿਦੇਸ਼ ‘ਚ ਅੱਜ ਸਿੱਖ ਰਾਜਭਾਗ ਦੇ ਹਿੱਸੇਦਾਰ ਬਣੇ ਹੋਏ ਹਨ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਗੁਰਮਤਿ ਪ੍ਰਚਾਰ ਪ੍ਰਸਾਰ, ਧਰਮ ਪ੍ਰਚਾਰ ਅਤੇਅੰਮ੍ਰਿਤ ਸੰਚਾਰ ਮੁਹਿੰਮ ਨੂੰ ਤੇਜ ਕਰਨ ਅਤੇ ਜਥੇਬੰਦਕ ਪਸਾਰੇ ਲਈ ਦਮਦਮੀ ਟਕਸਾਲ ਨੂੰ ਜਥੇਬੰਦਕ ਢਾਂਚੇ ਵਿਚ ਬੰਨ੍ਹਦਿਆਂ ਹਰ ਜ਼ਿਲ੍ਹਾ ਅਤੇ ਸਰਕਲਾਂ ‘ਚ ਜਥੇਦਾਰ ਸਥਾਪਿਤ ਕੀਤੇ ਜਾਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਸੇਵਾ ਰਤਨ ਅਵਾਰਡ ਇਤਿਹਾਸਕ ਗੁਰਧਾਮਾਂ, ਸਰਾਵਾਂ, ਲੰਗਰ ਹਾਲਾਂ ਦੀ ਉਸਾਰੀ ਅਤੇ ਲੋੜਵੰਦਾਂ ਦੀ ਮਦਦ ਕਰਦਿਆਂ ਸਮਾਜ ਸੇਵਾ ਨੂੰ ਸਮਰਪਿਤ ਸੰਤ ਬਾਬਾ ਅਮਰੀਕ ਸਿੰਘ ਜੀ ਕਾਰਸੇਵਾ ਪਟਿਆਲੇ ਵਾਲਿਆਂ ਨੂੰ ਦਿਤਾ ਗਿਆ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਪੰਥ ਨੂੰ ਬਹੁਤ ਵਡੀ ਦੇਣ ਹੈ। ਗੁਰਬਾਣੀ ਪ੍ਰਚਾਰ ਪ੍ਰਸਾਰ, ਸ਼ਹਾਦਤਾਂ ਅਤੇ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਵਰਗੇ ਹਰ ਖੇਤਰ ‘ਚ ਟਕਸਾਲ ਅਗੇ ਰਹੀ ਹੈ। ਦਮਦਮੀ ਟਕਸਾਲ ਦੀ ਨੁਕਤਾਚੀਨ. ਕਰਨ ਵਾਲਿਆਂ ਨੂੰ ਆੜੇ ਹੱਥੀਂ ਲੈ ਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਪੰਥ  ਇਕ ਪਲੇਟ ਫਾਰਮ ‘ਤੇ ਇਕੱਤਰ ਹੋਵੇ। ਉਨ੍ਹਾਂ ਦਸਿਆ  ਿਕ ਸ੍ਰੀ ਅਕਾਲ ਤਖਤ ਸਾਹਿਬ ਪੰਥਕ ਏਕਤਾ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ। ਉਨ੍ਹਾਂ ਪੰਥ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰੋਗਰਾਮ ਉਲੀਕਣ ਦਾ ਸਦਾ ਦਿਤਾ।

ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਖੀ ਬਾਣੇ ‘ਚ ਸਿਖੀ ਸਿਧਾਂਤਾਂ, ਬਾਣੀ ਅਤੇ ਬਾਣੇ ਨੂੰ ਨਿਸ਼ਾਨਾ ਬਣਾ ਰਹੇ ਬਹੁਰੂਪੀਏ ਪ੍ਰਚਾਰਕਾਂ ਪ੍ਰਤੀ ਸੁਚੇਤ ਅਤੇ ਸਾਵਧਾਨ ਰਹਿਣ ਲਈ ਕੌਮ ਨੂੰ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮੀ ਟਕਸਾਲ ਨਾਲ ਗੂੜੀ ਸਾਂਝ ਦੀ ਗਲ ਕਰਦਿਆਂ ਦਸਿਆ ਕਿ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਦੇ ਜਥੇ ਤੋਂ ਬਚਪਨ ‘ਚ ਅੰਮ੍ਰਿਤ ਪਾਨ ਕੀਤਾ। ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਪੰਥ ਦੇ ਵਡੇ ਕਾਰਜ ਅਤੇ ਵਡੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਨੇ ਕੌਮ ਦੀ ਚੜ੍ਹਦੀਕਲਾ ਲਈ ਮੋਹਰੀ ਰੋਲ ਅਦਾ ਕਰਦੀ ਆਈ ਹੈ। ਉਨ੍ਹਾਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਕਹਿਣੀ ਅਤੇ ਕਥਨੀ ਦੇ ਪੂਰੇ ਸਨ ਜਿਨ੍ਹਾਂ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਹਿੰਦ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ  ਤੋਪਾਂ ਟੈਂਕਾਂ ਨਾਲ ਹਮਲਾ ਕਰ ਕੇ ਬਜ਼ੁਰਗਾਂ ਬੀਬੀਆਂ ਅਤੇ ਬਚਿਆਂ ਤਕ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਸੰਤ ਜੀ ਨੇ ਚੜਕੇ ਆਈ ਫ਼ੌਜ ਦਾ ਦਲੇਰੀ ਅਤੇ ਰਵਾਇਤ ਅਨੁਸਾਰ ਟਾਕਰਾ ਕਰਦਿਆਂ ਦੁਸ਼ਮਣ ਦੇ ਦੰਦ ਖੱਟੇ ਕੀਤੇ ਅਜ ਉਨ੍ਹਾਂ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਦੀ ਵਡੀ ਲੋੜ ਹੈ।  ਉਨ੍ਹਾਂ ਭਾਰਤ ‘ਚ ਘਟ ਗਿਣਤੀ ਸਿਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸ਼ਿਲਾਂਗ ਦੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਹਰ ਚੁਨੌਤੀ ਦਾ ਸਾਹਮਣਾ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਇਕੱਤਰ ਹੋਣ ਦੀ ਸੰਗਤ ਨੂੰ ਅਪੀਲ ਕੀਤੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਸਿਖ ਕੌਮ ਨੂੰ ਮਲੀਆਮੇਟ ਕਰਨ ਲਈ ਯਤਨਸ਼ੀਲ ਰਹੀਆਂ ਅਤੇ ਜੂਨ ’84 ਦਾ ਹਮਲਾ ਵੀ ਇਸੇ ਮਨਸ਼ੇ ਨਾਲ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸੰਤ ਭਿੰਡਰਾਂਵਾਲਿਆਂ ‘ਤੇ ਕੋਈ ਕੇਸ ਦਰਜ ਨਹੀਂ ਸਨ। ਉਨ੍ਹਾਂ ਕਿਹਾ ਕਿ ਇੰਦਰਾ ਹਕੂਮਤ ਨੇ ਦਮਦਮੀ ਟਕਸਾਲ ਨੂੰ ਮਿਟਾਉਣ ਦੀ ਤਹੱਈਆ ਕੀਤਾ ਹੋਇਆ ਸੀ। ਪਰ ਸੰਤ ਜੀ ਅਤੇ ਸਾਥੀਆਂ ਨੇ ਹਮਲਾਵਰ ਫ਼ੌਜ ਦੇ ਪੈਰ 72 ਘੰਟੇ ਤਕ ਨਾ ਲੱਗਣ ਦੇ ਕੇ ਜਾਬਰ ਹਕੂਮਤ ਅਤੇ ਫ਼ੌਜ ਦੇ ਸਭ ਭੁਲੇਖੇ ਦੂਰ ਕਰ ਦਿਤੇ ਸਨ।

ਦਿਲੀ ਸਿਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੀ ਤਰਫ਼ੋਂ ਹਾਜ਼ਰੀ ਲਵਾਉਂਦਿਆਂ ਦਿਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਨੇ ਦਿਲੀ ਕਮੇਟੀ ਵੱਲੋਂ ਸਿਖ ਕੈਦੀਆਂ ਦੀ ਰਿਹਾਈ ਅਤੇ ਨਵੰਬਰ ’84 ਦੇ ਸਿਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਆਦਿ ਨੂੰ ਸਖ਼ਤ ਸਜਾਵਾਂ ਦੇਣ ਆਦਿ ਪਾਸ ਕੀਤੇ ਗਏ ਮਤਿਆਂ ਪ੍ਰਤੀ ਸੰਗਤ ਤੋਂ ਪ੍ਰਵਾਨਗੀ ਲਈ।

ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਨੁਮਾਇੰਦਗੀ ਕਰਦਿਆਂ ਸ: ਕਰਨੈਲ ਸਿੰਘ ਪੰਜੋਲੀ ਨੇ ਸੰਤਾਂ ਦੀ ਤਸਵੀਰ ਨਾਲ ਛੇੜ ਛਾੜ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਸ਼ਰਾਰਤੀਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਦੀ ਗਲ ਕਹੀ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀਂ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਆੜੇ ਹਥੀ ਲਿਆ। ਉਨ੍ਹਾਂ ਨੌਜਵਾਨਾਂ ਨੂੰ ਇਤਿਹਾਸ ਤੋਂ ਜਾਣੂ ਹੋਣ ਦੀ ਲੋੜ ‘ਤੇ ਜੋਰ ਦਿਤਾ। ਉਨ੍ਹਾਂ ਕਿਹਾ ਕਿ ਕੌਮੀ ਕਵੀ ਸੰਤੋਖ ਸਿੰਘ ਅਤੇ ਗਿਆਨੀ ਗਿਆਨ ਸਿੰਘ ਦੀਆਂ ਲਿਖਤਾਂ ਪ੍ਰਤੀ ਪ੍ਰਚਾਰਕਾਂ ਵੱਲੋਂ ਸਟੇਜਾਂ ਤੋਂ ਸ਼ੰਕੇ ਖੜੇ ਕਰਨੇ ਕੌਮ ਦੇ ਹਿਤ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਅਨੰਦਪੁਰ ਦਾ ਮਤਾ ਰਾਜਾਂ ਦੇ ਵਧ ਅਧਿਕਾਰਾਂ ਨਾਲ ਸੰਬੰਧ ਰਖਦਾ ਹੈ।

ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦਵਾਰਾ ਰਕਾਬ ਗੰਜ ਸਾਹਿਬ ਦਿਲੀ ਨੇ ਪੰਥਕ ਏਕਤਾ ‘ਤੇ ਜੋਰ ਦਿੰਦਿਆਂ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਭਟਕਿਆਂ ਨੂੰ ਵੀ ਗਲ ਨਾਲ ਲਾਉਣ ਦੀ ਅਪੀਲ ਕੀਤੀ।  ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਅਮੀਰ ਸਿੰਘ ਜਵਦੀ ਕਲਾਂ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਜਥੇਦਾਰ ਅਵਤਾਰ ਸਿੰਘ ਸੰਪਰਦਾਈ ਬਿਧੀ ਚੰਦ ਸੁਰ ਸਿੰਘ ਨੇ ਦਮਦਮੀ ਟਕਸਾਲਾ ਵੱਲੋਂ ਪੰਥ ਦੀ ਚੜ੍ਹਦੀ ਕਲਾ ਲਈ ਪਾਏ ਗਏ ਯੋਗਦਾਨ ਨੂੰ ਸਲਾਹੁੰਦਿਆਂ ਟਕਸਾਲ ਨੂੰ ਹਰ ਤਰਾਂ ਸਹਿਯੋਗ ਦੇਣ ਦਾ ਐਲਾਨ ਕੀਤਾ।

ਦਮਦਮੀ ਟਕਸਾਲ ਵੱਲੋਂ ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਨੇ ਮਤੇ ਪੇਸ਼ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪਾਂ ਦੀ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਪ੍ਰਤੀ ਗਹਿਰੀ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੋਇਆ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਹੈ। ਦੂਜੇ ਮਤੇ ਰਾਹੀਂ ਲੰਮੇ ਸਮੇਂ ਤੋਂ ਜੇਲ੍ਹਾਂ ‘ਚ  ਕੈਦ ਸਿੱਖ ਕੈਦੀਆਂ ਜੋ ਕਿ ਸਜਾਵਾਂ ਪੂਰੀਆਂ ਕਰ ਚੁਕੇ ਹਨ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ। ਇਕ ਮਤੇ ‘ਚ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਸਿੱਖ ਭਾਈਚਾਰੇ ਉੱਤੇ ਸ਼ਰਾਰਤੀ ਤੱਤਾਂ ਵੱਲੋਂ ਕੀਤੇ ਜਾ ਰਹੇ ਵੱਡੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ। ਆਖ਼ਰੀ ਮਤੇ ‘ਚ ਇਤਿਹਾਸਕ ਗੁਰਦਵਾਰਾ ਗਿਆਨ ਗੋਦੜੀ ਸਾਹਿਬ, ਹਰਿਦਵਾਰ ਨੂੰ ਮੂਲ ਇਤਿਹਾਸਕ ਅਸਥਾਨ ‘ਤੇ ਮੁੜ ਸਥਾਪਿਤ ਕਰਨ ਅਤੇ ਸਿੱਕਮ ਦੇ ਇਤਿਹਾਸਕ ਗੁਰਦਵਾਰਾ ਡਾਂਗ ਮਾਰ ਸਾਹਿਬ ਦੀ ਸੇਵਾ ਸੰਭਾਲ ਤੁਰੰਤ ਸਿੱਖ ਭਾਈਚਾਰੇ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ। ਜਿਸ ਨੂੰ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਪਰਵਾਨਗੀ ਦਿਤੀ ਗਈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>