ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼

Screenshot_2026-09-01_14-46-21.resizedਅੰਮ੍ਰਿਤਸਰ - ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਸ਼ਾਮਲ ਹਨ।

ਇਸ ਦੌਰਾਨ ਵਫ਼ਦ ਨੇ ਨੇਪਾਲ ਵਿੱਚ ਕੁਦਰਤੀ ਆਫ਼ਤ ਤੋਂ ਬਾਅਦ ਪੈਦਾ ਹੋਏ ਹਾਲਾਤ, ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਦੀਆਂ ਮੌਜੂਦਾ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨੇਪਾਲ ਸਰਕਾਰ ਦੇ ਅਧਿਕਾਰੀਆਂ ਕੋਲੋਂ ਇਹ ਵੀ ਜਾਣਨ ਦੀ ਕੋਸ਼ਸ਼ਿ ਕੀਤੀ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਨੂੰ ਸਭ ਤੋਂ ਵੱਧ ਕਿਹੜੀ ਰਾਹਤ ਸਮੱਗਰੀ ਦੀ ਲੋੜ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਨੇਪਾਲ ਵਿਚ ਕੁਦਰਤੀ ਆਫਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਅਗਲੀ ਜਾਣਕਾਰੀ ਅਤੇ ਲੋੜ ਅਨੁਸਾਰ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਕਿ ਕੁਦਰਤੀ ਆਫ਼ਤਾਂ ਅਤੇ ਸੰਕਟ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇ।

ਉਨ੍ਹਾਂ ਦੱਸਿਆ ਕਿ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤ ਸਮੇਂ ਮਨੁੱਖਤਾ ਦੀ ਸੇਵਾ ਲਈ ਕੀਤੀ ਪਹੁੰਚ ਲਈ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਬਣਾਈ ਰੂਪ ਰੇਖਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਨੇਪਾਲ ਸਰਕਾਰ ਦੀ ਸਹਿਮਤੀ ਅਤੇ ਉਸ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਰਾਹਤ ਕਾਰਜ ਕੀਤੇ ਜਾਣਗੇ। ਭਾਈ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਲੋੜੀਂਦੀ ਪ੍ਰਵਾਨਗੀ ਬਾਰੇ ਆਖਿਆ ਗਿਆ ਹੈ। ਸਰਕਾਰੀ ਨੁਮਾਇੰਦਿਆਂ ਅਨੁਸਾਰ ਉਹ ਜਲਦ ਹੀਸਾਰੀ ਰੂਪਰੇਖਾ ਸ਼੍ਰੋਮਣੀ ਕਮੇਟੀ ਨੂੰ ਦੱਸਣਗੇ, ਜਿਸ ਅਨੁਸਾਰ ਰਾਹਤ ਸੇਵਾਵਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਤੋਂ ਇਲਾਵਾ ਨੇਪਾਲ ਤੋਂ ਸ. ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਸ. ਪ੍ਰੀਤਮ ਸਿੰਘ ਹਾਜ਼ਰ ਰਹੇ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>