ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ : ਬਾਦਲਾਂ ਲਈ ਨਮੋਸ਼ੀ

ਸਾਊ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਪੁਰਸਕਾਰ ਮਿਲਣ ਤੇ ਬਾਦਲ ਪਰਿਵਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਪ੍ਰਧਾਨ ਤੋਂ ਇਲਾਵਾ ਸਾਰੇ ਅਕਾਲੀ ਨੇਤਾਵਾਂ ਨੇ ਇਹ ਪੁਰਸਕਾਰ ਮਿਲਣ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਵਧਾਈ ਦਿੱਤੀ ਹੈ। ਵਧਾਈ ਦੇਣ ਲਈ ਭਾਰਤੀ ਜਨਤਾ ਪਾਰਟੀ ਦੇ ਨੇਤਾ ਵੀ ਪੱਬਾਂ ਭਾਰ ਹੋਏ ਪਏ ਹਨ। ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ ਦੀ ਕਹਾਵਤ ਸਾਊ ਸਿਆਸਤਦਾਨ ਅਤੇ ਖੇਡ ਪ੍ਰੇਮੀ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ ਸਰਕਾਰ ਵੱਲੋਂ ਪਦਮ ਭੂਸ਼ਣ ਪੁਰਸਕਾਰ ਦਾ ਐਲਾਨ ਕਰਨ ਨਾਲ ਸਹੀ ਸਾਬਤ ਹੋ ਗਈ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਭਾਵੇਂ ਅਕਾਲੀ ਦਲ ਅਤੇ ਭਾਰਤੀ ਪਾਰਟੀ ਦਾ ਕੇਂਦਰ ਅਤੇ ਪੰਜਾਬ ਵਿਚ ਭਾਈਵਾਲ ਹੈ ਪ੍ਰੰਤੂ ਭਾਰਤੀ ਜਨਤਾ ਪਾਰਟੀ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਹਰਵਿੰਦਰ ਸਿੰਘ ਫੂਲਕਾ ਨੂੰ ਦਿੱਤੇ ਇਨ੍ਹਾਂ ਪੁਰਸਕਾਰਾਂ ਬਾਰੇ ਸ਼ਰੋਮਣੀ ਅਕਾਲੀ ਦਲ ਦੇ ਦਿਗਜ਼ ਨੇਤਾ ਪਰਕਾਸ਼ ਸਿੰਘ ਬਾਦਲ ਦੀ ਸਲਾਹ ਲੈਣਾ ਤਾਂ ਦੂਰ ਦੀ ਗੱਲ ਰਹੀ ਪ੍ਰੰਤੂ ਉਨ੍ਹਾਂ ਨੂੰ ਭਿਣਕ ਵੀ ਨਹੀਂ ਪੈਣ ਦਿੱਤੀ। ਜੇਕਰ ਪਰਕਾਸ਼ ਸਿੰਘ ਬਾਦਲ ਨੂੰ ਭਰੋਸੇ ਵਿਚ ਲੈਂਦੇ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਆਪਣੇ ਆਪ ਨੂੰ ਇਹ ਪੁਰਸਕਾਰ ਲੈਣ ਲਈ ਕਹਿਣਾ ਸੀ। ਸੁਖਦੇਵ ਸਿੰਘ ਢੀਂਡਸਾ ਨੂੰ ਇਹ ਪੁਰਸਕਾਰ ਦੇਣ ਦਾ ਭਾਵ ਇਹ ਹੈ ਕਿ ਭਾਰਤੀ ਜਨਤਾ ਪਾਰਟੀ ਨਰਮਦਲੀਏ ਅਕਾਲੀਆਂ ਨੂੰ ਆਪਣੇ ਨਾਲ ਜੋੜਨਾ ਚਾਹੁੰਦੀ ਹੈ।

