ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੀਬੀਆਈ ਨੇ ਕਥਿਤ ਆਬਕਾਰੀ ਘੁਟਾਲੇ ਵਿੱਚ ਆਪਣੀ ਐਫਆਈਆਰ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 15 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਸੀਬੀਆਈ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਐਫਆਈਆਰ ਵਿੱਚ ਕੁਝ ਸ਼ਰਾਬ ਕੰਪਨੀਆਂ ਦੇ ਨਾਂ ਵੀ ਹਨ। ਇਸ ਦੇ ਨਾਲ ਹੀ 15 ਲੋਕਾਂ ਤੋਂ ਇਲਾਵਾ ਕਈ ਅਣਪਛਾਤੇ ਲੋਕਾਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹਨ। ਸੀਬੀਆਈ ਮੁਤਾਬਕ ਮਨੀਸ਼ ਸਿਸੋਦੀਆ ‘ਤੇ ਅਪਰਾਧਿਕ ਸਾਜ਼ਿਸ਼ ਰਚਣ ਅਤੇ ਖਾਤਿਆਂ ‘ਚ ਗੜਬੜੀ ਦਾ ਵੀ ਦੋਸ਼ ਹੈ।
ਦਿੱਲੀ ਦੀ ਆਬਕਾਰੀ ਨੀਤੀ 2021-22 ਦੇ ਸਬੰਧ ਵਿੱਚ, ਕੇਂਦਰੀ ਜਾਂਚ ਬਿਊਰੋ ਨੇ ਸ਼ੁੱਕਰਵਾਰ ਸਵੇਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕਈ ਰਾਜਾਂ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਇਲਾਵਾ ਮਨੀਸ਼ ਸਿਸੋਦੀਆ ਦੀ ਸਰਕਾਰੀ ਕਾਰ ਦੀ ਵੀ ਤਲਾਸ਼ੀ ਲਈ ਹੈ।
ਸੀਬੀਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ। ਇਹ ਛਾਪੇਮਾਰੀ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਆਬਕਾਰੀ ਨੀਤੀ ਵਿੱਚ ਕਥਿਤ ਉਲੰਘਣਾਵਾਂ ਅਤੇ ਖਾਮੀਆਂ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਤੋਂ ਇੱਕ ਮਹੀਨੇ ਬਾਅਦ ਕੀਤੀ ਗਈ ਹੈ।