ਚੰਡੀਗੜ੍ਹ, (ਉਮੇਸ਼ ਜੋਸ਼ੀ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੋਹਾਲੀ ਵਿਖੇ ਸਥਿਤ ਸਟੇਟ ਇੰਟੈਲੀਜੈਂਸ ਵਿੰਗ ਹੈਡ ਕੁਆਰਟਰ ’ਚ ਹੋਏ ਬਲਾਸਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਵੀ. ਕੇ. ਭਾਵਰਾ ਦੇ ਵੱਖੋ-ਵੱਖ ਬਿਆਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਸੀਪੀਆਈ (ਐਮ) ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੂੰ ਬਿਆਨ ਦੇਣ ਤੋਂ ਪਹਿਲਾਂ ਡੀਜੀਪੀ ਅਤੇ ਹੋਰ ਸਰਕਾਰੀ ਏਜੰਸੀਆਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਤਾਂ ਕਹਿ ਰਹੇ ਹਨ ਕਿ ਕੁਝ ਗਿ੍ਰਫ਼ਤਾਰੀਆਂ ਵੀ ਹੋਈਆਂ ਹਨ, ਪਰ ਦੂਜੇ ਪਾਸੇ ਡੀਜੀਪੀ ਨੇ ਕਿਹਾ ਕਿ ਇਹ ਮਾਮਲਾ ਜਲਦ ਸੁਲਝਾ ਲਿਆ ਜਾਵੇਗਾ। ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗਿ੍ਰਫ਼ਤਾਰੀ ਨਹੀਂ ਹੋਈ।
ਕਾਮਰੇਡ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਜਿਸ ਕੋਲ ਕਿ ਗ੍ਰਹਿ ਵਿਭਾਗ ਵੀ ਹੈ, ਨੂੰ ਸਬੰਧਤ ਘਟਨਾ ਦੀ ਪੂਰੀ ਜਾਣਕਾਰੀ ਨਾ ਹੋਣਾ, ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਦਾ ਗ੍ਰਹਿ ਵਿਭਾਗ ਨਾਲ ਪੂਰੀ ਤਰ੍ਹਾਂ ਤਾਲਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ’ਚੋਂ ਮੁੱਖ ਮੰਤਰੀ ਦਾ ਕਚ ਘਰੜਪੁਣਾ ਝਲਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮੰਦਭਾਗੀ ਘਟਨਾ ਨੂੰ ਅੰਜ਼ਾਮ ਦੇ ਕੇ ਪੰਜਾਬ ਵਿਰੋਧੀ ਸ਼ਕਤੀਆਂ ਨੇ ਸੂਬਾ ਸਰਕਾਰ ਨੂੰ ਸਿੱਧਾ ਚੈਲੇਂਜ ਕੀਤਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਖੁਫ਼ੀਆ ਤੰਤਰ ਦੇ ਮੁੱਖ ਦਫ਼ਤਰ ’ਤੇ ਅਜਿਹਾ ਹਮਲਾ ਹੋ ਜਾਣਾ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦਰਸਾਉਂਦੀ ਹੈ ਕਿ ਸੂਬੇ ਅਤੇ ਕੇਂਦਰ ਦੀਆਂ ਖੁਫ਼ੀਆ ਏਜੰਸੀਆਂ ਬੁਰੀ ਤਰ੍ਹਾਂ ਫੇਲ੍ਹ ਹੋਈਆਂ ਹਨ। ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਵਿਰੋਧੀ ਸ਼ਕਤੀਆਂ ਸੂਬੇ ਦੇ ਅਮਨ-ਅਮਾਨ ਅਤੇ ਭਾਈਚਾਰੇ ਨੂੰ ਲਾਂਬੂ ਲਾਉਣ ਲਈ ਲਗਾਤਾਰ ਯਤਨਸ਼ੀਲ ਹਨ। ਇਸ ਲਈ ਸੁੂਬਾ ਸਰਕਾਰ ਨੂੰ ਸੰਜੀਦਾ ਹੁੰਦੇ ਹੋਏ ਅਜਿਹੀਆਂ ਸ਼ਕਤੀਆਂ ਦੇ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।