ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Screenshot_2023-11-08_11-31-35.resizedਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 137 ਵੋਟਾਂ ਵਿੱਚੋਂ 118 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਸ. ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 137 ਮੈਂਬਰ ਮੌਜੂਦ ਰਹੇ।

ਜਨਰਲ ਇਜਲਾਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਲਈ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਚੁਣਿਆ ਗਿਆ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਗਏ, ਜਿਨ੍ਹਾਂ ਵਿਚ ਸ. ਮੋਹਨ ਸਿੰਘ ਬੰਗੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਤੇ ਸ. ਜਸਵੰਤ ਸਿੰਘ ਪੁੜੈਣ ਸ਼ਾਮਲ ਹਨ।

ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਉਨ੍ਹਾਂ ਨੂੰ ਇਹ ਸੇਵਾ ਤੀਜੀ ਵਾਰ ਮਿਲੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸਮੁੱਚੇ ਹਾਊਸ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਦਲ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਯਤਨ ਕਰਨਗੇ ਕਿ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਦੀਆਂ ਸੇਵਾਵਾਂ ਕੌਮੀ ਭਾਵਨਾਵਾਂ ਅਨੁਸਾਰ ਕੀਤੀਆਂ ਜਾਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਮਾਂ ਕੌਮ ਲਈ ਚੁਣੌਤੀਆਂ ਵਾਲਾ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਸਾਹਮਣੇ ਹੋਣ ਦੇ ਨਾਲ-ਨਾਲ ਕਈ ਪੰਥਕ ਮਸਲੇ ਵੀ ਦਰਪੇਸ਼ ਹਨ। ਉਨ੍ਹਾਂ ਕਿਹਾ ਕਿ ਚਾਹੇ ਕੇਂਦਰ ਜਾਂ ਪੰਜਾਬ ਦੀ ਸਰਕਾਰ ਹੋਵੇ, ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਦਖ਼ਲਅੰਦਾਜ਼ੀ ਕਰ ਰਹੀਆਂ ਹਨ। ਸਰਕਾਰਾਂ ਵੱਲੋਂ ਵੋਟਾਂ ਬਣਾਉਣ ਲਈ ਬਹੁਤ ਥੋੜ੍ਹਾ ਸਮਾਂ ਦੇਣ ਪਿੱਛੇ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸਰਕਾਰਾਂ ਦਾ ਮੰਤਵ ਸਿੱਖਾਂ ਦੀਆਂ ਘੱਟ ਵੋਟਾਂ ਬਣਨ ਦੇਣਾ ਹੈ, ਤਾਂਕਿ ਇਨ੍ਹਾਂ ਨੂੰ ਪੰਜਾਬ ਅੰਦਰ ਘੱਟਗਿਣਤੀ ਦਰਸਾਇਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਸਿੱਖ ਕੌਮ ਦੇ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਦਾ ਇਕ ਵੱਡਾ ਮਸਲਾ ਹੈ, ਜਿਸ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦਾ ਚੋਣ ਨਤੀਜਾ ਇਹ ਦਰਸਾਉਂਦਾ ਹੈ ਕਿ ਦਲ ਦੇ ਸਮੁੱਚੇ ਮੈਂਬਰ ਇਕਜੁਟ ਹਨ ਅਤੇ ਆਪਣੀ ਪਾਰਟੀ ’ਤੇ ਭਰੋਸਾ ਕਰਦੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਤਰਜੀਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਨਵੀਆਂ ਸੋਧਾਂ ਅਤੇ ਸੇਧਾਂ ਤਹਿਤ ਅੱਗੇ ਵਧਿਆ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਲਈ ਨਵੀਆਂ ਸਰਾਵਾਂ ਸਥਾਪਤ ਕਰਨਾ ਵੀ ਏਜੰਡੇ ’ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਹੋਰ ਵੀ ਕਈ ਕੌਮੀ ਕਾਰਜ ਕੀਤੇ ਜਾਣ ਵਾਲੇ ਹਨ, ਜਿਨ੍ਹਾਂ ’ਤੇ ਕੌਮ ਦੇ ਵਿਦਵਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਮਸ਼ਵਰੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪ੍ਰਬੰਧਕੀ ਸੁਧਾਰਾਂ ਵੱਲ ਵੀ ਵਧਿਆ ਜਾਵੇਗਾ।

