ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Screenshot_2026-04-06_16-33-50.resizedਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 7 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 7 ਅਪ੍ਰੈਲ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਪਰੰਤ ਹੁਕਮਨਾਮੇ ਦੀ ਕਥਾ ਹੋਵੇਗੀ ਅਤੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਵਿਦਵਾਨ ਹਾਜ਼ਰੀ ਭਰਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ।

ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਲਬਾਲ ਸਿੰਘ ਮੁਖੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਯੁਵਰਾਜ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>