ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

Screenshot_2026-10-27_13-09-46ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹੜੇ ’ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਗੁਰੂ-ਜਸ ਨਾਲ ਅਧਿਆਤਮਿਕ ਮਾਹੌਲ ਸਿਰਜਿਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਦਰ ਮਾਨਵਤਾ ਲਈ ਅਜਿਹਾ ਅਧਿਆਤਮਿਕ ਕੇਂਦਰ ਹੈ, ਜਿਥੇ ਦੇਸ਼ ਦੁਨੀਆਂ ਦਾ ਹਰ ਵਿਅਕਤੀ ਬਿਨਾਂ ਕਿਸੇ ਵਿਤਕਰੇ ਅਤੇ ਭੇਦਭਾਵ ਦੇ ਪੁੱਜਦਾ ਹੈ। ਸ਼ਰਧਾ ਨਾਲ ਆਇਆ ਹਰ ਵਿਅਕਤੀ ਗੁਰੂ ਦਰਬਾਰ ਵਿੱਚੋਂ ਖ਼ੁਸ਼ੀਆਂ ਅਤੇ ਅਧਿਆਤਮਿਕ ਬਖ਼ਸ਼ਸ਼ਾਂ ਦੀ ਦਾਤ ਪ੍ਰਾਪਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।

ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।

 

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>