ਪਦਮ ਸ੍ਰੀ ਪੁਰਸਕਾਰ ਤਾਂ ਪਹਿਲਾਂ ਵੀ ਪੰਜਾਬੀਆਂ ਅਤੇ ਸਿੱਖਾਂ ਨੂੰ ਦਿੱਤੇ ਗਏ ਹਨ ਪ੍ਰੰਤੂ ਪਦਮ ਭੂਸ਼ਣ ਪੁਰਸਕਾਰ ਪਹਿਲੀ ਵਾਰ ਕਿਸੇ ਸਿੱਖ ਅਤੇ ਖਾਸ ਤੌਰ ਤੇ ਅਕਾਲੀ ਦਲ ਦੇ ਨੇਤਾ ਨੂੰ ਦਿੱਤਾ ਗਿਆ ਹੈ। ਇਸ ਪੁਰਸਕਾਰ ਤੋਂ ਇਹ ਵੀ ਕਨਸੋਅ ਮਿਲਦੀ ਹੈ ਕਿ ਦੋਹਾਂ ਪਾਰਟੀਆਂ ਵਿਚ ਵਿਚਾਰਧਾਰਾ ਦੇ ਵਖਰੇਵੇਂ ਦੀ ਕੋਈ ਖਿਚੜੀ ਪੱਕ ਰਹੀ ਹੈ। ਪੁਰਸਕਾਰਾਂ ਵਿਚ ਵੋਟਾਂ ਦੀ ਰਾਜਨੀਤੀ ਭਾਰੂ ਹੋ ਗਈ ਹੈ। ਤਿੰਨ ਭਾਰਤ ਰਤਨ ਦੇ ਪੁਰਸਕਾਰਾਂ ਵਿਚੋਂ ਦੋ ਵਿਅਕਤੀ ਭੁਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਭਾਵੇਂ ਆਪੋ ਆਪਣੇ ਖੇਤਰਾਂ ਦੇ ਮਾਹਿਰ ਹਨ ਪ੍ਰੰਤੂ ਸਭ ਤੋਂ ਪਹਿਲਾਂ ਉਹ ਆਰ ਐਸੇ ਐਸ ਦੇ ਕਾਰਜਕਰਤਾ ਹਨ। ਪ੍ਰਣਾਬ ਮੁਕਰਜੀ ਨੂੰ ਭਾਰਤ ਦਾ ਸਭ ਤੋਂ ਸਰਵੋਤਮ ਪੁਰਸਕਾਰ ਭਾਰਤ ਰਤਨ ਦੇਣਾ ਵੀ ਪੱਛਵੀਂ ਬੰਗਾਲ ਵਿਚੋਂ ਭਾਰਤੀ ਜਨਤਾ ਪਾਰਟੀ ਦੀ ਵੋਟਾਂ ਲੈਣ ਦੀ ਚਾਲ ਕਹੀ ਜਾ ਸਕਦੀ ਹੈ। ਅਜੇ ਤੱਕ ਕਿਸੇ ਵੀ ਸਿੱਖ ਨੂੰ ਭਾਰਤ ਰਤਨ ਨਹੀਂ ਦਿੱਤਾ ਗਿਆ ਜਦੋਂ ਕਿ ਡਾ ਮਨਮੋਹਨ ਸਿੰਘ ਹੱਕਦਾਰ ਹਨ।  ਭਾਰਤ ਰਤਨ ਪੁਰਸਕਾਰਾਂ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ। ਤਾਜਾ ਘਟਨਾਕਰਮ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਪਾਰਟੀ ਦੀ ਬਿਹਤਰੀ ਅਤੇ ਹੋਂਦ ਕਾਇਮ ਰੱਖਣ ਲਈ ਆਪਣੇ ਅਹੁਦੇ ਤੋਂ ਲਾਂਭੇ ਹੋਣ ਦਾ ਬਿਆਨ ਦੇ ਕੇ ਇਕ ਵਾਰ ਫਿਰ ਅਕਾਲੀ ਦਲ ਵਿਚ ਬਗਾਬਤ ਦਾ ਰਾਹ ਸਾਫ ਕਰ ਦਿੱਤਾ ਹੈ ਜੋ ਕਿ ਭਾਰਤੀ ਜਨਤਾ ਪਾਰਟੀ ਦੇ ਕਦਮ ਦੀ ਪੁਸ਼ਟੀ ਕਰਦਾ ਹੈ। ਦੂਜੇ ਪਾਸੇ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਪੁਰਸਕਾਰ ਦੇ ਕੇ 1984 ਦੀਆਂ ਘਟਨਾਵਾਂ ਤੋਂ ਪ੍ਰਭਾਵਤ ਸਿੱਖਾਂ ਨੂੰ ਵੀ ਖ਼ੁਸ਼ ਕਰਨਾ ਚਾਹੁੰਦੀ ਹੈ। ਸੁਖਦੇਵ ਸਿੰਘ ਢੀਂਡਸਾ, ਰਾਜ ਸਭਾ ਦੇ ਸਾਬਕਾ ਮੈਂਬਰ ਤਰਲੋਚਨ ਸਿੰਘ ਅਤੇ ਰੋਜ਼ਾਨਾ ਅਜੀਤ ਸਮੂਹ ਅਖ਼ਬਾਰਾਂ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੀ ਦੋਸਤੀ ਵੀ ਰੰਗ ਲਿਆਈ ਹੈ ਕਿਉਂਕਿ ਇਸ ਤਿਕੜੀ ਦੀ ਅਕਾਲੀ ਦਲ ਦੇ ਪ੍ਰਧਾਨ ਨਾਲ ਸੁਰ ਨਹੀਂ ਮਿਲਦੀ। ਤਰਲੋਚਨ ਸਿੰਘ ਦਿੱਲੀ ਵਿਚ ਬੈਠਾ ਹਰ ਸਿਆਸੀ ਘਟਨਾ ਤੇ ਤਿੱਖੀ ਨਜ਼ਰ ਰੱਖਦਾ ਹੈ।

ਸਿਆਸਤ ਇਕ ਅਜੇਹਾ ਖੇਤਰ ਹੈ, ਜਿਸ ਵਿਚ ਸਫਲ ਹੋਣ ਲਈ ਕਿਸੇ ਵੀ ਸਾਥੀ ਸਿਆਸਤਦਾਨ ਨੂੰ ਬਖ਼ਸ਼ਿਆ ਨਹੀਂ ਜਾਂਦਾ। ਆਪਣੇ ਆਪ ਨੂੰ ਸਿਆਸਤ ਵਿਚ ਸਥਾਪਤ ਕਰਨ ਲਈ ਹਰ ਜਾਇਜ਼ ਨਜ਼ਾਇਜ਼ ਵਸੀਲਾ ਵਰਤਿਆ ਜਾਂਦਾ ਹੈ। ਇਸ ਲਈ ਕਿਸੇ ਵਿਅਕਤੀ ਬਾਰੇ ਅੱਜ ਦੇ ਤਿਗੜਮਬਾਜ਼ੀ ਦੇ ਜ਼ਮਾਨੇ ਵਿਚ ਸਾਊ ਸ਼ਬਦ ਵਰਤਣਾ ਅਜੀਬ ਜਿਹਾ ਲੱਗਦਾ ਹੈ ਕਿਉਂਕਿ ਅਜੋਕੇ ਸਿਆਸਤਦਾਨਾ ਦੇ ਕਿਰਦਾਰ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ  ਨੂੰ ਸ਼ੱਕ ਦੀ ਨਿਗਾਹ ਨਾਲ ਵੇਖਿਆ ਜਾਂਦਾ ਹੈ। ਸਿਆਸਤ ਵਿਚ ਜੁਮਲੇਬਾਜ਼ੀ ਭਾਰੂ ਹੋ ਰਹੀ ਹੈ। ਚੋਣਾਂ ਜਿੱਤਣ ਅਤੇ ਆਪਣੀਆਂ ਹੀ ਪਾਰਟੀਆਂ ਵਿਚ ਆਪਣੀ ਜਗ੍ਹਾ ਬਣਾਉਣ ਲਈ ਉਨ੍ਹਾਂ ਨੂੰ ਕਈ ਕਿਸਮ ਦੇ ਵੇਲਣ ਵੇਲਣੇ ਪੈਂਦੇ ਹਨ। ਜਿਹੜਾ ਸਿਆਸਤਦਾਨ ਸਾਥੀਆਂ ਨੂੰ ਠਿੱਬੀ ਲਾਉਣ ਦਾ ਮਾਹਰ ਹੁੰਦਾ ਹੈ, ਉਸਨੂੰ ਸਫਲ ਸਿਆਸਤਦਾਨ ਗਿਣਿਆਂ ਜਾਂਦਾ ਹੈ ਪ੍ਰੰਤੂ ਸੁਖਦੇਵ ਸਿੰਘ ਢੀਂਡਸਾ ਇਕ ਪ੍ਰਬੁੱਧ, ਸ਼ਰੀਫ, ਸੁਲਝਿਆ ਹੋਇਆ, ਸਿਆਣਾ, ਸ਼ਹਿਣਸ਼ੀਲ, ਸਹਿਯੋਗੀ, ਨਮਰਤਾ ਤੇ ਸਬਰ ਸੰਤੋਖ਼ ਵਾਲਾ, ਮਿਠਬੋਲੜਾ ਅਤੇ ਸਾਧਾਰਣਤਾ ਦਾ ਪ੍ਰਤੀਕ ਦਰਵੇਸ਼ ਸਿਆਤਦਾਨ ਹੈ। ਉਸਦੇ ਵਿਅਕਤਤਿਵ ਨਾਲ ਜਿਤਨੇ ਵੀ ਵਿਸ਼ੇਸ਼ਣ ਲਗਾ ਲਏ ਜਾਣ ਉਤਨੇ ਹੀ ਥੋੜ੍ਹੇ ਹਨ। ਸਿਆਸਤ ਵਿਚ ਆਪਣਾ ਸਥਾਨ ਆਪਣੀ ਹਿੰਮਤ, ਦਲੇਰੀ ਅਤੇ ਹਲੀਮੀ ਨਾਲ ਬਣਾਇਆ ਹੈ। ਇਕ ਆਮ ਦਿਹਾਤੀ ਖੇਤੀਬਾੜੀ ਕਰਨ ਵਾਲੇ ਪਰਿਵਾਰ ਵਿਚੋਂ ਉਠਕੇ ਭਾਰਤ ਦੀ ਸਿਆਸਤ ਵਿਚ ਆਪਣਾ ਵਿਲੱਖਣ ਸਥਾਨ ਬਣਾਇਆ ਹੈ। ਉਹ ਪਹਿਲੀ ਵਾਰ ਆਪਣੇ ਦਮ ਨਾਲ ਆਜ਼ਾਦ ਉਮੀਦਵਾਰ ਦੇ ਤੌਰ ਤੇ ਸਫਲ ਹੋਇਆ ਸੀ ਕਿਉਂਕਿ ਅਕਾਲੀ ਦਲ ਉਸਨੂੰ ਟਿਕਟ ਦੇਣ ਤੋਂ ਕੰਨੀ ਕਤਰਾਊਂਦਾ ਸੀ। ਇਸ ਲਈ ਉਸਨੇ ਆਪਣੀ ਕਾਬਲੀਅਤ ਦਾ ਸਬੂਤ ਦੇਣ ਲਈ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਸੀ। ਅਕਾਲੀ ਦਲ ਨੇ ਉਦੋਂ ਉਸਨੂੰ ਆਪਣੀ ਲੋੜ ਕਰਕੇ ਸ਼ਾਮਲ ਕੀਤਾ ਸੀ। ਅਕਾਲੀ ਦਲ ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਸੁਰਜੀਤ ਸਿੰਘ ਬਰਨਾਲਾ ਵਰਗੇ ਦਿਗਜ ਨੇਤਾਵਾਂ ਦੇ ਜਿਲ੍ਹੇ ਵਿਚ ਸਥਾਪਤ ਹੋਣਾ ਬਹੁਤ ਮੁਸ਼ਕਲ ਸੀ ਪ੍ਰੰਤੂ ਸੁਖਦੇਵ ਸਿੰਘ ਢੀਂਡਸਾ ਨੇ ਹੌਸਲਾ ਨਹੀਂ ਹਾਰਿਆ। ਚੁੱਪ ਚੁਪੀਤੇ ਆਪਣਾ ਕੰਮ ਕਰਦਾ ਰਿਹਾ। ਮਿਠਤੁ ਨੀਵੀਂ ਨਾਨਕਾ ਗੁਣ ਚੰਗਿਆਈਆਂ ਤੱਤ ਦੇ ਸਿਧਾਂਤ ਤੇ ਪਹਿਰਾ ਦਿੰਦਾ ਰਿਹਾ। ਅਕਾਲੀ ਦਲ ਧਾਰਮਿਕ ਪਾਰਟੀ ਹੈ, ਅਜਿਹੀ ਪਾਰਟੀ ਵਿਚ ਧਰਮ ਨਿਰਪੱਖ ਰਹਿਣਾ ਅਤੇ ਪਾਰਟੀ ਦੀ ਸਿਖਰਲੀ ਪੌੜੀ ਦੇ ਨਜ਼ਦੀਕ ਪਹੁੰਚਣਾ ਖਾਲਾ ਜੀ ਦਾ ਵਾੜਾ ਨਹੀਂ ਪ੍ਰੰਤੂ ਉਸਦੀ ਹਲੀਮੀ ਅਤੇ ਸਭੇ ਸਾਂਝੀਵਾਲ ਸਦਾਇਨ ਵਿਚ ਵਿਸ਼ਵਾਸ਼ ਰੱਖਣ ਦੀ ਪ੍ਰਵਿਰਤੀ ਨੇ ਪਾਰਟੀ ਦੇ ਸਕੱਤਰ ਜਨਰਲ ਦੇ ਅਹੁਦੇ ਤੇ ਪਹੁੰਚਾਇਆ। ਇਹ ਅਹੁਦਾ ਵੀ ਸੁਖਦੇਵ ਸਿੰਘ ਢੀਂਡਸਾ ਲਈ ਬਣਾਇਆ ਗਿਆ ਸੀ। ਅਹੁਦੇ ਪ੍ਰਾਪਤ ਕਰਨੇ ਔਖੇ ਨਹੀਂ ਹੁੰਦੇ ਪ੍ਰੰਤੂ ਇਨ੍ਹਾਂ ਅਹੁਦਿਆਂ ਦੀ ਸ਼ਾਲੀਨਤਾ ਨੂੰ ਬਣਾਈ ਰੱਖਣਾ ਅਸੰਭਵ ਹੁੰਦਾ ਹੈ। ਉਨ੍ਹਾਂ ਇਸ ਅਹੁਦੇ ਦੀ ਮਾਣਤਾ ਵਧਾਈ। ਸਾਰੀ ਉਮਰ ਕਿਸੇ ਵਾਦਵਿਵਾਦ ਵਿਚ ਨਹੀਂ ਪਏ। ਆਪ ਦੀ ਵਿਲੱਖਣਤਾ ਇਹ ਹੈ ਕਿ ਇਤਨੇ ¦ਮੇ ਸਿਆਸੀ ਕੈਰੀਅਰ ਵਿਚ ਜਦੋਂ ਕਿ ਆਪ ਪੰਜਾਬ ਅਤੇ ਕੇਂਦਰ ਸਰਕਾਰ ਵਿਚ ਵੀ ਮੰਤਰੀ ਰਹੇ ਅਤੇ ਮਹੱਤਵਪੂਰਨ ਖੇਡ ਸੰਸਥਾਵਾਂ ਦੇ ਮੁਖੀ ਰਹੇ ਪ੍ਰੰਤੂ ਅੱਜ ਤੱਕ ਭਰਿਸ਼ਟਾਚਾਰ ਦਾ ਕੋਈ ਇਲਜ਼ਾਮ ਨਹੀਂ ਲੱਗਿਆ। ਇਸ ਲਈ ਆਪਨੂੰ ਇਮਾਨਦਾਰੀ ਅਤੇ ਹਲੀਮੀ ਦਾ ਪ੍ਰਤੀਕ ਵੀ ਕਿਹਾ ਜਾ ਸਕਦਾ ਹੈ। ਆਪਨੇ ਆਪਣੀ ਸਿਆਸੀ ਚਿੱਟੀ ਚਾਦਰ ਨੂੰ ਕੋਈ ਦਾਗ਼ ਨਹੀਂ ਲੱਗਣ ਦਿੱਤਾ। ਸ੍ਰ ਸੁਖਦੇਵ ਸਿੰਘ ਢੀਂਡਸਾ ਦਾ ਜਨਮ ਸੰਗਰੂਰ ਜਿਲ੍ਹੇ ਦੇ ਪਿੰਡ ਉਭਾਵਾਲ ਵਿਖੇ ਇਕ ਸਾਧਾਰਨ ਜੱਟ ਸਿੱਖ ਪਰਿਵਾਰ ਵਿੱਚ ਸ੍ਰ ਰਤਨ ਸਿੰਘ ਅਤੇ ਮਾਤਾ ਲਾਭ ਕੌਰ ਦੇ ਘਰ 9 ਅਪ੍ਰੈਲ 1936 ਨੂੰ ਹੋਇਆ ਸੀ। ਆਪ ਨੇ ਮੁੱਢਲੀ ਸਿੱਖਿਆ ਗੁਰੂ ਨਾਨਕ ਹਾਈ ਸਕੂਲ ਸੰਗਰੂਰ ਅਤੇ ਬੀ ਏ ਦੀ ਡਿਗਰੀ ਰਣਬੀਰ ਕਾਲਜ ਸੰਗਰੂਰ ਤੋਂ ਪਾਸ ਕੀਤੀ। ਉਭਾ ਪਿੰਡ ਦੇ ਕਾਲਜ ਵਿੱਚ ਦਾਖਲਾ ਲੈਣ ਵਾਲੇ ਆਪ ਪਹਿਲੇ ਵਿਦਿਆਰਥੀ ਸਨ। ਕਾਲਜ ਦੀ ਪੜ੍ਹਾਈ ਦੌਰਾਨ ਹੀ ਆਪ ਨੇ ਸਿਆਸਤ ਵਿੱਚ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ ਤੇ ਆਪ ਕਾਲਜ ਦੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਰਹੇ। ਬੀ ਏ ਕਰਨ ਤੋਂ ਬਾਅਦ ਥੋੜ੍ਹੀ ਦੇਰ ਲਈ ਇਸੇ ਕਾਲਜ ਦੀ ਲਾਇਬਰੇਰੀ ਵਿੱਚ ਕੰਮ ਕੀਤਾ। ਆਪ ਦਾ ਵਿਆਹ 1962 ਵਿੱਚ ਸ੍ਰੀਮਤੀ ਹਰਜੀਤ ਕੌਰ ਨਾਲ ਹੋ ਗਿਆ। ਆਪ ਦੇ ਇੱਕ ਲੜਕਾ ਪ੍ਰਮਿੰਦਰ ਸਿੰਘ ਅਤੇ ਦੋ ਲੜਕੀਆਂ ਹਨ। ਆਪ ਦਾ ਲੜਕਾ ਪ੍ਰਮਿੰਦਰ ਸਿੰਘ ਪਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਵਿਤ ਮੰਤਰੀ ਰਿਹਾ ਹੈ ਅਤੇ ਹੁਣ ਸੰਗਰੂਰ ਜਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਵਿਧਾਨਕਾਰ ਹੈ। ਆਪਦਾ ਇਕ ਜਵਾਈ ਤੇਜਿੰਦਰਪਾਲ ਸਿੰਘ ਸਿੱਧੂ ਆਈ ਏ ਐਸ ਅਧਿਕਾਰੀ ਸੇਵਾ ਮੁਕਤ ਹੋਇਆ ਹੈ। ਸਿਆਸਤ ਦੀ ਪਹਿਲੀ ਪੌੜੀ ਆਪ ਨੇ ਪਿੰਡ ਉਭਾਵਾਲ ਦੇ 1962 ਵਿੱਚ ਸਰਪੰਚ ਬਣਕੇ ਸਰ ਕੀਤੀ। ਇਸ ਤੋਂ ਬਾਅਦ ਬਾਕਾਇਦਾ ਆਪ ਦਾ ਸਿਆਸੀ ਕੈਰੀਅਰ ਸ਼ੁਰੂ ਹੋ ਗਿਆ। ਆਪ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਮੈਂਬਰ ਵੀ ਰਹੇ ਹਨ। ਪਹਿਲੀ ਵਾਰ  1972 ਵਿੱਚ ਪੰਜਾਬ ਵਿਧਾਨ ਸਭਾ ਦੀ ਚੋਣ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜੇ ਅਤੇ ਐਮ ਐਲ ਏ ਬਣ ਗਏ। ਇਸ ਤੋਂ ਬਾਦ ਆਪ ਪੰਜਾਬ ਵਿਧਾਨ ਸਭਾ ਲਈ 1977, 80 ਅਤੇ 85 ਵਿੱਚ ਚੋਣ ਲੜੇ ਅਤੇ ਐਮ ਐਲ ਏ ਬਣ ਗਏ। ਆਪ ਨੂੰ 1973 ਵਿੱਚ ਸ਼ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾ ਦਿੱਤਾ ਗਿਆ ਕਿਉਂਕਿ ਆਪ ਸ੍ਰ ਪ੍ਰਕਾਸ਼ ਸਿੰਘ ਬਾਦਲ ਦੇ ਹਮੇਸ਼ਾ ਦੁਖ ਸੁਖ ਦੇ ਸਾਥੀ ਰਹੇ ਹਨ। ਆਪ 1977 ਤੋਂ 80 ਤੱਕ ਪੰਜਾਬ ਮੰਤਰੀ ਮੰਡਲ ਵਿੱਚ ਖੇਡਾਂ, ਸਭਿਆਚਾਰਕ ਮਾਮਲੇ, ਸ਼ਹਿਰੀ ਹਵਾਬਾਜੀ ਅਤੇ ਟ੍ਰਾਂਸਪੋਰਟ ਵਿਭਾਗਾਂ ਦੇ ਮੰਤਰੀ ਰਹੇ। ਅਕਾਲੀ ਦਲ ਦੀ ਸਿਆਸਤ ਵਿਚ ਕਈ ਵਾਰ ਉਤਰਾਅ ਚੜ੍ਹਾਅ ਆਏ, ਜਿਸ ਕਰਕੇ ਫਿਰ ਆਪਨੂੰ 1997 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਦਾ ਚੇਅਰਮੈਨ ਲਗਾਇਆ ਗਿਆ, ਜਿਸ ਅਹੁਦੇ ਤੇ ਆਪ 1998 ਤੱਕ ਰਹੇ। 