ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਅੱਜ 19ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। 5 ਸਤੰਬਰ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ‘ਅਧਿਆਪਕ ਦਿਵਸ’ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੋਧ ਵਜੋਂ ਅਤੇ ਯੂ.ਜੀ.ਸੀ. ਰੈਗੂਲੇਸ਼ਨਜ਼ (UGC Regulations) ਇੰਨ-ਬਿੰਨ ਲਾਗੂ ਕਰਵਾਉਣ ਲਈ ਸਮੂਹ ਅਧਿਆਪਕਾਂ ਨੇ ਅੱਜ ਦੇ ਦਿਨ ਨੂੰ ‘ਕਾਲੇ ਦਿਵਸ’ (ਰੋਸ ਦਿਵਸ) ਵਜੋਂ ਮਨਾਇਆ। ਇਸ ਰੋਸ ਪ੍ਰਦਰਸ਼ਨ ਤਹਿਤ ਯੂਨੀਵਰਸਿਟੀ ਕੈਂਪਸ ਦੇ ਨਾਲ-ਨਾਲ ਸਾਰੇ 13 ਕਾਂਸਟੀਚੂਐਂਟ ਕਾਲਜਾਂ ਵਿੱਚ ਵੀ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਕਾਲੇ ਕੱਪੜੇ ਪਹਿਨ ਕੇ, ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਅਤੇ ਕਾਲੇ ਬਿੱਲੇ ਲਗਾ ਕੇ ਪੂਰਨ ਤੌਰ ‘ਤੇ ‘ਕਾਲਾ ਦਿਵਸ’ ਮਨਾਇਆ ਗਿਆ।
ਧਰਨੇ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਪੰਜਾਬੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੀ ਪ੍ਰਧਾਨ ਡਾਕਟਰ ਤਰਨਜੀਤ ਕੌਰ ਨੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਪਿਛਲੇ 15 ਤੋਂ 20 ਸਾਲਾਂ ਤੋਂ ਹੰਢਾਏ ਜਾ ਰਹੇ ਮਾਨਸਿਕ, ਆਰਥਿਕ ਅਤੇ ਸਮਾਜਿਕ ਸੰਤਾਪ ਨੂੰ ਬਿਆਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਦਹਾਕੇ ਤੋਂ ਵੱਧ ਸਮੇਂ ਤੋਂ ਇਹ ਅਧਿਆਪਕ ਪੂਰੀ ਯੋਗਤਾ ਰੱਖਦੇ ਹੋਏ ਵੀ ਨਿਗੂਣੀਆਂ ਤਨਖ਼ਾਹਾਂ ਅਤੇ ਅਸੁਰੱਖਿਅਤ ਭਵਿੱਖ ਦੇ ਸਾਏ ਹੇਠ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂ.ਜੀ.ਸੀ. ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ ਛਾਂਫ 21780-2022 (ਰਾਜਨ ਗੋਇਲ ਬਨਾਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਹੋਰ) ਵਿੱਚ ਦਿੱਤੇ ਗਏ ਫ਼ੈਸਲੇ ਤੇ ਆਦੇਸ਼ਾਂ ਨੂੰ ਪ੍ਰਸ਼ਾਸਨ ਵੱਲੋਂ ਤੁਰੰਤ ਇੰਨ-ਬਿੰਨ ਲਾਗੂ ਕੀਤਾ ਜਾਵੇ।
ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਆਗੂ ਪ੍ਰੋ. ਸੁਰਿੰਦਰ ਸਿੰਘ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਆਉਂਦੇ ਮੰਗਲਵਾਰ ਤੱਕ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ, ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕਰਦਿਆਂ ਯੂਨੀਵਰਸਿਟੀ ਅਧੀਨ ਆਉਂਦੇ ਸਾਰੇ 13 ਕਾਂਸਟੀਚੂਐਂਟ ਕਾਲਜ, ਨੇਬਰਹੁੱਡ ਕੈਂਪਸ ਅਤੇ ਰੀਜਨਲ ਸੈਂਟਰ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਸਥਿਤੀ ਬਣਦੀ ਹੈ ਤਾਂ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕੈਂਪਸਾਂ ਵਿੱਚ ਪੈਦਾ ਹੋਣ ਵਾਲੇ ਹਾਲਾਤ ਦੀ ਸਮੁੱਚੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।ਅੱਜ ਦੇ ਇਸ ਰੋਸ ਪ੍ਰਦਰਸ਼ਨ ਦੌਰਾਨ ਯੂਨੀਵਰਸਿਟੀ ਦੇ ਮੁੱਖ ਕੈਂਪਸ, ਸਮੂਹ 13 ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡਕੈਂਪਸਾਂ ਦੇ ਅਧਿਆਪਕਾਂ ਨੇ ਸੋਸ਼ਲ ਮੀਡੀਆ ਅਤੇ ਮੀਡੀਆ ਰਾਹੀਂ ਵੀ ਪ੍ਰਸ਼ਾਸਨ ਦੇ ਬੇਰੁਖ਼ੀ ਭਰੇ ਵਤੀਰੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ।
