ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ : ਭਾਈ ਰਤਿੰਦਰ ਸਿੰਘ ਇੰਦੌਰ

Screenshot_2026-09-29_20-32-42.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਪੰਜਾਬ ਦੇ ਲੰਬੇ ਸਮੇਂ ਤੋਂ ਚਰਚਾ ਵਿੱਚ ਰਹੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਸਰਕਾਰ, ਪੰਜਾਬ ਵਿਧਾਨ ਸਭਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਸਮੂਹ ਧਾਰਮਿਕ ਭਾਈਚਾਰਿਆਂ ਵੱਲੋਂ ਸਾਂਝੀ ਪਹਿਲ ਕਰਨ ਦੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਵਿਸ਼ੇਸ਼ ਸੈਸ਼ਨ ਸੱਦ ਕੇ ਮਤੇ ਪਾਸ ਕੀਤੇ ਗਏ ਹਨ, ਉਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਵੀ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ। ਭਾਈ ਰਤਿੰਦਰ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਾਮਲਾ ਸਿਰਫ਼ ਕਿਸੇ ਇੱਕ ਸਿਆਸੀ ਧਿਰ ਨਾਲ ਜੁੜਿਆ ਵਿਸ਼ਾ ਨਾ ਬਣੇ, ਸਗੋਂ ਪੰਜਾਬ ਦੇ ਸਾਰੇ 117 ਵਿਧਾਇਕ ਇਸ ਮੁੱਦੇ ’ਤੇ ਸਾਂਝੇ ਤੌਰ ’ਤੇ ਵਿਚਾਰ ਕਰਨ। ਉਨ੍ਹਾਂ ਸੁਝਾਅ ਦਿੱਤਾ ਕਿ ਵਿਧਾਨ ਸਭਾ ਵਿੱਚ ਇਸ ਸਬੰਧੀ ਵਿਸ਼ੇਸ਼ ਮਤਾ ਪਾਸ ਕਰਕੇ ਉਸ ਦੀ ਕਾਪੀ ਪੰਜਾਬ ਦੇ ਰਾਜਪਾਲ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਇਕ ਸਾਂਝੇ ਵਫ਼ਦ ਵਜੋਂ ਰਾਜਪਾਲ, ਰਾਸ਼ਟਰਪਤੀ, ਕੇਂਦਰੀ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਕੋਲ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਅੰਡਰ-ਟ੍ਰਾਇਲ ਵਿਅਕਤੀਆਂ ਨਾਲ ਸਬੰਧਤ ਮਾਮਲਿਆਂ ’ਤੇ ਆਪਣਾ ਪੱਖ ਰੱਖਣ। ਉਨ੍ਹਾਂ ਦੇ ਮੁਤਾਬਕ ਅਜਿਹਾ ਸਾਂਝਾ ਯਤਨ ਪੰਜਾਬ ਵਿੱਚ ਇਸ ਮੁੱਦੇ ਨਾਲ ਜੁੜੀਆਂ ਚਿੰਤਾਵਾਂ ਨੂੰ ਸੰਵਿਧਾਨਕ ਅਤੇ ਲੋਕਤੰਤਰਿਕ ਢੰਗ ਨਾਲ ਉਠਾਉਣ ਦਾ ਇੱਕ ਰਸਤਾ ਹੋ ਸਕਦਾ ਹੈ। ਭਾਈ ਰਤਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦ ਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤਾ ਪਾਸ ਕੀਤਾ ਜਾਵੇ ਅਤੇ ਇਹ ਮਤਾ ਵੀ ਰਾਜਪਾਲ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਭਾਈ ਰਤਿੰਦਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਧਾਰਮਿਕ ਭਾਈਚਾਰਿਆਂ ਨੂੰ ਵੀ ਇਸ ਮਾਮਲੇ ਵਿੱਚ ਆਪਣੇ-ਆਪਣੇ ਧਾਰਮਿਕ ਸਥਾਨਾਂ ’ਤੇ ਪ੍ਰਾਰਥਨਾ, ਦੁਆ ਜਾਂ ਅਰਦਾਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੁਸਲਿਮ, ਈਸਾਈ, ਆਰੀਆ ਸਮਾਜ, ਸਨਾਤਨ, ਜੈਨ, ਬੁੱਧ, ਵਾਲਮੀਕਿ ਅਤੇ ਰਵਿਦਾਸੀ ਸਮਾਜਾਂ ਦੇ ਧਾਰਮਿਕ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪਣੇ-ਆਪਣੇ ਧਾਰਮਿਕ ਰਿਵਾਜਾਂ ਅਨੁਸਾਰ ਕੀਤੀ ਗਈ ਸਾਂਝੀ ਪ੍ਰਾਰਥਨਾ ਪੰਜਾਬ ਵਿੱਚ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਜੁੜਿਆ ਮਾਮਲਾ ਪੰਜਾਬ ਦੇ ਸਮਾਜਿਕ ਅਤੇ ਧਾਰਮਿਕ ਮਾਹੌਲ ਨਾਲ ਵੀ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਟਕਰਾਅ ਦੀ ਬਜਾਏ ਸੰਵਿਧਾਨਕ, ਲੋਕਤੰਤਰਿਕ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਉਠਾਉਣ ਦੀ ਲੋੜ ਹੈ। ਭਾਈ ਰਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਅਤੇ ਧਾਰਮਿਕ ਭਾਈਚਾਰਿਆਂ ਵੱਲੋਂ ਸਾਂਝੇ ਤੌਰ ’ਤੇ ਅਮਨ, ਭਾਈਚਾਰੇ ਅਤੇ ਕਾਨੂੰਨੀ ਪ੍ਰਕਿਰਿਆ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਬੰਦੀ ਸਿੰਘਾਂ ਦੇ ਮਾਮਲੇ ਨੂੰ ਲੈ ਕੇ ਪੈਦਾ ਹੋਣ ਵਾਲੇ ਸਮਾਜਿਕ ਤਣਾਅ ਅਤੇ ਵਖਰੇਵਿਆਂ ਨੂੰ ਸੰਵਾਦ ਅਤੇ ਲੋਕਤੰਤਰਿਕ ਪ੍ਰਕਿਰਿਆ ਰਾਹੀਂ ਸੰਬੋਧਿਤ ਕੀਤਾ ਜਾ ਸਕੇ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>