ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼

Screenshot_2025-10-21_12-26-54.resizedਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।

ਇਸੇ ਦੌਰਾਨ ਪ੍ਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਸਿੱਖਾਂ ਨਾਲ ਹੋ ਰਹੇ ਵਿਤਕਰੇ ਵਖਰੇਵੇਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਦਅਦਬੀਆਂ ਦੀਆਂ ਘਟਨਾਵਾਂ, ਸਿੱਖ ਕਕਾਰਾਂ ’ਤੇ ਹੁੰਦੇ ਸਵਾਲ ਅਤੇ ਸਿੱਖ ਸੰਸਥਾਵਾਂ ਉੱਤੇ ਗਹਿਰੀ ਸਾਜ਼ਿਸ਼ ਤਹਿਤ ਕਬਜ਼ੇ ਦੀਆਂ ਚਾਲਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਪੰਥਕ ਏਕਤਾ ਦੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖਾਂ ਨੂੰ ਇਕ ਅਜਿਹਾ ਤਖ਼ਤ ਬਖ਼ਸ਼ਿਆ, ਜਿਹੜਾ ਹਮੇਸ਼ਾ ਹੱਕ, ਸੱਚ, ਨਿਆਂ ਅਤੇ ਧਰਮ ਦੇ ਬੋਲ-ਬਾਲਿਆਂ ਲਈ ਸੇਧ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਮੁੱਚਾ ਖ਼ਾਲਸਾ ਪੰਥ ਪੰਥਕ ਰਵਾਇਤਾਂ ਮੁਤਾਬਕ ਇਥੇ ਸਿਰ ਜੋੜ ਕੇ ਬੈਠਦਾ ਹੈ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਰਣਨੀਤੀ ਬਣਾਉਂਦਾ ਹੈ।ਗਿਆਨੀ ਕੁਲਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਵੱਲੋਂ ਉਸ ਵੇਲੇ ਦੀ ਮਜ਼ਲੂਮ ਧਿਰ ਦੇ ਤਿਲਕ ਤੇ ਜੰਞੂ ਦੀ ਰਾਖੀ ਕਰਦਿਆਂ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਸ਼ਹਾਦਤ ਦੇ 350 ਸਾਲਾ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਸ਼ਹਾਦਤਾਂ ਸਾਡਾ ਮਾਰਗਦਰਸ਼ਨ ਕਰਦੀਆਂ ਹਨ ਅਤੇ ਹਰ ਧਰਮ ਦੇ ਲੋਕਾਂ ਨੂੰ ਆਪੋ-ਆਪਣੇ ਧਰਮ ਅਨੁਸਾਰ ਧਾਰਮਿਕ ਚਿੰਨ੍ਹ ਪਹਿਨ ਕੇ ਵਿਚਰਨ ਅਤੇ ਅਜ਼ਾਦੀ ਨਾਲ ਰਹਿਣ ਦੀ ਗਵਾਹੀ ਭਰਦੀਆਂ ਹਨ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਗੁਰੂ ਸਾਹਿਬ ਜੀ ਦੇ ਸਿੱਖਾਂ ਦੇ ਕਕਾਰ ਕਿਰਪਾਨ, ਕੜਾ ਉਤਰਵਾਉਣ ਦੀਆਂ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਸਾਹਮਣੇ ਆਉਂਦੀਆਂ ਘਟਨਾਵਾਂ ਦੱਸਦੀਆਂ ਹਨ ਕਿ ਮੌਜੂਦਾ ਹੁਕਮਰਾਨ ਵੀ ਉਸ ਸਮੇਂ ਦੇ ਹਾਕਮਾਂ ਵਾਂਗ ਸੌੜੀ ਸੋਚ ਰੱਖਕੇ ਸਾਡੀ ਪਛਾਣ ਨੂੰ ਖਤਮ ਕਰਨ ਦੀ ਮਨਸ਼ਾ ਰੱਖਦੇ ਹਨ।

