350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ ਦੇਸ਼-ਵਿਦੇਸ਼ ਦੀਆਂ ਸ਼ਖਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ

Screenshot_2025-07-14_13-17-49.resizedਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ ਕੀਰਤਨ ਆਦਿ ਸਜਾਉਣ ਲਈ ਰੂਪ ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਇਨ੍ਹਾਂ ਸਮਾਗਮਾਂ ਮੌਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ਼ ਇੰਡੀਆ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਦੇਸ਼ਾਂ ਅੰਦਰ ਸਿੱਖ ਐਮਪੀ ਅਤੇ ਵਿਧਾਇਕਾਂ ਨੂੰ ਸ਼ਮੂਲੀਅਤ ਲਈ ਸੱਦਾ ਪੱਤਰ ਦੇਣ ਦੀ ਵੀ ਸਾਂਝੀ ਰਾਇ ਬਣੀ।

ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਾਲਮੇਲ ਕਮੇਟੀ ਦੀ ਬੈਠਕ ਵਿਚ ਵੱਖ-ਵੱਖ ਆਗੂਆਂ, ਮਹਾਂਪੁਰਖਾਂ ਅਤੇ ਵਿਦਵਾਨਾਂ ਨੇ ਬਹੁਤ ਭਾਵਪੂਰਤ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਲਈ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸਾਂਝੀ ਰਾਇ ਇਹ ਬਣੀ ਹੈ ਕਿ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਲਈ ਨਿੱਜੀ ਤੌਰ ’ਤੇ ਮਿਲ ਕੇ ਅਤੇ ਚਿੱਠੀ ਪੱਤਰ ਰਾਹੀਂ ਸੱਦਾ ਦਿੱਤਾ ਜਾਵੇ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਖ-ਵੱਖ ਵਫ਼ਦਾਂ ਰਾਹੀਂ ਪ੍ਰਮੁੱਖ ਸ਼ਖ਼ਸੀਅਤਾਂ ਤੱਕ ਪਹੁੰਚ ਕਰੇਗੀ। ਉਨ੍ਹਾਂ ਦੱਸਿਆ ਕਿ ਇਕ ਅਹਿਮ ਫੈਸਲੇ ਤਹਿਤ ਕੇਂਦਰ ਸਰਕਾਰ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿਚ ਨੌਵੇਂ ਪਾਤਸ਼ਾਹ ਨਾਲ ਸਬੰਧਤ ਸੈਮੀਨਾਰ ਆਯੋਜਤ ਕੀਤੇ ਜਾਣਗੇ ਅਤੇ ਗੁਰੂ ਸਾਹਿਬ ਦਾ ਇਤਿਹਾਸ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਛਾਪਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਕੀਤੀ ਜਾਵੇਗੀ ਅਤੇ ਸਕੂਲਾਂ/ਕਾਲਜਾਂ ਵਿਚ ਵਿਸ਼ੇਸ਼ ਸਮਾਗਮ ਰੱਖੇ ਜਾਣਗੇ।

ਐਡਵੋਕੇਟ ਧਾਮੀ ਨੇ ਹੋਰ ਜਾਣਕਾਰੀ ਦਿੰਦਿਆਂ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ’ਤੇ ਇਕ ‘ਕੌਫ਼ੀ ਟੇਬਲ ਬੁੱਕ’ ਤਿਆਰ ਕੀਤੀ ਜਾਵੇਗੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬ ਸੰਖੇਪ ਰੂਪ ਵਿਚ ਪ੍ਰੇਰਣਾਦਾਇਕ ਵੀਡੀਓ ਬਣਾ ਕੇ ਸੰਗਤਾਂ ਤੱਕ ਪਹੁੰਚਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਦਮਿਕ ਪੱਧਰ ’ਤੇ ਲਏ ਗਏ ਫੈਸਲੇ ਬਾਰੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਮੌਕੇ ਅੰਤਰ ਧਰਮ ਸੰਵਾਦ ਰਚਾਉਣ ਨੂੰ ਪਹਿਲ ਦਿੰਦਿਆਂ ਇਕ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ।

