ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਕਾਂਗਰਸ ਵੱਲੋਂ ਸਿੱਖਾਂ ’ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ। ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਉਨ੍ਹਾਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੌਮ ਦੇ ਜੁਝਾਰੂ ਨਾਇਕ ਕਰਾਰ ਦਿੰਦਿਆਂ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਜੂਨ ਦਾ ਇਹ ਹਫ਼ਤਾ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਂਦਾ ਹੈ। ਅੱਜ ਵੀ ਬਹੁਤ ਸਾਰੇ ਮਾਮਲੇ ਸਰਕਾਰਾਂ ਪਾਸ ਲੰਬਤ ਹਨ, ਜਿਨ੍ਹਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਾਕਾਰਾਤਮਿਕ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਐਲਾਨ ਕੀਤਾ ਸੀ, ਜਿਸ ’ਤੇ ਸਰਕਾਰ ਪੂਰਾ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ਦੀ ਤਾਕਤ ਨੂੰ ਖੇਰੂੰ-ਖੇਰੂੰ ਕਰਨ ਦੇ ਯਤਨ ਹੋ ਰਹੇ ਹਨ, ਇਸੇ ਤਹਿਤ ਸਿੱਖ ਸੰਸਥਾ ਤੋਂ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਲੱਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਸਮੇਂ ਜਿਸ ਤਰ੍ਹਾਂ ਦਖ਼ਲਅੰਦਾਜ਼ੀ ਕੀਤੀ ਗਈ, ਉਹ ਸਭ ਦੇ ਸਾਹਮਣੇ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹੀਦੀ ਸਮਾਗਮ ਵਿਚ ਪਹੁੰਚੇ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।