ਖਡੂਰ ਸਾਹਿਬ/ਤਰਨ ਤਾਰਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮੁਖੀ ਦਿਵਸ ਮਨਾਉਂਦਿਆਂ ‘ਗੁਰੂ ਵਰੋਸਾਈ ਗੁਰਮੁਖੀ’ ਸਿਰਲੇਖ ਹੇਠ ਵਿਸ਼ੇਸ਼ ਸੈਮੀਨਾਰ ਸ੍ਰੀ ਗੁਰੂ ਅੰਗਦ ਦੇਵ ਜੀ ਕਾਲਜ ਖਡੂਰ ਸਾਹਿਬ ਵਿਖੇ ਕਰਵਾਇਆ ਗਿਆ। ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਗੁਰਮੁੱਖੀ ਲਿਪੀ ਦੀ ਵਿਸ਼ੇਸ਼ਤਾ ਅਤੇ ਇਸ ਦੇ ਪ੍ਰਚਾਰ ਪ੍ਰਸਾਰ ਬਾਰੇ ਭਾਵਪੂਰਨ ਵਿਚਾਰ ਪੇਸ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸ ਦੌਰਾਨ ਮਤਾ ਪਾਸ ਕਰਕੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਗੁਰਮੁਖੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਮੁਖੀ ਦਿਵਸ ਨੂੰ ਸਮਰਪਿਤ ਇਹ ਸੈਮੀਨਾਰ ਕਰਵਾਇਆ ਗਿਆ ਹੈ। ਸੈਮੀਨਾਰ ਦੀ ਆਰੰਭਤਾ ਮੌਕੇ ਪਰਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਗੁਰਮੁਖੀ ਲਿਪੀ ਦੇ ਪ੍ਰਚਾਰ ਪ੍ਰਸਾਰ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ।
ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਗੁਰਮੁਖੀ ਲਿਪੀ ਸਿੱਖ ਗੁਰੂ ਸਾਹਿਬਾਨ ਦੀ ਮਹਾਨ ਦੇਣ ਅਤੇ ਸਾਡੀ ਮਾਂ-ਬੋਲੀ ਪੰਜਾਬੀ ਦੀ ਅਹਿਮ ਪਛਾਣ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਗੁਰਮੁਖੀ ਅੱਖਰਾਂ ਵਿਚ ਦਰਜ ਹੈ ਅਤੇ ਇਸ ਦੇ ਲਗਾਂ-ਮਾਤਰਾਂ ਤੇ ਸ਼ਬਦ-ਜੋੜਾਂ ਦਾ ਸ਼ੁੱਧ ਉਚਾਰਨ ਅਤੇ ਅਰਥਾਂ ਦੀ ਸਹੀ ਸਮਝ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਅਨੁਵਾਦ ਹੋਰਨਾਂ ਭਾਸ਼ਾਵਾਂ ਵਿੱਚ ਇਸ ਦੇ ਸੰਦੇਸ਼ ਦੇ ਪ੍ਰਸਾਰ ਲਈ ਸਹਾਈ ਹਨ, ਪਰ ਮੂਲ ਗੁਰਬਾਣੀ ਦੇ ਸ਼ੁੱਧ ਉਚਾਰਨ ਅਤੇ ਭਾਸ਼ਾਈ ਬਾਰੀਕੀਆਂ ਨੂੰ ਸਮਝਣ ਲਈ ਗੁਰਮੁਖੀ ਦਾ ਗਿਆਨ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਚਿੰਤਾ ਦੀ ਗੱਲ ਹੈ ਕਿ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਸਿੱਖਿਆ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਵਿਚ ਵੀ ਪੈਂਤੀ ਅੱਖਰੀ ਦੇ ਸ਼ੁੱਧ ਉਚਾਰਨ ਪ੍ਰਤੀ ਲੋੜੀਂਦੀ ਜਾਗਰੂਕਤਾ ਦੀ ਘਾਟ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਹੈ ਕਿ ਗੁਰਮੁਖੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰੀਏ, ਤਾਂ ਜੋ ਗੁਰਬਾਣੀ ਦੀ ਸ਼ੁੱਧਤਾ, ਪੰਜਾਬੀ ਦੀ ਅਮੀਰੀ ਅਤੇ ਸਾਡੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਸੁਰੱਖਿਅਤ ਪਹੁੰਚ ਸਕੇ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਦੇ ਪ੍ਰੋਫ਼ੈਸਰ ਤੇ ਮੁਖੀ ਡਾ. ਪਰਮਵੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਨਿਯਮਬੱਧ ਤੇ ਪ੍ਰਚੱਲਤ ਕਰਨ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਗੁਰਮੁਖੀ ਸਿਰਫ਼ ਲਿਖਣ ਪੜ੍ਹਨ ਦਾ ਸਾਧਨ ਹੀ ਨਹੀਂ, ਸਗੋਂ ਗੁਰਬਾਣੀ ਨੂੰ ਪੜ੍ਹਣ ਸਮਝਣ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੁੜਨ ਦਾ ਮਾਧਿਅਮ ਵੀ ਹੈ। ਇਸ ਲਈ ਹਰ ਸਿੱਖ ਨੂੰ ਗੁਰਮੁਖੀ ਅੱਖਰਾਂ ਦੀ ਪਛਾਣ ਕਰਨੀ ਅਤੇ ਨਵੀਂ ਪੀੜ੍ਹੀ ਨੂੰ ਇਹ ਲਿਪੀ ਸਿਖਾਉਣ ਲਈ ਆਪਣੀ ਜ਼ੁੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੋਰ ਭਾਸ਼ਾਵਾਂ ਸਿੱਖਣਾ ਚੰਗੀ ਗੱਲ ਹੈ, ਪਰ ਆਪਣੀ ਮਾਂ ਬੋਲੀ ਅਤੇ ਗੁਰਮੁਖੀ ਲਿਪੀ ਨਾਲ ਜੁੜੇ ਰਹਿਣਾ ਸਾਡੀ ਇਤਿਹਾਸਕ ਵਿਰਾਸਤ ਅਤੇ ਗੁਰਬਾਣੀ ਨਾਲ ਸਾਂਝ ਨੂੰ ਮਜ਼ਬੂਤ ਕਰਨ ਲਈ ਬੇਹੱਦ ਜ਼ਰੂਰੀ ਹੈ।
ਇਸੇ ਦੌਰਾਨ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਗੁਰਮੁਖੀ ਸਿਰਫ਼ ਲਿਪੀ ਨਹੀਂ, ਸਗੋਂ ਗੁਰਮਤਿ ਵਿਚਾਰਧਾਰਾ, ਗੁਰਬਾਣੀ ਅਤੇ ਗੁਰਮੁਖੀ ਜੀਵਨ ਜਾਂਚ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਅਜਿਹੀ ਭਾਸ਼ਾ ਤੇ ਲਿਪੀ ਨਾਲ ਜੋੜਿਆ, ਜਿਸ ਰਾਹੀਂ ਉਹ ਗੁਰਬਾਣੀ ਦੇ ਗਿਆਨ ਨੂੰ ਸਮਝ ਸਕਣ ਅਤੇ ਆਪਣੇ ਜੀਵਨ ਵਿਚ ਧਾਰਨ ਕਰਨ ਸਕਣ। ਉਨ੍ਹਾਂ ਕਿਹਾ ਕਿ ਗੁਰਮੁਖੀ ਲਿਪੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ ਸਿੱਖ ਪੰਥ ਦੀ ਵਿਲੱਖਣ ਪਛਾਣ ਅਤੇ ਸਵੈਮਾਣ ਨੂੰ ਮਜ਼ਬੂਤ ਕੀਤਾ। ਅੱਜ ਲੋੜ ਹੈ ਕਿ ਅਸੀਂ ਗੁਰਮੁਖੀ ਲਿਪੀ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਨੂੰ ਆਪਣੀ ਸਾਂਝੀ ਜ਼ੁੰਮੇਵਾਰੀ ਸਮਝੀਏ।
ਸੈਮੀਨਾਰ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਜ਼ੁੰਮੇਵਾਰੀ ਡਾ. ਰਾਜਵਿੰਦਰ ਸਿੰਘ ਜੋਗਾ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸਾਬਕਾ ਸਕੱਤਰ ਸ. ਵਰਿਆਮ ਸਿੰਘ ਤੇ ਸਾਬਕਾ ਮੀਤ ਸਕੱਤਰ ਸ. ਜਸਪਾਲ ਸਿੰਘ ਢੱਡੇ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਇੰਚਾਰਜ ਸ. ਹਰਜਿੰਦਰ ਸਿੰਘ, ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਪ੍ਰਿੰਸੀਪਲ ਹਰਮਨਪ੍ਰੀਤ ਸਿੰਘ, ਪ੍ਰਿੰਸੀਪਲ ਰੁਪਿੰਦਰ ਸਿੰਘ, ਪ੍ਰਿੰਸੀਪਲ ਸ. ਸੁਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸੁਪਰਵਾਈਜ਼ਰ ਸ. ਭੁਪਿੰਦਰ ਸਿੰਘ, ਸ੍ਰੀ ਗੋਇੰਦਵਾਲ ਸਿੰਘ ਦੇ ਮੈਨੇਜਰ ਸ. ਨਿਰਮਲ ਸਿੰਘ ਕਾਹਲਵਾਂ, ਮੈਨੇਜਰ ਸ. ਪਰਮਜੀਤ ਸਿੰਘ ਸਮੇਤ ਵਿਦਿਆਰਥੀ ਅਤੇ ਸੰਗਤਾਂ ਹਾਜ਼ਰ ਸਨ।