ਸ਼ਤਾਬਦੀ ਦੇ ਸਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਕ ਵਿਸ਼ਾਲ ਨਗਰ ਕੀਰਤਨ ਆਸਾਮ ਤੋਂ ਸ਼ੂਰੂ ਕੀਤਾ ਜਾਵੇਗਾ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਸ਼ਹਾਦਤ ਬਾਰੇ ਪ੍ਰੇਰਣਾ ਦਿੰਦਾ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ। ਇਸੇ ਤਰ੍ਹਾਂ ਇਕ ਨਗਰ ਕੀਰਤਨ ਕਸ਼ਮੀਰ ਤੋਂ ਸ਼ੁਰੂ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ ਅਤੇ ਇਕ ਨਗਰ ਕੀਰਤਨ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਮੁੱਖ ਸਮਾਗਮਾਂ ਦੌਰਾਨ 51 ਹਜ਼ਾਰ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਕ ਪੂਰਾ ਦਿਨ ਬੱਚਿਆਂ ਨੂੰ ਸਮਰਪਿਤ ਸਮਾਗਮ ਕੀਤੇ ਜਾਣਗੇ। 25 ਨਵੰਬਰ ਨੂੰ ਮੁੱਖ ਸਮਾਗਮ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ ਅਤੇ ਕੌਮ ਦੇ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਹਾਜ਼ਰੀ ਭਰਨਗੇ।

ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਨਾਲ ਸ਼ਹੀਦ ਹੋਣ ਵਾਲੇ ਪ੍ਰਮੁੱਖ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਨਾਲ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਸਮਾਗਮ ਵੀ ਕੀਤੇ ਜਾਣਗੇ ਅਤੇ ਦਸਵੇਂ ਪਾਤਸ਼ਾਹ ਜੀ ਦੇ 350ਵੇਂ ਗੁਰਤਾਗੱਦੀ ਦਿਵਸ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਪੀਲ ਕੀਤੀ ਜਾਵੇਗੀ। ਇਸ ਸਬੰਧ ਵਿਚ ਪੂਰੇ ਦੇਸ਼ ਅੰਦਰ ਸਰਕਾਰਾਂ ਤੱਕ ਵੀ ਪਹੁੰਚ ਕਰਕੇ ਨਿਆਂ ਮੰਗਿਆ ਜਾਵੇਗਾ।

ਇਕੱਤਰਤਾ ’ਚ ਸ਼ ਐਡਵੋਕੇਟ ਧਾਮੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਗਿਆਨੀ ਸਾਹਬ ਸਿੰਘ, ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਵੀਰ ਸਿੰਘ ਲੋਪੋਕੇ, ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਸ. ਪਰਮਜੀਤ ਸਿੰਘ ਰਾਣਾ, ਬਾਬਾ ਜਗਜੀਤ ਸਿੰਘ ਲੋਪੋਂ ਵਾਲਿਆਂ ਵੱਲੋਂ ਭਾਈ ਹਰਵਿੰਦਰ ਸਿੰਘ, ਸਵਾਮੀ ਜੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ, ਡਾ. ਹਰਭਜਨ ਸਿੰਘ ਦੇਹਰਾਦੂਨ, ਸ. ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਜੂਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਰਵਿੰਦਰ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਬੂਟਾ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਪ੍ਰਿੰਸੀਪਲ ਧਰਮਿੰਦਰ ਸਿੰਘ ਉੱਭਾ, ਸ. ਬਲਜੀਤ ਸਿੰਘ ਸਟੱਡੀ ਸਰਕਲ, ਸਹਿਜਪਾਠ ਸੰਸਥਾ ਵੱਲੋਂ ਸ. ਦਿਲਬਾਗ ਸਿੰਘ ਆਦਿ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>