ਲੋੜਵੰਦਾਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ

ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਥੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਅਰਦਾਸ ਕੀਤੀ। ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਇਸ ਲੈਬਾਰਟਰੀ ਵਿਚ ਬਹੁਤ ਘੱਟ ਰੇਟਾਂ ’ਤੇ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਲੈਬਾਰਟਰੀ ਦਾ ਪ੍ਰਬੰਧ ਪ੍ਰਸਿੱਧ ਸਮਾਜ ਸੇਵੀ ਸ. ਐਸ.ਪੀ.ਐਸ. ਓਬਰਾਏ ਦੀ ਅਗਵਾਈ ਵਿਚ ਮਨੁੱਖਤਾ ਦੇ ਭਲੇ ਲਈ ਕਾਰਜਸ਼ੀਲ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਕੀਤਾ ਗਿਆ ਹੈ। ਇਸ ਕਾਰਜ ਲਈ ਜਗ੍ਹਾ ਸ਼੍ਰੋਮਣੀ ਕਮੇਟੀ ਨੇ ਦਿੱਤੀ ਹੈ।

ਉਦਘਾਟਨ ਸਮਾਰੋਹ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਇਸੇ ਤਹਿਤ ਸਥਾਪਤ ਕੀਤੀ ਗਈ ਲੈਬਾਰਟਰੀ ਤੋਂ ਲੋੜਵੰਦਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਇਸ ਲੈਬਾਰਟਰੀ ਵਿਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਲਈ ਵੀ ਸ਼੍ਰੋਮਣੀ ਕਮੇਟੀ ਹੋਰ ਜਗ੍ਹਾ ਦਾ ਪ੍ਰਬੰਧ ਕਰ ਕੇ ਦੇਵੇਗੀ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਸੰਗਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਸ. ਓਬਰਾਏ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਬਿਆਨਬਾਜ਼ੀ ਸਮੇਂ ਖਿਆਲ ਰੱਖਣਾ ਚਾਹੀਦਾ ਹੈ ਕਿ ਉਸ ਦਾ ਲਾਂਘੇ ’ਤੇ ਕਿਸੇ ਕਿਸਮ ਦਾ ਅਸਰ ਨਾ ਪਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਲਈ ਵਚਨਬੱਧ ਹੈ ਅਤੇ ਇਸ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੀ ਰਹੇਗੀ।

ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ. ਐਸ.ਪੀ.ਐਸ. ਓਬਰਾਏ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਆਰੰਭ ਕੀਤੀ ਗਈ ਇਹ ਲੈਬ ਲੋੜਵੰਦਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਟੈਸਟਾਂ ਲਈ ਲਗਾਈ ਜਾਣ ਵਾਲੀ ਫੀਸ ਬਜ਼ਾਰ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਦੱਸਿਆ ਕਿ ਇਸ ਲੈਬਾਰਟਰੀ ਵਿਚ 50 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸ. ਓਬਰਾਏ ਅਤੇ ਲੈਬ ਦੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਗੁਰਮੀਤ ਸਿੰਘ ਬੂਹ, ਸ. ਬਲਦੇਵ ਸਿੰਘ ਕਲਿਆਣ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਇੰਜ: ਸਵਰਨ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸ. ਸਤਬੀਰ ਸਿੰਘ ਧਾਮੀ, ਸ. ਦਿਲਬਾਗ ਸਿੰਘ ਗਿੱਲ, ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ ਖੁਖਰੈਣ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਰਬਜੀਤ ਸਿੰਘ ਧੁੰਦਾ, ਚੈਰੀਟੇਬਲ ਟਰੱਸਟ ਦੇ ਮੈਂਬਰ ਸ. ਅਮਰਜੋਤ ਸਿੰਘ, ਡਾ. ਦਲਜੀਤ ਸਿੰਘ ਗਿੱਲ ਆਦਿ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>