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਵਚਨਬੱਧਤਾ ਪ੍ਰਗਟਾਈ।

ਐਡਵੋਕੇਟ ਧਾਮੀ ਦਾ ਨਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਅਤੇ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਕੀਤੀ ਗਈ। ਐਡਵੋਕੇਟ ਧਾਮੀ ਦੇ ਮੁਕਾਬਲੇ ਸ. ਬਲਬੀਰ ਸਿੰਘ ਘੁੰਨਸ ਦਾ ਨਾਂ ਸ. ਅਮਰੀਕ ਸਿੰਘ ਸ਼ਾਹਪੁਰ ਵੱਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਦੇ ਨਾਂ ਦੀ ਤਾਈਦ ਸ. ਬਲਦੇਵ ਸਿੰਘ ਚੂੰਘਾ ਅਤੇ ਮਜੀਦ ਸ. ਨਿਰਮੈਲ ਸਿੰਘ ਜੌਲਾਂ ਨੇ ਕੀਤੀ। ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ ਦਾ ਨਾਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਤਾਈਦ ਸ. ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਤਾਈਦ ਮਜੀਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਲਈ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦਾ ਨਾਂ ਸ. ਗੁਰਪ੍ਰੀਤ ਸਿੰਘ ਝੱਬਰ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਗੁਰਮੇਲ ਸਿੰਘ ਸੰਗਤਪੁਰਾ ਅਤੇ ਮਜੀਦ ਸ. ਅਵਤਾਰ ਸਿੰਘ ਰਿਆ ਨੇ ਕੀਤੀ। ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦਾ ਨਾਂ ਸ. ਸੁਰਜੀਤ ਸਿੰਘ ਭਿੱਟੇਵੱਡ ਵੱਲੋਂ ਪੇਸ਼ ਕੀਤਾ ਗਿਆ। ਭਾਈ ਮਹਿਤਾ ਦੇ ਨਾਂ ਦੀ ਤਾਈਦ ਸ. ਖੁਸ਼ਵਿੰਦਰ ਸਿੰਘ ਭਾਟੀਆ ਅਤੇ ਮਜੀਦ ਸ. ਫੁੰਮਣ ਸਿੰਘ ਵੱਲੋਂ ਕੀਤੀ ਗਈ। 11 ਮੈਂਬਰੀ ਅੰਤ੍ਰਿੰਗ ਕਮੇਟੀ ਬਣਾਉਣ ਲਈ ਸ. ਪਰਮਜੀਤ ਸਿੰਘ ਖਾਲਸਾ ਤਜਵੀਜ ਪੇਸ਼ ਕੀਤੀ, ਜਿਸ ’ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਸ. ਬਲਦਵੇ ਸਿੰਘ ਕਲਿਆਣ ਨੇ ਮੋਹਰ ਲਗਾਈ।

ਜਨਰਲ ਇਜਲਾਸ ਦੌਰਾਨ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਤੇ ਪੇਸ਼ ਕਰਨ ਅਤੇ ਆਪਣੇ ਵਿਚਾਰ ਪੇਸ਼ ਕਰਨ ਦੇ ਨਾਲ-ਨਾਲ ਮੈਂਬਰ ਸ. ਸੁਖਦੇਵ ਸਿੰਘ ਭੋਰ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੀ ਪ੍ਰਕਿਰਿਆ ਵਿਚ ਖਾਮੀਆਂ ਵਿਰੁੱਧ ਤਿੱਖੀ ਅਵਾਜ਼ ਉਠਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਚਲਾਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਸੰਖੇਪ ਜਾਣਕਾਰੀ

ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਤੀਸਰੀ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਦੇ ਮੁੱਖ ਸਕੱਤਰ ਅਤੇ ਪ੍ਰਧਾਨ ਹੁੰਦਿਆਂ ਕਈ ਸ਼ਤਾਬਦੀਆਂ ਵੀ ਮਨਾਈਆਂ ਗਈਆਂ ਹਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>