ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ 1300 ਬੱਚਿਆਂ ਨੂੰ ਸਜਾਈਆਂ ਦਸਤਾਰਾਂ

FB_IMG_1671363291558.resizedਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਮੂਹਿਕ ਰੂਪ ਵਿਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ।  ਸਮਾਗਮ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਬੱਚਿਆਂ ਨੂੰ ਦਸਤਾਰਾਂ ਸਜਾ ਕੇ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ ਬਾਦਸ਼ਾਹਤ ਦੀ ਪ੍ਰਤੀਕ ਹੈ। ਇਸ ਮਹਾਨ ਵਿਰਸੇ ਨਾਲ ਆਪਣੀ ਨਵੀਂ ਪੀੜ੍ਹੀ ਨੂੰ ਜੋੜਨਾ ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਹੀ ਅੱਜ ਦਾ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਦਸਤਾਰ ਦੇ ਅਲੋਪ ਹੋਣ ਤੇ ਚਿੰਤਾ ਪ੍ਰਗਟਾਉਦਿਆਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਅਤੇ ਇਥੇ ਦੀਆਂ ਰਵਾਇਤਾਂ ਅਤੇ ਕਦਰਾਂ ਕੀਮਤਾਂ ਮਾਣਮੱਤੀਆਂ ਹਨ। ਉਨ੍ਹਾਂ ਆਖਿਆ ਕੇ ਸਿਖ ਬੱਚਿਆ ਦਾ ਸਾਬਤ ਸੂਰਤ ਹੋਣਾ, ਨਸ਼ਿਆਂ ਤੋਂ ਰਹਿਤ ਰਹਿਣਾ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰਸਿੱਖ ਬਣਨਾ ਅਤਿ ਲਾਜ਼ਮੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵਿਰਸੇ ਨੂੰ ਸੰਭਾਲਣ ਤੇ ਇਸ ਬਾਰੇ ਅਗਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਉਚੇਚੇ ਯਤਨਾਂ ਦੀ ਲੋੜ ਹੈ। ਉਨ੍ਹਾਂ ਦਸਤਾਰ ਬੰਦੀ ਸਮਾਗਮ ਦੌਰਾਨ ਸਹਿਯੋਗ ਕਰਨ ਵਾਲੀਆਂ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ।

ਦੱਸਣਯੋਗ ਹੈ ਕਿ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼, ਰੈਕਗਨਯਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (RASA), ਸਰਦਾਰੀਆਂ ਟਰੱਸਟ, ਵਿਰਸਾ ਸੰਭਾਲ ਸਰਦਾਰੀ ਲਹਿਰ, ਰੰਗ ਕਰਤਾਰ ਦਿੱਲੀ ਅਤੇ ਸਿੱਖਸ ਫਾਰ ਇਕਵੈਲਿਟੀ ਫਾਊਂਡੇਸ਼ਨ ਨੇ ਸਹਿਯੋਗ ਕੀਤਾ ਹੈ।

ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਸਤਨਾਮ ਸਿੰਘ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਨਿੱਜੀ ਸਹਾਇਕ ਸ੍ਰ ਜਸਪਾਲ ਸਿੰਘ ਢੱਡੇ ਅਤੇ ਸ੍ਰ ਰਣਜੀਤ ਸਿੰਘ ਕੱਲਾ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>