ਉਨ੍ਹਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਗੁਰਦੀਪ ਸਿੰਘ ਖੈਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਹੋਰ ਸਿੰਘਾਂ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਹਕੂਕਾਂ ਦੀ ਗੱਲ ਕਰਦਿਆਂ ਸਰਕਾਰ ਪਾਸੋਂ ਤੁਰੰਤ ਰਿਹਾਈ ਦੀ ਮੰਗ ਕੀਤੀ। ਗਿਆਨੀ ਗੜਗੱਜ ਨੇ ਸਰਕਾਰ ਵੱਲੋਂ 2019 ’ਚ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲੇ ’ਤੇ ਦ੍ਰਿੜ੍ਹ ਰਹਿਣਾ ਚਾਹੀਦਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਗੁਰੂ ਘਰਾਂ ਵਿੱਚ ਪੰਥ ਦੀ ਪਹਿਰੇਦਾਰੀ ਕਾਇਮ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਹਰ ਗੁਰਦੁਆਰਾ ਸਾਹਿਬ ਵਿੱਚ ਪਹਿਰੇਦਾਰੀ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਿੱਖ ਨੇ ਜਿਥੇ ਗੁਰੂ ਸਾਹਿਬ ਵੱਲੋਂ ਬਖਸ਼ੇ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਧਾਰਮਿਕ, ਪਰਵਾਰਿਕ, ਸਮਾਜਿਕ ਅਤੇ ਆਰਥਿਕ ਤੌਰ ਉੱਤੇ ਤਕੜਾ ਹੋਣਾ ਹੈ, ਉੱਥੇ ਆਲਮੀ ਪੱਧਰ ’ਤੇ ਰਾਜਸੀ ਤੌਰ ਉੱਤੇ ਵੀ ਤਕੜਾ ਹੋਣਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇੱਕ ਸਾਂਝਾ ਪਰਿਵਾਰ ਹੈ ਅਤੇ ਕੌਮ ਵਿੱਚ ਕੋਈ ਵੀ ਆਪਸੀ ਵਖਰੇਵਾਂ ਇੰਨਾ ਵੱਡਾ ਨਹੀਂ, ਜਿਸ ਨੂੰ ਅਧਾਰ ਬਣਾ ਕੇ ਕੋਈ ਕੌਮ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਿਆਂ, ਗੁਰਧਾਮਾਂ ਤੇ ਤਖ਼ਤ ਸਾਹਿਬਾਨ ਦਾ ਪ੍ਰਬੰਧ ਖ਼ਾਲਸਾ ਪੰਥ ਨੇ ਸ਼ਹਾਦਤਾਂ ਦੇ ਕੇ ਪ੍ਰਾਪਤ ਕੀਤਾ ਹੈ ਅਤੇ ਇਹ ਹਮੇਸ਼ਾ ਪੰਥ ਕੋਲ ਹੀ ਰਹੇਗਾ। ਸਮੇਂ ਦੇ ਹੁਕਮਰਾਨਾਂ ਵੱਲੋਂ ਗੁਰਦੁਆਰਿਆਂ ਅਤੇ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਦਖਲ ਜਾਂ ਪ੍ਰਬੰਧ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਨੂੰ ਖ਼ਾਲਸਾ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਬੰਦ ਪਿਆ ਲਾਂਘਾ ਖੋਲ੍ਹਣ ਦੀ ਵੀ ਮੰਗ ਕੀਤੀ। ਜਥੇਦਾਰ ਨੇ ਆਖਿਆ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਹ ਲਾਂਘਾ ਜਲਦ ਮੁੜ ਖੋਲ੍ਹਿਆ ਜਾਵੇ ਤਾਂ ਜੋ ਦੋਵਾਂ ਮੁਲਕਾਂ ਵਿੱਚ ਆਪਸੀ ਪ੍ਰੇਮ ਤੇ ਸਦਭਾਵਨਾ ਦਾ ਪੈਗਾਮ ਵਧੇ। ਉਨ੍ਹਾਂ ਆਪਣੇ ਸੰਦੇਸ਼ ਵਿਚ ਪੰਜਾਬ ਵਿਚ ਆਏ ਹੜ੍ਹਾਂ ਸਮੇਂ ਸਿੱਖ ਸੰਸਥਾਵਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਵੀ ਕੀਤੀ। ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਖ਼ਾਲਸਾ ਪੰਥ ਵੱਲੋਂ ਪੰਥਕ ਰਵਾਇਤਾਂ ਅਤੇ ਕੌਮੀ ਇਕਜੁਟਤਾ ਨਾਲ ਮਨਾਈ ਜਾ ਰਹੀ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਹੋ ਰਹੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸੰਗਤਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

ਬੰਦੀ ਛੋੜ ਦਿਵਸ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂ ਪੂਈਂ, ਸ. ਦਰਸ਼ਨ ਸਿੰਘ ਬਰਾੜ, ਸ. ਹਰਭਜਨ ਸਿੰਘ ਮਸਾਣਾ, ਭਾਈ ਅਜੈਬ ਸਿੰਘ ਅਭਿਆਸੀ, ਅਕਾਲੀ ਆਗੂ ਸ. ਸੁੱਚਾ ਸਿੰਘ ਲੰਗਾਹ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।

 

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>