1998 ਵਿੱਚ ਹੀ ਆਪ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ। ਆਪ 1999 ਤੋਂ 2004 ਤੱਕ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਿੱਚ ਯੁਵਕ ਮਾਮਲੇ, ਖੇਡਾਂ ਅਤੇ ਖਾਦ ਤੇ ਰਸਾਇਣ ਵਿਭਾਗਾਂ ਦੇ ਕੇਂਦਰੀ ਮੰਤਰੀ ਰਹੇ। ਆਪਨੇ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੀ ਯਾਤਰਾ ਕੀਤੀ। ਆਪ ਨੂੰ ਖੇਡਾਂ ਵਿੱਚ ਵਿਸ਼ੇਸ਼ ਦਿਲਚਸਪੀ ਹੈ ਅਤੇ ਆਪ ਪੰਜਾਬ ਓ¦ਪਿਕ ਐਸੋਸੀਏਸ਼ਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਖੇਡ ਸੰਸਥਾਵਾਂ ਦੇ ਪ੍ਰਧਾਨ ਹਨ, ਜਿਹਨਾਂ ਵਿੱਚ ਸਾਈਕ¦ਿਗ ਫੈਡਰੇਸ਼ਨ ਆਫ ਇੰਡੀਆ, ਪੰਜਾਬ ਬਾਕਸਿੰਗ ਅਤੇ ਰੋਇੰਗ ਐਸੋਸੀਏਸ਼ਨ ਸ਼ਾਮਲ ਹਨ। ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀਬਾਜ਼ੀ ਤੋਂ ਉਪਰ ਉਠਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਹਲੀਮੀ ਦਾ ਪੁਜਾਰੀ ਹੋਣ ਕਰਕੇ ਸਤਿਕਾਰ ਦਿੰਦੇ ਹਨ। ਕਾਂਗਰਸ ਦੀਆਂ ਸਰਕਾਰਾਂ ਸਮੇਂ ਵੀ ਆਪ ਨੂੰ ਖੇਡ ਸੰਸਥਾਵਾਂ ਦੇ ਮੁੱਖੀ ਚੁਣਿਆਂ ਜਾਂਦਾ ਰਿਹਾ ਹੈ। ਆਪ ਨੇ ਬਹੁਤ ਸਾਰੇ ਖਿਡਾਰੀਆਂ ਨੂੰ ਸਰਪ੍ਰਸਤੀ ਦਿੱਤੀ। 2014 ਦੀ ਲੋਕ ਸਭਾ ਚੋਣ ਵਿਚ ਆਪ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਆਪ ਇਸ ਸਮੇਂ ਰਾਜ ਸਭਾ ਦੇ ਮੈਂਬਰ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਇਤਨੇ ਸੀਨੀਅਰ ਮੈਂਬਰ ਨੂੰ ਅਕਾਲੀ ਦਲ ਨੇ ਅਣਡਿਠ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਕੀਤਾ ਗਿਆ। ਅਕਾਲੀ ਦਲ ਦੇ ਸਕੱਤਰ ਜਨਰਲ ਹੁੰਦੇ ਹੋਏ ਆਪਨੇ ਕਈ ਮਹੱਤਵਪੂਰਨ ਫ਼ੈਸਲਿਆਂ ਤੇ ਪਾਰਟੀ ਦੀਆਂ ਮੀਟਿੰਗਾਂ ਵਿਚ ਕਿੰਤੂ ਪ੍ਰੰਤੂ ਵੀ ਕੀਤਾ ਪ੍ਰੰਤੂ ਆਪਦੀ ਇਕ ਵੀ ਨਹੀਂ ਸੁਣੀ ਗਈ। ਬਰਗਾੜੀ ਕਾਂਢ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਜਦੋਂ ਇਹ ਸਾਫ ਹੋ ਗਿਆ ਕਿ ਇਸ ਕਾਂਢ ਵਿਚ ਸਰਕਾਰ ਦੀ ਅਣਗਹਿਲੀ ਹੋਈ ਹੈ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਸੱਟ ਵੱਜੀ ਹੈ ਤਾਂ ਆਪਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਵਡੇਰੀ ਉਮਰ ਦਾ ਬਹਾਨਾ ਬਣਾਕੇ ਅਸਤੀਫਾ ਦੇ ਦਿੱਤਾ। ਅਕਾਲੀ ਦਲ ਨੂੰ ਬਚਾਉਣ ਲਈ ਪਾਰਟੀ ਦੇ ਪ੍ਰਧਾਨ ਦੀ ਕਾਰਗੁਜ਼ਾਰੀ ਤੇ ਵੀ ਕਿੰਤੂ ਪ੍ਰੰਤੂ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਦੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਹੀ ਬਰਗਾੜੀ ਕਾਂਢ ਵਿਚ ਉਦੋਂ ਦੀ ਸਰਕਾਰ ਅਤੇ ਪਾਰਟੀ ਦੀ ਅਣਗਹਿਲੀ ਦੇ ਇਲਜ਼ਾਮ ਲਗਾਕੇ ਅਕਾਲੀ ਦਲ ਦੇ ਸੀਨੀਅਰ ਮਾਝੇ ਦੇ ਨੇਤਾਵਾਂ ਨੇ ਅਸਤੀਫੇ ਦਿੱਤੇ ਸਨ। ਜਿਸਦੇ ਸਿੱਟੇ ਵਜੋਂ ਅਕਾਲੀ ਦਲ ਦੋਫ਼ਾੜ ਹੋ ਗਿਆ ਹੈ। ਤਾਜਾ ਘਟਨਾਕਰਮ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਪਾਰਟੀ ਦੀ ਬਿਹਤਰੀ ਅਤੇ ਹੋਂਦ ਕਾਇਮ ਰੱਖਣ ਲਈ ਆਪਣੇ ਅਹੁਦੇ ਤੋਂ ਲਾਂਭੇ ਹੋਣ ਦਾ ਬਿਆਨ ਦੇ ਕੇ ਇਕ ਵਾਰ ਫਿਰ ਅਕਾਲੀ ਦਲ ਵਿਚ ਬਗਾਬਤ ਦਾ ਰਾਹ ਸਾਫ ਕਰ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਅਤੇ ਹਰਵਿੰਦਰ ਸਿੰਘ ਫੂਲਕਾ ਨੂੰ ਪਦਮ ਭੂਸ਼ਣ ਦਾ ਪੁਰਸਕਾਰ ਦੇਣਾ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖ ਜਗਤ ਲਈ ਮਾਣ ਦੀ ਗੱਲ ਹੈ। ਹੁਣ ਵੇਖੋ ਊਂਟ ਕਿਸ ਕਰਵਟ ਬੈਠਦਾ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ

This entry was posted in Uncategorized.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>