ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਅਤੇ ਗਿਆਨੀ ਨਿਰਮਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 24 ਅਗਸਤ 2025 ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ ਮਗਰੋਂ 24 ਅਗਸਤ ਨੂੰ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਪ੍ਰਮੁੱਖ ਸਖਸੀਅਤਾਂ ਹਾਜਰੀ ਭਰਨਗੀਆਂ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਦਿਲਰਾਜ ਸਿੰਘ, ਸ. ਬਲਦੇਵ ਸਿੰਘ ਧੁੰਨ, ਸ. ਜਗਜੀਤ ਸਿੰਘ, ਸ. ਤਲਵਿੰਦਰ ਸਿੰਘ ਆਦਿ ਹਾਜਰ ਸਨ।
