ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੌਰ ਅਕਾਲੀ ਦਲ ਦੀ ਉਮੀਦਵਾਰ

ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀਆਂ ਸੰਹੁਆਂ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ।

ਇੱਥੇ ਇੱਕ ਜਨਤਕ ਰੈਲੀ ਦਾ ਰੂਪ ਧਾਰਨ ਕਰਨ ਵਾਲੀ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਅਖੌਤੀ  ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਉੱਤੇ  ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਸਾਂਸਦ ਨੇ ਪੰਜ ਸਾਲਾਂ ਵਿਚ ਸੰਸਦ ਅੰਦਰ ਇੱਕ ਵਾਰ ਵੀ ਆਪਣਾ ਮੂੰਹ ਨਹੀਂ ਖੋਲ੍ਹਿਆ। ਉਹਨਾਂ ਕਿਹਾ ਕਿ ਤੁਸੀਂ ਬ੍ਰਹਮਪੁਰਾ ਨੂੰ ਚੁਣਿਆ ਸੀ, ਉਸ ਨੇ ਪੰਜ ਸਾਲ ਸੰਸਦ ਅੰਦਰ ਤੁਹਾਡੇ ਇਲਾਕੇ ਜਾਂ ਸੂਬੇ ਦਾ ਇੱਕ ਵੀ ਮੁੱਦਾ ਨਹੀਂ ਉਠਾਇਆ।

ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਏ ਜਾਣ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਮੈਦਾਨ ਵਿਚ ਉਤਾਰਨ ਦਾ ਫੈਸਲਾ ਪਾਰਟੀ ਅਤੇ ਸਿੱਖ ਸੰਗਤ ਨੇ ਲਿਆ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਲੜਾਈਆਂ ਵਿਚੋਂ ਜੇਤੂ ਹੋ ਕੇ ਉਭਰਨ ਵਾਲੀ ਅਕਾਲੀ ਆਗੂ  ਸੰਸਦ ਵਿਚ ਸਿੱਖ ਪੰਥ ਅਤੇ ਲੋਕਾਂ ਦੀ ਅਵਾਜ਼ ਬਣ ਕੇ ਗੂੰਜੇਗੀ।

ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸੇਧਿਆ ਅਤੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੇ ਵਾਅਦੇ ਕਰਨ ਲਈ ਉਸ ਨੂੰ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕੋਈ ਸਿਆਸੀ ਆਗੂ ਇੱਕ ਜਨਤਕ ਰੈਲੀ ਵਿਚ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਸਹੁੰ ਖਾਣ ਮਗਰੋਂ ਆਪਣੇ ਵਚਨਾਂ ਤੋਂ ਨਹੀਂ ਮੁਕਰਿਆ, ਜਿਸ ਤਰ੍ਹਾਂ ਕਿ ਕੈਪਟਨ ਅਮਰਿੰਦਰ ਮੁਕੰਮਲ ਕਰਜ਼ਾ ਮੁਆਫੀ ਅਤੇ ਘਰ ਘਰ ਨੌਕਰੀ ਦੇ ਮੁੱਦੇ ਉੱਤੇ ਜ਼ੁਬਾਨੋਂ ਫਿਰ ਚੁੱਕਿਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਮੁੱਖ ਮੰਤਰੀ ਨੇ ਗੁਰੂ ਨਾਲ ਧੋਖਾ ਕੀਤਾ ਹੈ, ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਲੋਕ ਸਭਾ ਚੋਣਾਂ ਵਿਚ ਲੋਕ ਉਸ ਨੂੰ ਇੱਕ ਕਰਾਰ ਸਬਕ ਸਿਖਾਉਣਗੇ।

ਲੋਕਾਂ ਨੂੰ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਤੁਲਨਾ ਅਕਾਲੀ-ਭਾਜਪਾ ਦੇ ਕਾਰਜਕਾਲ ਨਾਲ ਕਰਨ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉੁਹਨਾਂ ਕਿਹਾ ਕਿ ਸਰਕਾਰ ਗਰੀਬ ਤਬਕਿਆਂ ਦੀਆਂ ਧੀਆਂ ਦੇ ਸ਼ਗਨ ਦਾ 100 ਕਰੋੜ ਰੁਪਏ ਦੱਬੀ ਬੈਠੀ ਹੈ। ਬਜ਼ੁਰਗਾਂ ਨੂੰ 1140 ਕਰੋੜ ਰੁਪਏ ਦੀ ਪੈਨਸ਼ਨ ਨਹੀਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸਾਰੇ ਮੈਰੀਟੋਰੀਅਸ ਸਕੂਲ ਅਤੇ ਸੇਵਾ ਕੇਂਦਰ ਬੰਦ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਦਲਿਤਾਂ ਨੂੰ ਦਿੱਤੀ ਜਾਂਦੀ 200 ਯੂਨਿਟ ਮੁਫਤ ਬਿਜਲੀ ਉੱਤੇ ਵੀ ਅਜਿਹੀ ਸ਼ਰਤ ਲਾ ਦਿੱਤੀ ਹੈ ਕਿ ਉਹ ਹੁਣ ਇਸ ਸਹੂਲਤ ਨੂੰ ਨਹੀਂ ਲੈ ਸਕਦੇ।

ਇਸ ਮੌਕੇ ਉੱਤੇ ਬੋਲਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ 60 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਜਿਸ ਦਾ ਅਰਥ ਸੀ ਕਿ ਹਰ ਮਹੀਨੇ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਪਰੰਤੂ ਇਸ ਸਰਕਾਰ ਨੇ ਸਿਰਫ ਇੱਕ ਨੌਕਰੀ ਦਿੱਤੀ ਹੈ ਅਤੇ ਉਹ ਵੀ ਸਾਬਕਾ ਮੁੱਖ ਮੰਤਰੀ ਦੇ ਪੋਤੇ ਨੂੰ। ਉਹਨਾਂ ਕਿਹਾ ਕਿ ਸਰਕਾਰ ਕਿਸੇ ਦੀ ਵੀ ਪਰਵਾਹ  ਨਹੀਂ ਕਰ ਰਹੀ ਹੈ। ਆਪਣੇ ਜਮਹੂਰੀ ਹੱਕਾਂ ਲਈ ਅੰਦੋਲਨ ਕਰ ਰਹੇ ਕਰਮਚਾਰੀਆਂ ਨੂੰ ਕੁੱਟਿਆ ਜਾ ਰਿਹਾ ਹੈ। ਬਿਜਲੀ ਦਰਾਂ ਵਿਚ ਵਾਧਾ ਕਰਕੇ ਆਮ ਆਦਮੀ ਨੂੰ 1300 ਕਰੋੜ ਰੁਪਏ ਵਾਧੂ ਦੇਣ ਲਈ ਮਜ਼ਬੂਰ ਕੀਤਾ ਗਿਆ ਹੈ।

ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਉਹਨਾਂ ਵਿਚ ਭਰੋਸਾ ਜਤਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਸੰਸਦੀ ਸਕੱਤਰਾਂ ਹਰਮੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਨੇ ਵੀ ਸੰਬੋਧਨ ਕੀਤਾ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>