ਪਟਿਆਲਾ- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਨੂੰ ਲਾਗੂ ਕਰਵਾਉਣਾ ਹੈ, ਜਿਸ ਤਹਿਤ ਯੂਨੀਵਰਸਿਟੀ ਨੂੰ ਕੰਟਰੈਕਟ ਅਧਿਆਪਕਾਂ ਦੀ ਤਨਖ਼ਾਹ ਸਬੰਧੀ ਯੂਜੀਸੀ ਦੇ ਨਿਯਮਾਂ ਨੂੰ ਲਾਗੂ ਕਰਨਾ ਹੈ।
ਰੋਸ ਪ੍ਰਦਰਸ਼ਨ ਦੀ ਅਗਵਾਈ ਡਾ. ਦਲਬੀਰ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਪੁਕਟਾ ਦੇ ਜਨਰਲ ਸਕੱਤਰ ਅਸਿਸਟੈਂਟ ਪ੍ਰੋਫੈਸਰ ਰਮਨਪ੍ਰੀਤ ਸਿੰਘ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਰਮਨਪ੍ਰੀਤ ਸਿੰਘ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਯੂਨੀਵਰਸਿਟੀ ਵੱਲੋਂ ਯੂਜੀਸੀ ਦੇ ਨਿਯਮਾਂ ਮੁਤਾਬਕ ਕੰਟਰੈਕਟ ਅਧਿਆਪਕਾਂ ਦੀ ਤਨਖ਼ਾਹ ਸਬੰਧੀ ਪ੍ਰਬੰਧ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਲੰਮੇ ਸਮੇਂ ਤੋਂ ਇਸ ਮਾਮਲੇ ਦੇ ਹੱਲ ਦੀ ਉਡੀਕ ਕਰ ਰਹੇ ਹਨ।
ਐਸੋਸੀਏਸ਼ਨ ਦੇ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਈ ਕੋਰਟ ਦੇ ਹੁਕਮਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਲਾਗੂ ਕੀਤਾ ਜਾਵੇ ਅਤੇ ਕੰਟਰੈਕਟ ਅਧਿਆਪਕਾਂ ਦੀਆਂ ਤਨਖ਼ਾਹ ਸਬੰਧੀ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਡਾਕਟਰ ਦਲਵੀਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੰਟਰੈਕਟ ਅਧਿਆਪਕਾਂ ਨਾਲ ਲਗਾਤਾਰ ਲਾਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਆਪਣੀ ਸਹੂਲਤ ਅਨੁਸਾਰ ਨਿਯਮਾਂ ਵਿੱਚ ਛੇੜਛਾੜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੰਗ ਬਿਲਕੁਲ ਸਪੱਸ਼ਟ ਹੈ ਕਿ ਉਨ੍ਹਾਂ ਉੱਪਰ ਯੂਜੀਸੀ ਰੈਗੂਲੇਸ਼ਨ-2010 ਅਤੇ 2018 ਦੇ ਨਿਯਮ ਲਾਗੂ ਕੀਤੇ ਜਾਣ ਅਤੇ ਇਨ੍ਹਾਂ ਨਿਯਮਾਂ ਅਨੁਸਾਰ ਬਣਦੀ ਤਨਖਾਹ ਦਿੱਤੀ ਜਾਵੇ।
