ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਨਗਰ ਕੀਰਤਨ ਪ੍ਰਤੀ ਕਲਕੱਤੇ ਦੀਆਂ ਸੰਗਤਾਂ ਅੰਦਰ ਵੱਡਾ ਉਤਸ਼ਾਹ

Screenshot_2025-08-24_14-28-40.resizedਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮ ਸਿੱਖ ਸੰਗਤ, ਬੈਰਕਪੁਰ ਕਲਕੱਤਾ ਤੋਂ ਗੁਰਦੁਆਰਾ ਡਨਲੌਪ ਸਿੱਖ ਸੰਗਤ ਕਲਕੱਤਾ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ।

ਅੱਜ ਇਹ ਨਗਰ ਕੀਰਤਨ ਕਲਕੱਤੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪੁੱਜਾ, ਜਿਥੇ ਗੁਰਦੁਆਰਾ ਸੰਤ ਕੁਟੀਆ, ਗੁਰਦੁਆਰਾ ਜਗਤ ਸੁਧਾਰ (ਕਾਲੀਕਾਟ), ਗੁਰਦੁਆਰਾ ਸਾਹਿਬ ਬੇਹਾਲਾ, ਗੁਰਦੁਆਰਾ ਬੜਾ ਸਿੱਖ ਸੰਗਤ ਸਮੇਤ ਹੋਰ ਅਸਥਾਨਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਕਲਕੱਤੇ ਦੀਆਂ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।

ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਡਨਲੌਪ ਸਿੱਖ ਸੰਗਤ ਕਲਕੱਤਾ ਰੁਕੇਗਾ, ਜਿਥੋਂ 25 ਅਗਸਤ ਨੂੰ ਅਗਲੇ ਪੜਾਅ ਆਸਨਸੋਲ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਡਾ. ਸਤਨਾਮ ਸਿੰਘ ਆਹਲੂਵਾਲੀਆ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਦੇ ਪ੍ਰਬੰਧਕ ਸ. ਰਣਜੀਤ ਸਿੰਘ, ਸ. ਗੁਰਸ਼ਰਨ ਸਿੰਘ, ਸ. ਬੂਟਾ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>