ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਵਰਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।
