ਅੰਮ੍ਰਿਤਸਰ/ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਇੱਕ ਅਹਿਮ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਬਾਰੇ ਕੁਝ ਲੋਕਾਂ ਨੂੰ ਬਹੁਤ ਵੱਡਾ ਭੁਲੇਖਾ ਹੈ ਕਿ ਪੰਜਾਬੀ ਲਾਲਚਾਂ ਵਿੱਚ ਫਸ ਕੇ ਵੋਟ ਪਾਉਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਹਮੇਸ਼ਾ ਤੋਂ ਹੀ ਨਵੀਂ ਸੋਚ ਵਾਲੀ ਲੀਡਰਸ਼ਿਪ ਚਾਹੁੰਦਾ ਰਿਹਾ ਹੈ, ਜਿਸ ਕਾਰਨ ਇੱਥੋਂ ਦੇ ਵੋਟਰ ਸਮੇਂ-ਸਮੇਂ ‘ਤੇ ਨਵੇਂ ਤਜਰਬੇ ਕਰਦੇ ਰਹੇ ਹਨ।
ਸ੍ਰ. ਪੀਰ ਮੁਹੰਮਦ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਦੇ ਸਵੈ-ਮਾਣ ਨੂੰ ਲਾਲਚ ਨਾਲ ਨਹੀਂ ਖਰੀਦਿਆ ਜਾ ਸਕਦਾ। ਉਨ੍ਹਾਂ ਕਿਹਾ, “ਪੰਜਾਬੀ ਮਾਨਸਿਕਤਾ ਹਮੇਸ਼ਾ ਸਿਧਾਂਤਕ ਅਤੇ ਦਲੇਰ ਲੀਡਰਸ਼ਿਪ ਦੀ ਮੁਦਈ ਰਹੀ ਹੈ। ਸਾਡੀ ਪਾਰਟੀ ਪੰਜਾਬ ਦੇ ਅਸਲ ਮੁੱਦਿਆਂ ਅਤੇ ਪੰਥਕ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ।”
3 ਮਾਰਚ ਦੇ ਸਮਾਗਮ ਦੀਆਂ ਤਿਆਰੀਆਂ:
ਉਨ੍ਹਾਂ ਦੱਸਿਆ ਕਿ ਆਉਂਦੀ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਭਵਿੱਖ ਦੀ ਰੂਪ-ਰੇਖਾ ਉਲੀਕਦਾ ਹੋਇਆ ਇੱਕ ‘ਵਿਜ਼ਨ ਡਾਕੂਮੈਂਟ’ (ਸੰਕਲਪ ਪੱਤਰ) ਜਾਰੀ ਕੀਤਾ ਜਾਵੇਗਾ, ਜੋ ਸੂਬੇ ਨੂੰ ਦਰਪੇਸ਼ ਮੌਜੂਦਾ ਸੰਕਟਾਂ ਵਿੱਚੋਂ ਕੱਢਣ ਲਈ ਇੱਕ ਰੋਡਮੈਪ ਸਾਬਤ ਹੋਵੇਗਾ।
ਜਥੇਦਾਰ ਸਾਹਿਬਾਨ ਦਾ ਵਿਸ਼ੇਸ਼ ਸਨਮਾਨ:
ਸ੍ਰ. ਪੀਰ ਮੁਹੰਮਦ ਨੇ ਵਿਸ਼ੇਸ਼ ਤੌਰ ‘ਤੇ ਐਲਾਨ ਕੀਤਾ ਕਿ ਇਸ ਪੰਥਕ ਇਕੱਠ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਪਾਰਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਨੇ ਹਮੇਸ਼ਾ ਕੌਮ ਦੀ ਚੜ੍ਹਦੀ ਕਲਾ ਲਈ ਮਾਰਗਦਰਸ਼ਨ ਕੀਤਾ ਹੈ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਸਮੁੱਚੇ ਪੰਥ ਦਾ ਮਾਣ ਵਧਾਉਣ ਦੇ ਤੁੱਲ ਹੈ। ਸ੍ਰ. ਪੀਰ ਮੁਹੰਮਦ ਨੇ ਸਮੁੱਚੇ ਪੰਥਕ ਦਰਦੀਆਂ, ਨੌਜਵਾਨਾਂ ਅਤੇ ਪੰਜਾਬ ਹਿਤੈਸ਼ੀਆਂ ਨੂੰ ਅਪੀਲ ਕੀਤੀ ਕਿ ਉਹ 3 ਮਾਰਚ ਨੂੰ ਵੱਡੀ ਗਿਣਤੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਇਸ ਇਤਿਹਾਸਕ ਪਲ ਦਾ ਹਿੱਸਾ ਬਣਨ।
