ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ੇ ਦੀ ਮੰਗ

IMG-20220519-WA0000.resizedਨਵੀਂ  ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਜ਼ੋਰ ਪਾਇਆ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਵਿੱਚ ਬਹੁਮੁੱਲੇ ਕੁਦਰਤੀ ਸਰੋਤ-ਪਾਣੀ ਨੂੰ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਸੂਬੇ ਵਿੱਚ ਕਣਕ ਦਾ ਝਾੜ ਘੱਟ ਨਿਕਲਣ ਦੇ ਇਵਜ਼ ਵਿਚ ਕਿਸਾਨਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਤਪਸ਼ ਵਧਣ ਕਰਕੇ ਪੰਜਾਬ ਵਿੱਚ ਕਣਕ ਦੇ ਦਾਣਿਆਂ ਨੂੰ ਨੁਕਸਾਨ ਪੁੱਜਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਘੱਟ ਝਾੜ ਲਈ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਇਸ ਭਰਪਾਈ ਕੀਤੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ’ਚ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਕੇਂਦਰ ਸਰਕਾਰ ਨੂੰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ।

ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਨਾਲ ਸਬੰਧਤ ਹੁਕਮ ਰੱਦ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਕਦਮ ਹੈ ਜਿਸ ਨੇ ਹਰ ਪੰਜਾਬੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਕਰਨ ਵਾਲੇ ਇਸ ਪਿਛਾਂਹਖਿੱਚੂ ਕਦਮ ਨੂੰ ਵਾਪਸ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਾਸਮਤੀ ਦੀ ਖਰੀਦ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ, ਜਿਸ ਲਈ ਬਾਸਮਤੀ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਾਣੀ ਦੇ ਰੂਪ ਵਿੱਚ ਕੀਮਤੀ ਸਰੋਤ ਨੂੰ ਬਚਾਉਣ ਵਿੱਚ ਮਦਦ ਮਿਲੇਗੀ।

ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਨੀਮ ਫੌਜੀ ਬਲਾਂ ਦੀਆਂ 10 ਵਾਧੂ ਟੁਕੜੀਆਂ ਦੀ ਮੰਗ ਕੀਤੀ। ਇਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਸੂਬੇ ਵਿੱਚ ਨੀਮ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂ ਤੁਰੰਤ ਅਲਾਟ ਕੀਤੀਆਂ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਵਧ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ‘ਤੇ ਵੀ ਡੂੰਘੀ ਫਿਕਰਮੰਦੀ ਜ਼ਾਹਰ ਕੀਤੀ ਅਤੇ ਅਮਿਤ ਸ਼ਾਹ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਨੂੰ ਤੁਰੰਤ ਐਂਟੀ ਡਰੋਨ ਤਕਨੀਕ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ ਜਿਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਰਹੱਦਾਂ ‘ਤੇ ਸੁਰੱਖਿਆ ਹੋਰ ਮਜ਼ਬੂਤ ਕਰਨੀ ਹੋਵੇਗੀ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੇ ਮਨਸੂਬੇ ਨਾਕਾਮ ਕੀਤੇ ਜਾਣਗੇ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਹਮੇਸ਼ਾ ਹੀ ਮੁਲਕ ਦੀ ਖੜਗਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>