ਪੰਜਾਬ ‘ਚ ਸੱਤਾਧਾਰੀਆਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ, ਗਗਨਦੀਪ ਸਿੰਘ ਰੰਧਾਵਾ ਮਾਮਲੇ ‘ਚ ਬਾਪੂ ਤਰਸੇਮ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ

1002398039.resizedਅੰਮ੍ਰਿਤਸਰ – ਅੱਜ ਵੇਅਰਹਾਊਸ ਅੰਮ੍ਰਿਤਸਰ ਦੇ ਸਵਰਗੀ ਐਮ.ਡੀ. ਸ੍ਰ ਗਗਨਦੀਪ ਸਿੰਘ ਰੰਧਾਵਾ ਦੇ ਗ੍ਰਹਿ ਪਹੁੰਚ ਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਬਾਬਾ ਬਿਬੇਕ ਸਿੰਘ, ਭਾਈ ਬਲਦੇਵ ਸਿੰਘ ਜੱਲੂਪੁਰ ਅਤੇ ਸੁਖਚੈਨ ਸਿੰਘ ਜੱਲੂਪੁਰ ਵੀ ਮੌਜੂਦ ਸਨ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਕੋਈ ਆਮ ਘਟਨਾ ਨਹੀਂ, ਸਗੋਂ ਪੰਜਾਬ ਵਿੱਚ ਵੱਧ ਰਹੀ ਸੱਤਾ ਦੀ ਧੱਕੇਸ਼ਾਹੀ ਅਤੇ ਜ਼ਬਰ ਦਾ ਕੌੜਾ ਸੱਚ ਹੈ, ਜਿਸ ਨੇ ਪੂਰੇ ਪ੍ਰਸ਼ਾਸਕੀ ਸਿਸਟਮ ਦੀ ਨਾਕਾਮੀ ਨੂੰ ਬੇਨਕਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਇਮਾਨਦਾਰ ਸਰਕਾਰੀ ਅਧਿਕਾਰੀ ਸਿਆਸੀ ਦਬਾਅ ਹੇਠ ਆਪਣੀ ਜਾਨ ਦੇਣ ‘ਤੇ ਮਜਬੂਰ ਹੋ ਜਾਵੇ, ਤਾਂ ਇਹ ਸਿਰਫ ਇੱਕ ਪਰਿਵਾਰ ਨਹੀਂ, ਸਾਰੇ ਸਮਾਜ ਲਈ ਗੰਭੀਰ ਚੇਤਾਵਨੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਨੇ ਇਕ ਘਰ ਉਜਾੜ ਦਿੱਤਾ ਅਤੇ ਇਸਦੀ ਨੈਤਿਕ ਤੇ ਸਿਆਸੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਸਰਕਾਰ ‘ਤੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਸਤੀਫੇ ਅਤੇ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫਤਾਰੀ ਨਾਲ ਇਨਸਾਫ਼ ਪੂਰਾ ਨਹੀਂ ਹੁੰਦਾ। ਖ਼ਬਰ ਲਿਖਣ ਤੱਕ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਪਰ ਬਾਕੀ ਮੁਲਜ਼ਮ ਅਜੇ ਵੀ ਕਾਨੂੰਨ ਦੀ ਪਕੜ ਤੋਂ ਬਾਹਰ ਹਨ, ਜੋ ਕਿ ਪ੍ਰਸ਼ਾਸਨ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਾ ਹੈ। 1002399629.resizedਬਾਪੂ ਤਰਸੇਮ ਸਿੰਘ ਜੀ ਨੇ ਸਪੱਸ਼ਟ ਮੰਗ ਕਰਦਿਆਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਸਦੇ ਪੀਏ ਸਮੇਤ ਇਸ ਮਾਮਲੇ ਨਾਲ ਜੁੜੇ ਸਾਰੇ ਬਾਕੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਅਸਲ ਇਨਸਾਫ਼ ਮਿਲ ਸਕੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੇ ਹੀ ਮੰਤਰੀਆਂ ‘ਤੇ ਨਿਯੰਤਰਣ ਨਹੀਂ ਰੱਖ ਸਕਦੀ ਅਤੇ ਨਿਰਪੱਖ ਇਨਸਾਫ਼ ਦੇਣ ਵਿੱਚ ਅਸਫ਼ਲ ਰਹਿੰਦੀ ਹੈ, ਤਾਂ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਸ੍ਰੇਸ਼ਟ ਪ੍ਰਸ਼ਾਸਨਿਕ ਮਰਿਆਦਾਵਾਂ ਅਤੇ ਲੋਕਤੰਤਰਿਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਜੀ ਨੇ ਦੁੱਖੀ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਲੀਡਰਸ਼ਿਪ ਅਤੇ ਹਰ ਵਰਕਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦੀ ਨਹੀਂ, ਸਗੋਂ ਸੱਚ, ਇਨਸਾਫ਼ ਅਤੇ ਇਨਸਾਨੀਅਤ ਦੀ ਲੜਾਈ ਹੈ, ਜਿਸਨੂੰ ਅੰਤ ਤੱਕ ਲੜਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪਾਰਟੀ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਅੱਗੇ ਝੁਕਣ ਵਾਲੀ ਨਹੀਂ ਅਤੇ ਜਦ ਤੱਕ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ ਤੱਦ ਤੱਕ ਹਰ ਪੱਧਰ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗ ਚੁੱਕੇ ਹਨ ਅਤੇ ਸੱਤਾ ਦੇ ਦੁਰਉਪਯੋਗ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>