ਅੰਮ੍ਰਿਤਸਰ – ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਹੋਰ ਨੁਮਾਇੰਦਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਪਾਸੋਂ ਭਰਵਾਏ ਗਏ 26 ਲੱਖ ਪ੍ਰੋਫਾਰਮੇ ਇਸ ਪ੍ਰਦਰਸ਼ਨ ਦੌਰਾਨ ਨਾਲ ਲਿਜਾਏ ਜਾਣਗੇ।
ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਾਂਝਾ ਕੌਮੀ ਕਾਰਜ ਹੈ, ਜਿਸ ਲਈ ਹਰ ਇਕ ਵਰਗ ਦੀ ਸ਼ਮੂਲੀਅਤ ਨਿਰਣਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀ ਇਕ ਸਾਂਝੀ ਅਵਾਜ਼ ਦਾ ਪ੍ਰਗਟਾਵਾ ਕਰੇਗਾ। ਇਸ ਵਿਚ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਦੇ ਪ੍ਰਬੰਧ ਵਾਲੀਆਂ ਸਥਾਨਕ ਗੁਰਦੁਆਰਾ ਕਮੇਟੀਆਂ ਵੱਲੋਂ ਪੰਥਕ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਲਈ ਵਚਨਬੱਧਤਾ ਵਾਸਤੇ ਧੰਨਵਾਦ ਕਰਦਿਆਂ ਕਿਹਾ ਕਿ ਹਰ ਇਕ ਗੁਰੂ ਘਰ ਤੋਂ ਆਈ ਅਵਾਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੀ ਭੂਮਿਕਾ ਸਾਬਤ ਹੋਵੇਗੀ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਵਾਸਤੇ ਪਹਿਲ ਦੇ ਅਧਾਰ ’ਤੇ ਕਾਰਜ ਕੀਤੇ ਜਾਣਗੇ ਅਤੇ ਜਿਹੜੀ ਵੀ ਪੰਥਕ ਸੇਵਾ ਜੁੰਮੇ ਲੱਗੇਗੀ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਇਤਿਹਾਸਕ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਲੈ ਕੇ ਇਸ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਨਜਿੰਦਰ ਸਿੰਘ ਮੰਡ, ਸ. ਤਰਸੇਮ ਸਿੰਘ ਗਿੱਲ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਪ੍ਰਧਾਨ ਸ. ਅਮਰਜੀਤ ਸਿੰਘ ਰਸੂਲਪੁਰ, ਸ. ਬਲਬੀਰ ਸਿੰਘ ਲੋਹੀਆਂ ਸਮੇਤ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ, ਮੈਂਬਰ ਸਾਹਿਬਾਨ ਹਾਜ਼ਰ ਸਨ।