ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦਾ ਮਾਮਲਾ

images (18)(2).resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਇਕ ਵਫ਼ਦ ਭੇਜਣ ਦੀ ਕਾਰਵਾਈ ਆਰੰਭੀ ਹੈ। ਬੀਤੇ ਦਿਨੀਂ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਕਰੜੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਸੀ। ਇਸੇ ਤਹਿਤ ਹੀ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਅਰੁਨਾਚਲ ਪ੍ਰਦੇਸ਼ ਭੇਜੇ ਜਾਣ ਵਾਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੂੰ ਕੋਆਰਡੀਨੇਟਰ ਲਗਾਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਅਸਥਾਨ ਦੀ ਹੋਂਦ ਨੂੰ ਖ਼ਤਮ ਕਰਨਾ ਬੇਹੱਦ ਚਿੰਤਾਜਨਕ ਹੈ, ਜਿਸ ਨੂੰ ਵੇਖਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਥਾਨਕ ਪੱਧਰ ’ਤੇ ਜਾ ਕੇ ਜਾਂਚ ਪੜਤਾਲ ਲਈ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਮੇਚੁਕਾ ਵਿਖੇ ਜਾ ਕੇ ਸਬੰਧਤ ਅਸਥਾਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਅਰੁਨਾਚਲ ਪ੍ਰਦੇਸ਼ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਮਾਮਲੇ ਸਬੰਧੀ ਗੱਲਬਾਤ ਵੀ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰ, ਕਾਨੂੰਨੀ ਮਾਹਿਰ ਅਤੇ ਸਿੱਖ ਵਿਦਵਾਨ ਸ਼ਾਮਲ ਕੀਤੇ ਗਏ ਹਨ, ਤਾਂ ਜੋ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਸਕੇ।

ਓਐਸਡੀ ਸ. ਸਤਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਐਨਸੀਈਆਰਟੀ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇ ਮਸਲੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਕਮੇਟੀ ਬਣਾਈ ਹੈ। ਇਸ ਵਿਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਦੇ ਮੁੱਖੀ ਨੂੰ ਲਿਆ ਗਿਆ ਹੈ। ਇਸ ਕਮੇਟੀ ਨੂੰ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਇੰਚਾਰਜ ਡਾ. ਜੋਗੇਸ਼ਵਰ ਸਿੰਘ ਕੋਆਰਡੀਨੇਟ ਕਰਨਗੇ। ਦੱਸਣਯੋਗ ਹੈ ਕਿ ਐਨਸੀਈਆਰਟੀ ਦੀ ਪੁਸਤਕ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਦਰਸਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇਹ ਕਮੇਟੀ ਗਠਤ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਐਨਸੀਈਆਰਟੀ ਦੇ ਡਾਇਰੈਕਟਰ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>