ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 25 ਕਿਤਾਬਾਂ ਉਪਰ ਪਾਬੰਦੀ ਲਾਉਣ ਦੀ ਜ਼ੋਰਦਾਰ ਨਿਖੇਧੀ

ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ  ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਕਸ਼ਮੀਰੀ ਲੋਕਾਂ ਨਾਲ ਕੀਤੇ ਗਏ ਧੱਕੇ ਅਤੇ ਵਿਤਕਰਿਆਂ ਦੀ ਚਰਚਾ ਕਰਦੀਆਂ 25 ਕਿਤਾਬਾਂ ਉੱਪਰ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ:- “ਝੂਠੇ ਬਿਰਤਾਂਤ” ਅਤੇ “ਵੱਖਵਾਦ” ਨੂੰ ਪ੍ਰਚਾਰਨ ਵਾਲਾ ‘ਗੁੰਮਰਾਹਕੁਨ’ ਸਾਹਿਤ ਕਰਾਰ ਦੇ ਕੇ ਪਾਬੰਦੀ ਲਾਉਣਾ ਸਰਕਾਰ ਦੀ ਫਾਸ਼ੀਵਾਦੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ ਜੋ ਮਜ਼ਲੂਮ ਕਸ਼ਮੀਰੀ ਲੋਕਾਂ ਦੇ ਸਵੈਨਿਰਣੇ ਦੇ ਜਮਹੂਰੀ ਹੱਕ ਨੂੰ ਫ਼ੌਜੀ ਤਾਕਤ ਦੇ ਜ਼ੋਰ ਕੁਚਲਣ ਦੀ ਨੀਤੀ ਦਾ ਅਨਿੱਖੜ ਅੰਗ ਹੈ। ਇਹ ਕਸ਼ਮੀਰੀਆਂ ਨਾਲ ਹੋਏ ਧੱਕੇ ਤੇ ਵਿਤਕਰੇ ਦੇ ਦਸਤਾਵੇਜ਼ੀ ਸਬੂਤਾਂ ਨੂੰ ਮਿਟਾਉਣ ਅਤੇ ਕਸ਼ਮੀਰੀ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਤੋਂ ਉਨ੍ਹਾਂ ਦਾ ਇਤਿਹਾਸ ਖੋਹਣ ਦਾ ਘਿਣਾਉਣਾ ਯਤਨ ਹੈ ਜਿਸ ਰਾਹੀਂ ਸਰਕਾਰ ਆਪਣੇ ਮਨਪਸੰਦ ਝੂਠੇ ਬਿਰਤਾਂਤ ਨੂੰ ਸਦੀਵੀ ਸੱਚ ਬਣਾਕੇ ਸਥਾਪਤ ਕਰਨ ਚਾਹੁੰਦੀ ਹੈ।ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਦੁਨੀਆ ਦਾ ਇਤਿਹਾਸ ਗਵਾਹ ਹੈ ਕਿ ਕਿਸੇ ਵੀ ਭਾਈਚਾਰੇ ਦੀ ਸਵੈਨਿਰਣੇ ਦੀ ਰੀਝ ਨੂੰ ਫ਼ੌਜੀ ਧੌਂਸ ਤੇ ਜਬਰ-ਜ਼ੁਲਮ ਦੇ ਜ਼ੋਰ ਵਕਤੀ ਤੌਰ ’ਤੇ ਤਾਂ ਦਬਾਇਆ ਜਾ ਸਕਦਾ ਹੈ ਪਰ ਖ਼ਤਮ ਨਹੀਂ ਕੀਤਾ ਜਾ ਸਕਦਾ। ਖ਼ੁਦ ਕਸ਼ਮੀਰੀ ਲੋਕਾਂ ਦਾ ਸਾਢੇ ਸੱਤ ਦਹਾਕਿਆਂ ਦਾ ਸੰਘਰਸ਼ ਇਸ ਇਤਿਹਾਸਕ ਸਚਾਈ ਉੱਪਰ ਮੋਹਰ ਲਾਉਂਦਾ ਹੈ। ਸਮੂਹ ਲੇਖਕ ਅਤੇ ਬੁੱਧੀਜੀਵੀ ਮੁੱਲਾਂ ਨੂੰ ਪ੍ਰਣਾਈਆਂ ਤਾਕਤਾਂ ਇਸ ਫਾਸ਼ੀਵਾਦੀ ਫਰਮਾਨ ਦਾ ਡੱਟਕੇ ਵਿਰੋਧ ਕਰਦੇ ਹਨ।ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਇਹ ਕਿਤਾਬਾਂ ਬੁੱਕਰ ਇਨਾਮ ਜੇਤੂ ਵਿਸ਼ਵ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ, ਤਾਰਿਕ ਅਲੀ, ਏ.ਜੇ. ਨੂਰਾਨੀ, ਅਨੁਰਾਧਾ ਭਸੀਨ, ਸੁਮਾਂਤਰਾ ਬੋਸ, ਕ੍ਰਿਸਟੋਫਰ ਸਨੇਡਨ, ਰਾਧਿਕਾ ਗੁਪਤਾ, ਸੀਮਾ ਕਾਜ਼ੀ, ਡਾ. ਅਬਦੁਲ ਜੱਬਰ ਗੋਕਖਾਨੀ ਵਰਗੇ ਉੱਘੇ ਲੇਖਕਾਂ, ਵਿਦਵਾਨਾਂ, ਸੰਪਾਦਕਾਂ ਅਤੇ ਇਤਿਹਾਸਕਾਰਾਂ ਦੀਆਂ ਲਿਖੀਆਂ ਹੋਈਆਂ ਹਨ।ਆਕਸਫੋਰਡ ਯੂਨੀਵਰਸਿਟੀ ਪ੍ਰੈੱਸ, ਰੂਟਲੈਜ, ਵਾਈਕਿੰਗ ਪੈਂਗੂਇਨ, ਹਾਰਪਰ ਕੌਲਿਨਜ਼, ਕੈਂਬਰਿਜ਼ ਯੂਨੀਵਰਸਿਟੀ ਪ੍ਰੈੱਸ, ਪੈਨ ਮੈਕਮਿਲਨ ਇੰਡੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਮਿਆਰੀ ਪ੍ਰਕਾਸ਼ਨ ਸਮੂਹਾਂ ਵੱਲੋਂ ਪ੍ਰਕਾਸ਼ਿਕ ਕੀਤੀਆਂ ਇਹ ਡੂੰਘੀ ਖੋਜ ਅਤੇ ਇਤਿਹਾਸਕ ਤੱਥਾਂ ’ਤੇ ਆਧਾਰਤ ਕਿਤਾਬਾਂ ਹਨ।ਨਿੰਦਾਂ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪੋ੍ਰ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਜੀ, ਡਾ. ਲ਼ਖਵਿੰਦਰ ਜੌਹਲ ਜੀ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਰਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>